ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੇ ਹੁਣ ਤੱਕ 130 ਕੈਂਪ ਲਗਾਏ
ਸਾਹਿਬਜ਼ਾਦਾ ਅਜੀਤ ਸਿੰਘ ਨਗਰ :
ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ‘ਆਪ ਦੀ ਸਰਕਾਰ ਆਪ ਦੇ ਦੁਆਰ’ ਕੈਂਪ ਉਨ੍ਹਾਂ ਵਸਨੀਕਾਂ ਲਈ ਵਰਦਾਨ ਸਾਬਤ ਹੋਏ ਜਿਨ੍ਹਾਂ ਨੂੰ ਕਿਸੇ ਨਾ ਕਿਸੇ ਕਾਰਨ ਸਰਕਾਰੀ ਦਫ਼ਤਰਾਂ ਵਿੱਚ ਜਾਣ ਵਿੱਚ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਅੱਜ ਇੱਥੇ ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਨੇ ਦੱਸਿਆ ਕਿ ਕੈਂਪਾਂ ਵਿੱਚ ਪਿਛਲੇ ਦਿਨ ਤੱਕ 4786 ਵਸਨੀਕਾਂ ਨੂੰ ਵੱਖ-ਵੱਖ ਸੇਵਾਵਾਂ ਦਿੱਤੀਆਂ ਗਈਆਂ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਅਮਲ ਵਿੱਚ ਲਿਆਂਦੇ ਇਸ ਸੰਕਲਪ ਦਾ ਉਦੇਸ਼ ਸਰਕਾਰੀ ਦਫ਼ਤਰਾਂ ਨਾਲ ਸਬੰਧਤ ਸਮੱਸਿਆਵਾਂ ਦਾ ਨਿਪਟਾਰਾ ਉਨ੍ਹਾਂ ਦੇ ਬੂਹੇ ‘ਤੇ ਕਰਨਾ ਹੈ। ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਘਰ-ਘਰ ਸੇਵਾਵਾਂ ਦੇਣ ਦੀ ਸਕੀਮ ਤਹਿਤ 43 ਸੇਵਾਵਾਂ ਸ਼ੁਰੂ ਕੀਤੀਆਂ ਗਈਆਂ ਸਨ। ਇਸ ਸਕੀਮ ਅਧੀਨ ਸੇਵਾਵਾਂ ਦਾ ਲਾਭ ਟੋਲ-ਫ੍ਰੀ ਨੰਬਰ 1076 ‘ਤੇ ਡਾਇਲ ਕਰਕੇ ਲਿਆ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਅਨੁਸਾਰ ‘ਆਪ ਦੀ ਸਰਕਾਰ ਆਪ ਦੇ ਦੁਆਰ’ ਤਹਿਤ ਲਗਾਏ ਜਾ ਰਹੇ ਕੈਂਪ ਸਾਰੇ ਵਿਭਾਗਾਂ ਨੂੰ ਇੱਕ ਪਿੰਡ ਜਾਂ ਵਾਰਡ ਵਿੱਚ ਇੱਕ ਛੱਤ ਹੇਠ ਲਿਆਉਣ ਅਤੇ ਕੰਮ ਨੂੰ ਮੌਕੇ ‘ਤੇ ਕਰਵਾਉਣ ਲਈ ਇੱਕ ਮਹੱਤਵਪੂਰਣ ਕਦਮ ਹੈ। “ਅਸੀਂ ਜ਼ਿਲ੍ਹੇ ਵਿੱਚ ਹੁਣ ਤੱਕ 130 ਕੈਂਪ ਲਗਾਏ ਹਨ ਅਤੇ ਕੁੱਲ ਗਿਣਤੀ 422 ਹੈ ਜੋ ਅਸੀਂ ਕਵਰ ਕਰਨੇ ਹਨ।”, ਉਨ੍ਹਾਂ ਅੱਗੇ ਦੱਸਿਆ।
ਉਨ੍ਹਾਂ ਕਿਹਾ ਕਿ ਉਪ ਮੰਡਲ ਮੈਜਿਸਟ੍ਰੇਟ, ਤਹਿਸੀਲਦਾਰ, ਨਾਇਬ ਤਹਿਸੀਲਦਾਰ ਅਤੇ ਬਲਾਕ ਵਿਕਾਸ ਅਤੇ ਪੰਚਾਇਤ ਅਫ਼ਸਰਾਂ ਨੂੰ ਹਰੇਕ ਕੈਂਪ ਦੇ ਨੋਡਲ ਅਫ਼ਸਰਾਂ ਦਾ ਕੰਮ ਸੌਂਪਿਆ ਗਿਆ ਹੈ ਅਤੇ ਹਰੇਕ ਸਬ ਡਵੀਜ਼ਨ ਵਿੱਚ ਇੱਕ ਦਿਨ ਵਿੱਚ ਘੱਟੋ-ਘੱਟ ਚਾਰ ਕੈਂਪ ਲਾਉਣ ਦਾ ਟੀਚਾ ਰੱਖਿਆ ਗਿਆ ਹੈ।
ਉਨ੍ਹਾਂ ਕਿਹਾ ਕਿ ਕੈਂਪਾਂ ਦਾ ਡਾਟਾ ਆਨਲਾਈਨ ਕੀਤਾ ਜਾ ਰਿਹਾ ਹੈ ਤਾਂ ਜੋ ਬਾਅਦ ਦੀ ਨਿਗਰਾਨੀ ਸਹੀ ਢੰਗ ਨਾਲ ਕੀਤੀ ਜਾ ਸਕੇ। ਕੈਂਪਾਂ ਵਿੱਚ ਜੋ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਉਨ੍ਹਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਸ਼ਾਮਿਲ ਹਨ।
ਉਨ੍ਹਾਂ ਜ਼ਿਲ੍ਹਾ ਨਿਵਾਸੀਆਂ ਨੂੰ ਆਪਣੇ ਨੇੜਲੇ ਕੈਂਪਾਂ ਵਿੱਚ ਪਹੁੰਚਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਕੈਂਪਾਂ ਵਿੱਚ ਜਾ ਕੇ ਵੱਧ ਤੋਂ ਵੱਧ ਲਾਭ ਲਿਆ ਜਾਵੇ। ਉਨ੍ਹਾਂ ਦੱਸਿਆ ਕਿ ਲੋਕਾਂ ਦੇ ਫੀਡਬੈਕ ਮੁਤਾਬਕ ਕੈਂਪਾਂ ਦੀ ਲੋਕਾਂ ਪ੍ਰਤੀ ਤਸੱਲੀਬਖਸ਼ ਪਹੁੰਚ ਰਹੀ ਹੈ ਅਤੇ ਆਉਣ ਵਾਲੇ ਲੋਕ ਵੱਖ-ਵੱਖ ਵਿਭਾਗਾਂ ਨਾਲ ਇੱਕੋ ਥਾਂ ਤੇ ਸੰਪਰਕ ਕਰਵਾਉਣ ਲਈ ਪ੍ਰਸ਼ਾਸਨ ਦਾ ਧੰਨਵਾਦ ਕਰ ਰਹੇ ਹਨ।
ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਵਿੱਚ ਲੋਕ ਹਿੱਤ ਸਕੀਮਾਂ ਅਤੇ ਲੋਕ ਪੱਖੀ ਪ੍ਰਾਪਤੀਆਂ ਨੂੰ ਦਰਸਾਉਣ ਲਈ ਐਲ ਈ ਡੀ ਵੈਨਾਂ ਵੀ ਉਪਲਬਧ ਹਨ।