ਪੰਜਾਬ ਦੀ ਆਪਣੀ ਸਿੱਖਿਆ ਨੀਤੀ ਘੜਣ ਅਤੇ ਕੌਮੀ ਸਿੱਖਿਆ ਨੀਤੀ-2020 ‘ਤੇ ਰੋਕ ਲਗਾਉਣ ਦੀ ਮੰਗ
ਸਕੂਲ ਸਿੱਖਿਆ ਡਾਇਰੈਕਟਰਾਂ ਦੇ ਸਾਰੇ ਅਹੁਦੇ ਨੌਕਰਸ਼ਾਹੀ ਦੀ ਥਾਂ ਸਿੱਖਿਆ ਸ਼ਾਸਤਰੀਆਂ ਦੇ ਹਵਾਲੇ ਕਰਨ ਦੀ ਮੰਗ
ਪੀ.ਐੱਮ. ਸ੍ਰੀ, ਐੱਸ.ਓ.ਈ. ਸਕੀਮਾਂ ਦੀ ਸਮੁੱਚੇ ਸਕੂਲੀ ਸਿੱਖਿਆ ਪ੍ਰਬੰਧ ਨੂੰ ਬਣਾਓ ਮਿਆਰੀ: ਡੀ.ਟੀ.ਐੱਫ.
ਚੰਡੀਗੜ੍ਹ : ਡੈਮੋਕ੍ਰੈਟਿਕ ਟੀਚਰਜ਼ ਫ਼ਰੰਟ (ਡੀ.ਟੀ.ਐੱਫ.) ਪੰਜਾਬ ਦੀ ਸੂਬਾ ਕਮੇਟੀ ਵੱਲੋਂ ਪੰਜਾਬ ਵਿੱਚ ਸਕੂਲੀ ਸਿੱਖਿਆ ਦੇ ਮੌਜੂਦਾ ਹਾਲਤ ਨੂੰ ਚਿੰਤਾਜਨਕ ਕਰਾਰ ਦਿੰਦਿਆਂ 8 ਅਪ੍ਰੈਲ ਨੂੰ ਚੰਡੀਗੜ੍ਹ ਵਿਖੇ ਸਿੱਖਿਆ ਸਰੋਕਾਰਾਂ ਸੰਬੰਧੀ ਸੂਬਾਈ ਅਧਿਆਪਕਾਂ ਦੀ ਕਨਵੈਨਸ਼ਨ ਕਰਕੇ ਮੁੱਖ ਮੰਤਰੀ ਪੰਜਾਬ ਨੂੰ ਮੰਗ ਪੱਤਰ ਸੌਂਪਣ ਦਾ ਫੈਸਲਾ ਕੀਤਾ ਗਿਆ ਹੈ।
ਡੀ.ਟੀ.ਐੱਫ. ਦੇ ਸੂਬਾ ਪ੍ਰਧਾਨ ਵਿਕਰਮ ਦੇਵ ਸਿੰਘ, ਜਨਰਲ ਸਕੱਤਰ ਮਹਿੰਦਰ ਕੌੜਿਆਂਵਾਲੀ ਅਤੇ ਵਿੱਤ ਸਕੱਤਰ ਅਸ਼ਵਨੀ ਅਵਸਥੀ ਨੇ ਇਸ ਸੰਬੰਧੀ ਗੱਲਬਾਤ ਕਰਦਿਆਂ ਦੱਸਿਆ ਕਿ ਸੂਬਾਈ ਕਨਵੈਨਸ਼ਨ ਵਿੱਚ ਪੰਜਾਬ ਕੈਬਿਨਟ ਵੱਲੋਂ 5 ਸਤੰਬਰ 2024 ਨੂੰ ਕੀਤੇ ਫੈਸਲੇ ਨੂੰ ਲਾਗੂ ਕਰਦਿਆਂ ਪੰਜਾਬ ਦੇ ਸਥਾਨਕ ਹਾਲਾਤਾਂ ਅਨੁਸਾਰ ‘ਵਿਗਿਆਨਕ ਲੀਹਾਂ’ ਤੇ ਸੂਬੇ ਦੀ ਆਪਣੀ ਸਿੱਖਿਆ ਨੀਤੀ ਦਾ ਖਰੜਾ ਤਿਆਰ ਕਰਨ ਦੀ ਮੰਗ ਉਭਾਰੀ ਜਾਵੇਗੀ। ਇਸ ਦੇ ਨਾਲ ਹੀ ਸਿੱਖਿਆ ਦੇ ਨਿੱਜੀਕਰਨ, ਕੇਂਦਰੀਕਰਨ, ਅਤੇ ਭਗਵਾਂਕਰਨ ਪੱਖੀ ਕੌਮੀ ਸਿੱਖਿਆ ਨੀਤੀ 2020 ਅਤੇ ਕੌਮੀ ਪਾਠਕ੍ਰਮ ਫਰੇਮਵਰਕ 2023 ਅਧਾਰਿਤ ਢਾਂਚਾਗਤ ਅਤੇ ਸਿਲੇਬਸ ਤਬਦੀਲੀਆਂ ਨੂੰ ਪੰਜਾਬ ਵਿੱਚ ਲਾਗੂ ਕਰਨ ਤੇ ਰੋਕ ਲਗਾਉਣ ਅਤੇ ਇਸ ਨੀਤੀ ਨੂੰ ਰੱਦ ਕਰਦਾ ਪੰਜਾਬ ਵਿਧਾਨ ਸਭਾ ਅੰਦਰ ਮਤਾ ਪਾਸ ਕਰਨ ਦੀ ਮੰਗ ‘ਤੇ ਚਰਚਾ ਕੀਤੀ ਜਾਵੇਗੀ।
ਇਸ ਤੋਂ ਇਲਾਵਾ ਸਿੱਖਿਆ ਨੂੰ ਭਾਰਤੀ ਸੰਵਿਧਾਨ ਦੀ ਸਮਵਰਤੀ ਸੂਚੀ ਦੀ ਥਾਂ ਰਾਜ ਸੂਚੀ ਵਿੱਚ ਦਰਜ ਕਰਨ ਦੀ ਮੰਗ ਅਧਾਰਤ ਮਤਾ ਵਿਧਾਨ ਸਭਾ ਪੰਜਾਬ ਵਿੱਚ ਪਾਸ ਕਰਕੇ ਕੇਂਦਰ ਸਰਕਾਰ ਨੂੰ ਭੇਜਣ ਦੇ ਵਿਸ਼ੇ ਨੂੰ ਵੀ ਵਿਚਾਰਿਆ ਜਾਵੇਗਾ।ਮਿਡਲ ਸਕੂਲਾਂ ਨੂੰ ਬੰਦ ਕਰਨ ਬਾਰੇ ਸਿੱਖਿਆ ਮੰਤਰੀ ਅਤੇ ਸਿੱਖਿਆ ਸਕੱਤਰ ਦੇ ਐਲਾਨ ਵਾਪਸ ਕਰਵਾਏ ਜਾਣ ਅਤੇ ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਵਿੱਚ ਹਰੇਕ ਤਰ੍ਹਾਂ ਦੀਆਂ ਖਾਲੀ ਅਸਾਮੀਆਂ ਨੂੰ ਪ੍ਰਮੋਸ਼ਨ ਅਤੇ ਸਿੱਧੀ ਭਰਤੀ ਰਾਹੀਂ ਭਰਨਾ ਯਕੀਨੀ ਬਣਾਉਣ ਦੀ ਮੰਗ ਵੀ ਉਭਾਰੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਅਕਾਦਮਿਕ ਅਤੇ ਪ੍ਰਸ਼ਾਸਕੀ ਮਾਮਲਿਆਂ ਵਿੱਚ ਸਿੱਖਿਆ ਸ਼ਾਸਤਰੀਆਂ/ਸਿੱਖਿਆ ਕਾਡਰ ਨੂੰ ਫੈਸਲਾਕੁੰਨ ਭੂਮਿਕਾ ਵਿੱਚ ਰੱਖਣ ਦੀ ਥਾਂ ਮਹੱਤਵਪੂਰਨ ਅਹੁਦੇ ਨੌਕਰਸ਼ਾਹੀ ਦੇ ਹਵਾਲੇ ਕਰਕੇ ਸਿੱਖਿਆ ਦੇ ਮਾਮਲੇ ਵਿੱਚ ਗੈਰ-ਅਕਾਦਮਿਕ ਦਖਲ ਲਗਾਤਾਰ ਵਧਾਇਆ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਡਾਇਰੈਕਟਰ ਸਕੂਲ ਐਜੂਕੇਸ਼ਨ (ਸੈਕੰਡਰੀ), ਡਾਇਰੈਕਟਰ ਸਕੂਲ ਐਜੂਕੇਸ਼ਨ (ਐਲੀਮੈਂਟਰੀ), ਡਾਇਰੈਕਟਰ ਰਾਜ ਵਿਦਿਅਕ ਖੋਜ ਅਤੇ ਸਿਖਲਾਈ ਸੰਸਥਾ( ਐਸ. ਸੀ. ਈ. ਆਰ. ਟੀ.), ਡਾਇਰੈਕਟਰ ਸਿੱਖਿਆ ਭਰਤੀ ਬੋਰਡ ਦੇ ਅਹੁਦੇ ਪੰਜਾਬ ਸਿੱਖਿਆ ਕਾਡਰ ਵਿੱਚੋਂ ਪ੍ਰਮੋਸ਼ਨ ਰਾਹੀਂ ਭਰਨ ਦਾ ਪੁਰਾਣਾ ਚਲਨ ਬਹਾਲ ਕਰਨਾ ਚਾਹੀਂਦਾ ਹੈ।
ਚੇਅਰਮੈਨ ਪੰਜਾਬ ਸਕੂਲ ਸਿੱਖਿਆ ਬੋਰਡ ਦਾ ਵੀ ਲੰਬੇ ਸਮੇਂ ਤੋਂ ਖਾਲੀ ਅਹੁਦਾ ਪੰਜਾਬ ਦੇ ਸਿੱਖਿਆ ਸ਼ਾਸਤਰੀਆਂ ਵਿੱਚੋਂ ਭਰਿਆ ਜਾਣਾ ਚਾਹੀਂਦਾ ਹੈ।
ਡੀ.ਟੀ.ਐੱਫ. ਦੇ ਸੂਬਾਈ ਪ੍ਰੈਸ ਸਕੱਤਰ ਪਵਨ ਕੁਮਾਰ ਮੁਕਤਸਰ ਨੇ ਦੱਸਿਆ ਕਿ ਚੰਡੀਗੜ੍ਹ ਕਨਵੈਨਸ਼ਨ ਦੇ ਸਮੁੱਚੇ ਪ੍ਰਬੰਧ ਅਤੇ ਰੂਪ ਰੇਖਾ ਉਲੀਕਣ ਲਈ ਸੂਬਾ ਮੀਤ ਪ੍ਰਧਾਨ ਗੁਰਪਿਆਰ ਕੋਟਲੀ ਦੀ ਕਨਵੀਨਰਸ਼ਿਪ ਹੇਠ ਸੱਤ ਮੈਂਬਰੀ ਕਮੇਟੀ (ਸਮੇਤ ਵਿਕਰਮ ਦੇਵ ਸਿੰਘ, ਮਹਿੰਦਰ ਕੌੜੀਆਂਵਾਲੀ, ਅਸ਼ਵਨੀ ਅਵਸਥੀ, ਰਾਜੀਵ ਬਰਨਾਲਾ, ਬੇਅੰਤ ਸਿੰਘ ਫੁੱਲੇਵਾਲ, ਜਗਪਾਲ ਬੰਗੀ) ਦਾ ਗਠਨ ਕੀਤਾ ਗਿਆ ਅਤੇ ਇਸ ਦੀ ਤਿਆਰੀ ਲਈ ਮਾਰਚ ਦੇ ਪਹਿਲੇ ਹਫਤੇ ਵਿੱਚ ਜਿਲ੍ਹਾ ਕਮੇਟੀਆਂ ਦੀਆਂ ਮੀਟਿੰਗ ਕਰਨ ਅਤੇ ਸਕੂਲਾਂ ਵਿੱਚ ਵੱਡੇ ਪੱਧਰ ਦੀ ਲਾਮਬੰਦੀ ਮੁਹਿੰਮ ਵਿੱਢਣ ਦਾ ਫੈਸਲਾ ਕੀਤਾ ਗਿਆ ਹੈ।
