ਚਾਰ ਸਾਲ ਤੋਂ ਲਮਕਾਇਆ ਹੋਇਆ ਮਾਮਲਾ, ਤੁਰੰਤ ਕਾਰਵਾਈ ਕਰੇ ਸਰਕਾਰ : ਕੁਲਜੀਤ ਸਿੰਘ ਬੇਦੀ
ਮੋਹਾਲੀ: ਮਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਸਥਾਨਕ ਸਰਕਾਰਾਂ ਬਾਰੇ ਮੰਤਰੀ ਅਤੇ ਪ੍ਰਿੰਸੀਪਲ ਸਕੱਤਰ ਨੂੰ ਪੱਤਰ ਲਿਖ ਕੇ ਮੋਹਾਲੀ ਖੇਤਰ ਦੀ ਚਾਰ ਸਾਲ ਪਹਿਲਾਂ ਵਧਾਈ ਗਈ ਹੱਦਬੰਦੀ ਨੂੰ ਤੁਰੰਤ ਲਾਗੂ ਕਰਨ ਦੀ ਮੰਗ ਕੀਤੀ ਹੈ। ਇਸ ਮਾਮਲੇ ਨੂੰ ਲੈ ਕੇ ਡਿਪਟੀ ਮੇਅਰ ਨੇ ਗੰਭੀਰ ਚਿੰਤਾ ਜ਼ਾਹਰ ਕੀਤੀ ਹੈ ਅਤੇ ਕਿਹਾ ਕਿ ਇਹ ਮਾਮਲਾ ਲੰਬੇ ਸਮੇਂ ਤੋਂ ਲੰਬਿਤ ਪਿਆ ਹੈ, ਜਿਸ ਕਾਰਨ ਸਥਾਨਕ ਲੋਕਾਂ ਨੂੰ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਡਿਪਟੀ ਮੇਅਰ ਬੇਦੀ ਨੇ ਆਪਣੇ ਪੱਤਰ ਵਿੱਚ ਦੱਸਿਆ ਕਿ ਮੋਹਾਲੀ ਖੇਤਰ ਦੀ ਹੱਦਬੰਦੀ ਵਧਾਉਣ ਬਾਰੇ ਮਤਾ ਚਾਰ ਸਾਲ ਪਹਿਲਾਂ ਪਾਸ ਕੀਤਾ ਗਿਆ ਸੀ ਅਤੇ ਇਸਦਾ ਨੋਟੀਫਿਕੇਸ਼ਨ ਵੀ ਜਾਰੀ ਕੀਤਾ ਜਾ ਚੁੱਕਾ ਹੈ। ਪਰੰਤੂ, ਹੁਣ ਤੱਕ ਇਸ ਮਤੇ ਨੂੰ ਲਾਗੂ ਨਹੀਂ ਕੀਤਾ ਗਿਆ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਹਾਈਕੋਰਟ ਵੱਲੋਂ ਵੀ ਇਸ ਮਾਮਲੇ ‘ਤੇ ਦਿਸ਼ਾ-ਨਿਰਦੇਸ਼ ਜਾਰੀ ਕੀਤੇ ਗਏ ਹਨ, ਪਰ ਫਿਰ ਵੀ ਸਰਕਾਰੀ ਪੱਧਰ ‘ਤੇ ਕੋਈ ਠੋਸ ਕਾਰਵਾਈ ਨਹੀਂ ਹੋਈ।
ਬੇਦੀ ਨੇ ਚੇਤਾਵਨੀ ਦਿੰਦੇ ਹੋਏ ਕਿਹਾ ਕਿ ਜੇਕਰ ਇਸ ਮਾਮਲੇ ‘ਤੇ ਤੁਰੰਤ ਕਾਰਵਾਈ ਨਾ ਕੀਤੀ ਗਈ ਤਾਂ ਇਸਦੇ ਖਿਲਾਫ਼ ਅਦਾਲਤੀ ਮਾਨਹਾਨੀ ਦਾ ਕੇਸ ਦਰਜ ਕੀਤਾ ਜਾ ਸਕਦਾ ਹੈ। ਉਨ੍ਹਾਂ ਨੇ ਕਿਹਾ ਕਿ ਇਹ ਮਾਮਲਾ ਹੁਣ ਸਰਕਾਰੀ ਪੱਧਰ ‘ਤੇ ਰੁਕਿਆ ਹੋਇਆ ਹੈ ਅਤੇ ਇਸਨੂੰ ਤੁਰੰਤ ਹੱਲ ਕਰਨ ਦੀ ਲੋੜ ਹੈ। ਇਸ ਲਈ, ਉਨ੍ਹਾਂ ਨੇ ਮੰਤਰੀ ਨੂੰ ਸੁਝਾਅ ਦਿੱਤਾ ਕਿ ਇਸ ਪੈਂਡਿੰਗ ਮਾਮਲੇ ਨੂੰ ਤੁਰੰਤ ਹੱਲ ਕੀਤਾ ਜਾਵੇ ਅਤੇ ਇਲਾਕੇ ਦੀ ਹੱਦਬੰਦੀ ਨੂੰ ਵਧਾਉਣ ਦਾ ਮਤਾ ਲਾਗੂ ਕੀਤਾ ਜਾਵੇ।
ਡਿਪਟੀ ਮੇਅਰ ਨੇ ਕਿਹਾ ਕਿ ਇਹ ਮਾਮਲਾ ਨਾ ਸਿਰਫ਼ ਪ੍ਰਸ਼ਾਸਨਿਕ ਪੱਧਰ ‘ਤੇ ਮਹੱਤਵਪੂਰਨ ਹੈ, ਬਲਕਿ ਇਹ ਸਥਾਨਕ ਲੋਕਾਂ ਦੇ ਹਿੱਤ ਨਾਲ ਵੀ ਜੁੜਿਆ ਹੋਇਆ ਹੈ। ਜੇਕਰ ਇਸ ਮਾਮਲੇ ਨੂੰ ਹੱਲ ਨਾ ਕੀਤਾ ਗਿਆ ਤਾਂ ਇਸਦੇ ਲਈ ਕਾਨੂੰਨੀ ਰਾਹ ਅਪਣਾਉਣਾ ਪਵੇਗਾ।
ਉਹਨਾਂ ਕਿਹਾ ਕਿ ਮੋਹਾਲੀ ਨਗਰ ਨਿਗਮ ਵਿੱਚ ਸ਼ਾਮਿਲ ਕੀਤੇ ਇਲਾਕਿਆਂ ਦੇ ਸਥਾਨਕ ਲੋਕਾਂ ਦਾ ਕਹਿਣਾ ਹੈ ਕਿ ਹੱਦਬੰਦੀ ਨਾ ਵਧਾਏ ਜਾਣ ਕਾਰਨ ਉਨ੍ਹਾਂ ਨੂੰ ਵਿਕਾਸ ਕਾਰਜਾਂ ਅਤੇ ਬੁਨਿਆਦੀ ਸਹੂਲਤਾਂ ਦੇ ਮਾਮਲੇ ਵਿੱਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਕਿਹਾ ਕਿ ਇਹਨਾਂ ਇਲਾਕਿਆਂ ਦੇ ਲੋਕ ਚਾਹੁੰਦੇ ਹਨ ਕਿ ਸਰਕਾਰ ਇਸ ਮਾਮਲੇ ‘ਤੇ ਤੁਰੰਤ ਕਾਰਵਾਈ ਕਰੇ ਅਤੇ ਇਲਾਕੇ ਦੀ ਹੱਦਬੰਦੀ ਨੂੰ ਵਧਾਉਣ ਦਾ ਮਤਾ ਲਾਗੂ ਕੀਤਾ ਜਾਵੇ।
