ਪੰਜਾਬ ਚੋਣਾਂ 2027: AAP ਦੀ ਪਹਿਲੀ ਸੂਚੀ ਭਲਕੇ, 25-30 ਉਮੀਦਵਾਰਾਂ ਦੇ ਨਾਵਾਂ ’ਤੇ ਲੱਗ ਸਕਦੀ ਹੈ ਮੋਹਰ
ਦਿੱਲੀ ’ਚ ਕੇਜਰੀਵਾਲ, ਭਗਵੰਤ ਮਾਨ ਤੇ ਸੀਨੀਅਰ ਆਗੂਆਂ ਦੀ ਮੀਟਿੰਗ; ਸ਼ਨੀਵਾਰ ਦੁਪਹਿਰ 12 ਵਜੇ ਹੋ ਸਕਦੈ ਐਲਾਨ
ਨਵੀਂ ਦਿੱਲੀ: ਪੰਜਾਬ ਵਿਧਾਨ ਸਭਾ ਚੋਣਾਂ 2027 ਲਈ ਆਮ ਆਦਮੀ ਪਾਰਟੀ (AAP) ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਸ਼ਨੀਵਾਰ ਨੂੰ ਜਾਰੀ ਕੀਤੀ ਜਾ ਸਕਦੀ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਦੱਸਿਆ ਕਿ ਸੂਚੀ ਦਾ ਐਲਾਨ ਸ਼ਨੀਵਾਰ ਦੁਪਹਿਰ ਕਰੀਬ 12 ਵਜੇ ਹੋਣ ਦੀ ਸੰਭਾਵਨਾ ਹੈ।
ਇਸ ਸਬੰਧੀ ਸ਼ੁੱਕਰਵਾਰ ਨੂੰ ਨਵੀਂ ਦਿੱਲੀ ਵਿੱਚ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਮੁੱਖ ਮੰਤਰੀ ਭਗਵੰਤ ਮਾਨ ਅਤੇ ਹੋਰ ਸੀਨੀਅਰ ਆਗੂਆਂ ਵਿਚਕਾਰ ਅਹਿਮ ਮੀਟਿੰਗ ਹੋਈ। ਮੀਟਿੰਗ ਵਿੱਚ ਸੰਭਾਵੀ ਉਮੀਦਵਾਰਾਂ ਦੇ ਨਾਵਾਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਮਨੀਸ਼ ਸਿਸੋਦੀਆ ਸਮੇਤ ਕਈ ਸੀਨੀਅਰ ਆਗੂ ਮੌਜੂਦ ਰਹੇ, ਜਦਕਿ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਅਮਨ ਅਰੋੜਾ ਆਨਲਾਈਨ ਮਾਧਿਅਮ ਰਾਹੀਂ ਮੀਟਿੰਗ ਵਿੱਚ ਸ਼ਾਮਲ ਹੋਏ।
ਸੂਤਰਾਂ ਅਨੁਸਾਰ, AAP ਦੀ ਪਹਿਲੀ ਸੂਚੀ ਵਿੱਚ 25 ਤੋਂ 30 ਉਮੀਦਵਾਰਾਂ ਦੇ ਨਾਂ ਸ਼ਾਮਲ ਹੋਣ ਦੀ ਸੰਭਾਵਨਾ ਹੈ। ਹਾਲਾਂਕਿ, ਸ਼ੁੱਕਰਵਾਰ ਦੀ ਮੀਟਿੰਗ ਵਿੱਚ ਸਾਰੀਆਂ ਸੀਟਾਂ ਲਈ ਉਮੀਦਵਾਰਾਂ ਬਾਰੇ ਅੰਤਿਮ ਫੈਸਲਾ ਨਹੀਂ ਹੋ ਸਕਿਆ। ਇਸ ਲਈ ਸ਼ਨੀਵਾਰ ਸਵੇਰੇ ਪਾਰਟੀ ਦੀ ਇੱਕ ਹੋਰ ਮੀਟਿੰਗ ਹੋਵੇਗੀ, ਜਿਸ ਵਿੱਚ ਨਾਵਾਂ ਨੂੰ ਅੰਤਿਮ ਰੂਪ ਦਿੱਤਾ ਜਾ ਸਕਦਾ ਹੈ।
ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਉਮੀਦਵਾਰਾਂ ਦੀ ਪਹਿਲੀ ਸੂਚੀ ਦਾ ਐਲਾਨ ਕੀਤੇ ਜਾਣ ਦੀ ਸੰਭਾਵਨਾ ਹੈ। ਪਾਰਟੀ ਨੇ ਹਾਲੇ ਤੱਕ ਇਹ ਸਪੱਸ਼ਟ ਨਹੀਂ ਕੀਤਾ ਕਿ ਪਹਿਲੀ ਸੂਚੀ ਵਿੱਚ ਕਿੰਨੀਆਂ ਸੀਟਾਂ ਲਈ ਉਮੀਦਵਾਰ ਐਲਾਨੇ ਜਾਣਗੇ।
ਮੰਨਿਆ ਜਾ ਰਿਹਾ ਹੈ ਕਿ ਆਮ ਆਦਮੀ ਪਾਰਟੀ ਪੜਾਅਵਾਰ ਢੰਗ ਨਾਲ ਉਮੀਦਵਾਰਾਂ ਦੇ ਨਾਂ ਜਾਰੀ ਕਰ ਸਕਦੀ ਹੈ। ਜੇਕਰ ਸ਼ਨੀਵਾਰ ਨੂੰ ਸੂਚੀ ਜਾਰੀ ਹੁੰਦੀ ਹੈ, ਤਾਂ AAP ਪੰਜਾਬ ਵਿਧਾਨ ਸਭਾ ਚੋਣਾਂ ਲਈ ਉਮੀਦਵਾਰਾਂ ਦਾ ਐਲਾਨ ਕਰਨ ਵਾਲੀਆਂ ਸ਼ੁਰੂਆਤੀ ਪਾਰਟੀਆਂ ਵਿੱਚ ਸ਼ਾਮਲ ਹੋ ਸਕਦੀ ਹੈ। ਇਸ ਨਾਲ ਪਾਰਟੀ ਦੀਆਂ ਚੋਣ ਤਿਆਰੀਆਂ ਨੂੰ ਵੀ ਗਤੀ ਮਿਲਣ ਦੀ ਉਮੀਦ ਹੈ।
—————–
Punjab Elections 2027, AAP Candidate List, Bhagwant Mann, Arvind Kejriwal, Punjab Assembly Elections 2027




