ਹਰਸਿਮਰਤ ਕੌਰ ਬਾਦਲ ਦੀ ਅਗਵਾਈ ’ਚ ਇਸਤਰੀ ਅਕਾਲੀ ਦਲ ਵੱਲੋਂ ਪ੍ਰਦਰਸ਼ਨ
ਮੁੱਖ ਮੰਤਰੀ ਦੀ ਕੋਠੀ ਵੱਲ ਮਾਰਚ ਕਰ ਰਹੀਆਂ ਵਰਕਰਾਂ ਨੂੰ ਚੰਡੀਗੜ੍ਹ ਪੁਲਿਸ ਨੇ ਹਿਰਾਸਤ ’ਚ ਲਿਆ
ਚੰਡੀਗੜ੍ਹ, 5 ਸਤੰਬਰ। ਇਸਤਰੀ ਅਕਾਲੀ ਦਲ ਵੱਲੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਦੀ ਅਗਵਾਈ ਹੇਠ ਸ਼ਨੀਵਾਰ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਵੱਲ ਮਾਰਚ ਕੀਤਾ ਗਿਆ। ਪ੍ਰਦਰਸ਼ਨਕਾਰੀ ਪੰਜਾਬ ਦੀਆਂ ਧੀਆਂ ਨਾਲ ਇਨਸਾਫ਼ ਅਤੇ ਕਥਿਤ ਤੌਰ ’ਤੇ ਬਲਾਤਕਾਰ ਦੇ ਮਾਮਲੇ ਵਿੱਚ ਸਰਕਾਰ ਦੀ ਭੂਮਿਕਾ ਨੂੰ ਲੈ ਕੇ ਜਵਾਬਦੇਹੀ ਦੀ ਮੰਗ ਕਰ ਰਹੀਆਂ ਸਨ।
ਮੁੱਖ ਮੰਤਰੀ ਦੀ ਕੋਠੀ ਵੱਲ ਵਧ ਰਹੀਆਂ ਇਸਤਰੀ ਅਕਾਲੀ ਦਲ ਦੀਆਂ ਵਰਕਰਾਂ ਨੂੰ ਚੰਡੀਗੜ੍ਹ ਪੁਲਿਸ ਨੇ ਰਸਤੇ ਵਿੱਚ ਬੈਰੀਕੇਡ ਲਗਾ ਕੇ ਰੋਕ ਲਿਆ। ਇਸ ਦੌਰਾਨ ਪੁਲਿਸ ਨੇ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿੱਚ ਲੈ ਲਿਆ। ਪ੍ਰਦਰਸ਼ਨਕਾਰੀਆਂ ਨੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਕਿਹਾ ਕਿ ਪੰਜਾਬ ਦੀਆਂ ਧੀਆਂ ਦੀ ਆਵਾਜ਼ ਨੂੰ ਦਬਾਇਆ ਨਹੀਂ ਜਾ ਸਕਦਾ।
ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਵੱਡੀ ਗਿਣਤੀ ਵਿੱਚ ਪੰਜਾਬ ਦੀਆਂ ਔਰਤਾਂ ਇਨਸਾਫ਼ ਦੀ ਆਵਾਜ਼ ਬੁਲੰਦ ਕਰਨ ਲਈ ਚੰਡੀਗੜ੍ਹ ਪਹੁੰਚੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਲਗਾਏ ਜਾ ਰਹੇ ਦੋਸ਼ਾਂ ਬਾਰੇ ਸਪੱਸ਼ਟ ਜਵਾਬ ਦੇਣਾ ਚਾਹੀਦਾ ਹੈ।





