ਨੌਜਵਾਨਾਂ, ਸਾਬਕਾ ਪੰਚਾਂ-ਸਰਪੰਚਾਂ ਅਤੇ ਕਾਂਗਰਸੀ ਆਗੂਆਂ ਵਿੱਚ ਦਿਖਿਆ ਭਾਰੀ ਉਤਸ਼ਾਹ, ਬੇਦੀ ਬੋਲੇ– ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਲੋਕਾਂ ਦੀ ਆਵਾਜ਼ ਬਣੇਗੀ ਇਹ ਰੈਲੀ
ਮੋਹਾਲੀ : ਕਾਂਗਰਸ ਪਾਰਟੀ ਵੱਲੋਂ ਅੱਜ ਸੰਗਰੂਰ ਵਿਖੇ ਕੀਤੀ ਜਾ ਰਹੀ ਵਿਸ਼ਾਲ ਰੈਲੀ ਵਿੱਚ ਸ਼ਮੂਲੀਅਤ ਕਰਨ ਲਈ ਮੋਹਾਲੀ ਤੋਂ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਵੱਡੀ ਗਿਣਤੀ ਵਿੱਚ ਕਾਂਗਰਸੀ ਆਗੂਆਂ, ਵਰਕਰਾਂ ਅਤੇ ਨੌਜਵਾਨਾਂ ਦਾ ਕਾਫਲਾ ਬੱਸਾਂ ਅਤੇ ਹੋਰ ਵਾਹਨਾਂ ਰਾਹੀਂ ਸੰਗਰੂਰ ਲਈ ਰਵਾਨਾ ਹੋਇਆ। ਇਸ ਕਾਫਲੇ ਵਿੱਚ ਨੌਜਵਾਨ ਸਾਥੀਆਂ, ਪਿੰਡਾਂ ਦੇ ਸਾਬਕਾ ਪੰਚਾਂ-ਸਰਪੰਚਾਂ, ਯੂਥ ਆਗੂਆਂ ਅਤੇ ਕਾਂਗਰਸ ਪਾਰਟੀ ਨਾਲ ਜੁੜੇ ਵੱਖ-ਵੱਖ ਅਹੁਦੇਦਾਰਾਂ ਨੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ।
ਰਵਾਨਗੀ ਸਮੇਂ ਕਾਂਗਰਸੀ ਵਰਕਰਾਂ ਅਤੇ ਸਮਰਥਕਾਂ ਵਿੱਚ ਭਾਰੀ ਜੋਸ਼ ਦੇਖਣ ਨੂੰ ਮਿਲਿਆ। ਵੱਡੀ ਗਿਣਤੀ ਵਿੱਚ ਲੋਕਾਂ ਦੀ ਸ਼ਮੂਲੀਅਤ ਨੇ ਇਹ ਦਰਸਾਇਆ ਕਿ ਪੰਜਾਬ ਦੇ ਨੌਜਵਾਨ ਅਤੇ ਆਮ ਲੋਕ ਨਸ਼ਿਆਂ ਦੇ ਮੁੱਦੇ ਨੂੰ ਲੈ ਕੇ ਕਿੰਨੇ ਗੰਭੀਰ ਹਨ ਅਤੇ ਇਸ ਸਬੰਧੀ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਕਰ ਰਹੇ ਹਨ।
ਇਸ ਮੌਕੇ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਸੰਗਰੂਰ ਦੀ ਇਹ ਰੈਲੀ ਪੰਜਾਬ ਦੀ ਸਿਆਸਤ ਵਿੱਚ ਇੱਕ ਅਹਿਮ ਮੋੜ ਸਾਬਤ ਹੋਵੇਗੀ। ਰਾਹੁਲ ਗਾਂਧੀ ਦੀ ਅਗਵਾਈ ਹੇਠ ਇਸ ਰੈਲੀ ਰਾਹੀਂ ਪੰਜਾਬ ਵਿੱਚ ਨਸ਼ਿਆਂ ਦੇ ਗੰਭੀਰ ਮੁੱਦੇ ਨੂੰ ਪ੍ਰਮੁੱਖਤਾ ਨਾਲ ਉਠਾਇਆ ਜਾਵੇਗਾ ਅਤੇ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੁੱਛਿਆ ਜਾਵੇਗਾ ਕਿ ਸੂਬੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਕੀਤੇ ਗਏ ਵਾਅਦਿਆਂ ਦਾ ਅਸਲ ਹਿਸਾਬ ਕੀ ਹੈ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਨੌਜਵਾਨਾਂ ਦਾ ਭਵਿੱਖ ਨਸ਼ਿਆਂ ਕਾਰਨ ਬਰਬਾਦ ਹੋ ਰਿਹਾ ਹੈ। ਘਰਾਂ ਦੇ ਘਰ ਉੱਜੜ ਰਹੇ ਹਨ ਅਤੇ ਮਾਪੇ ਆਪਣੇ ਬੱਚਿਆਂ ਦੇ ਭਵਿੱਖ ਨੂੰ ਲੈ ਕੇ ਚਿੰਤਤ ਹਨ। ਚੋਣਾਂ ਤੋਂ ਪਹਿਲਾਂ ਨਸ਼ਾ ਖਤਮ ਕਰਨ ਦੇ ਵੱਡੇ-ਵੱਡੇ ਦਾਅਵੇ ਕਰਨ ਵਾਲੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਹੁਣ ਲੋਕਾਂ ਦੇ ਸਵਾਲਾਂ ਦੇ ਜਵਾਬ ਦੇਣੇ ਪੈਣਗੇ।
ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਇਹ ਰੈਲੀ ਮੌਜੂਦਾ ਸਰਕਾਰ ਦੇ ਖਿਲਾਫ ਲੋਕਾਂ ਦੇ ਵਧ ਰਹੇ ਰੋਸ ਅਤੇ ਬਦਲਾਅ ਦੀ ਇੱਛਾ ਦਾ ਪ੍ਰਗਟਾਵਾ ਕਰੇਗੀ। ਉਨ੍ਹਾਂ ਕਿਹਾ ਕਿ ਇਹ ਰੈਲੀ ਆਮ ਆਦਮੀ ਪਾਰਟੀ ਸਰਕਾਰ ਦੇ ਕਫਨ ਵਿੱਚ ਆਖਰੀ ਕਿੱਲ ਸਾਬਤ ਹੋਵੇਗੀ ਅਤੇ ਪੰਜਾਬ ਵਿੱਚੋਂ ਇਸ ਸਰਕਾਰ ਦਾ ਬੋਰੀਆ-ਬਿਸਤਰਾ ਸਮੇਟਣ ਲਈ ਰਾਜਨੀਤਿਕ ਜ਼ਮੀਨ ਤਿਆਰ ਕਰੇਗੀ।
ਉਨ੍ਹਾਂ ਅੱਗੇ ਕਿਹਾ ਕਿ ਆਉਣ ਵਾਲੇ ਸਮੇਂ ਵਿੱਚ ਪੰਜਾਬ ਅੰਦਰ ਕਾਂਗਰਸ ਪਾਰਟੀ ਦੀ ਸਰਕਾਰ ਹਰ ਹਾਲਤ ਵਿੱਚ ਬਣੇਗੀ ਕਿਉਂਕਿ ਕਾਂਗਰਸ ਦਾ ਟੀਚਾ ਸਿਰਫ਼ ਸੱਤਾ ਹਾਸਲ ਕਰਨਾ ਨਹੀਂ, ਸਗੋਂ ਪੰਜਾਬ ਨੂੰ ਮੁੜ ਖੁਸ਼ਹਾਲ ਬਣਾਉਣਾ, ਨੌਜਵਾਨਾਂ ਨੂੰ ਰੁਜ਼ਗਾਰ ਦੇ ਮੌਕੇ ਪ੍ਰਦਾਨ ਕਰਨਾ ਅਤੇ ਨਸ਼ਾ ਮੁਕਤ ਤੇ ਭ੍ਰਿਸ਼ਟਾਚਾਰ ਮੁਕਤ ਪੰਜਾਬ ਦੀ ਸਿਰਜਣਾ ਕਰਨਾ ਹੈ।
ਉਨ੍ਹਾਂ ਅੱਜ ਦੇ ਕਾਫਲੇ ਵਿੱਚ ਸ਼ਾਮਲ ਹੋਣ ਵਾਲੇ ਸਮੂਹ ਨੌਜਵਾਨ ਸਾਥੀਆਂ, ਪਿੰਡਾਂ ਦੇ ਸਾਬਕਾ ਪੰਚਾਂ-ਸਰਪੰਚਾਂ, ਯੂਥ ਆਗੂਆਂ, ਕਾਂਗਰਸੀ ਵਰਕਰਾਂ ਅਤੇ ਪਾਰਟੀ ਦੇ ਅਹੁਦੇਦਾਰਾਂ ਦਾ ਵਿਸ਼ੇਸ਼ ਤੌਰ ‘ਤੇ ਧੰਨਵਾਦ ਕਰਦਿਆਂ ਕਿਹਾ ਕਿ ਸਾਰਿਆਂ ਨੇ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਕੇ ਇਸ ਮੁਹਿੰਮ ਨੂੰ ਹੋਰ ਮਜ਼ਬੂਤੀ ਦਿੱਤੀ ਹੈ।
ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਅੱਜ ਦਾ ਇਹ ਇਕੱਠ ਸਿਰਫ਼ ਇੱਕ ਰੈਲੀ ਵਿੱਚ ਸ਼ਮੂਲੀਅਤ ਕਰਨ ਲਈ ਨਹੀਂ, ਬਲਕਿ ਇੱਕ ਨਵੇਂ, ਖੁਸ਼ਹਾਲ ਅਤੇ ਨਸ਼ਾ ਮੁਕਤ ਪੰਜਾਬ ਦੀ ਸਿਰਜਣਾ ਦੇ ਸੰਕਲਪ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਹੁਣ ਆਪਣੇ ਬੱਚਿਆਂ ਲਈ ਸੁਰੱਖਿਅਤ ਭਵਿੱਖ, ਨੌਜਵਾਨਾਂ ਲਈ ਰੁਜ਼ਗਾਰ ਅਤੇ ਸੂਬੇ ਵਿੱਚੋਂ ਨਸ਼ਿਆਂ ਦੇ ਖਾਤਮੇ ਦੀ ਉਮੀਦ ਰੱਖਦੇ ਹਨ।





