ਪੰਜਾਬ ’ਚ AAP ਨੂੰ ਵੱਡਾ ਝਟਕਾ, 2 ਮੌਜੂਦਾ ਵਿਧਾਇਕਾਂ ਨੇ ਛੱਡੀ ਪਾਰਟੀ; ਸਰਕਾਰ ’ਤੇ ਲਾਏ ਗੰਭੀਰ ਦੋਸ਼
40 ਉਮੀਦਵਾਰਾਂ ਦੀ ਪਹਿਲੀ ਸੂਚੀ ਮਗਰੋਂ ਸਿਆਸੀ ਹਲਚਲ ਤੇਜ਼; ਚੇਤਨ ਸਿੰਘ ਜੌੜਾਮਾਜਰਾ ਤੇ ਹਰਮੀਤ ਸਿੰਘ ਪਠਾਣਮਾਜਰਾ ਨੇ ਚੁੱਕੇ ਨਸ਼ੇ, ਕਾਨੂੰਨ-ਵਿਵਸਥਾ ਅਤੇ ਵਿਕਾਸ ਦੇ ਮੁੱਦੇ
Punjab AAP MLA’s Resign: ਪੰਜਾਬ ਵਿੱਚ ਆਮ ਆਦਮੀ ਪਾਰਟੀ (AAP) ਨੂੰ ਵੱਡਾ ਸਿਆਸੀ ਝਟਕਾ ਲੱਗਾ ਹੈ। ਸਾਲ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਪਾਰਟੀ ਵੱਲੋਂ 40 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰਨ ਮਗਰੋਂ ਸਮਾਣਾ ਤੋਂ ਵਿਧਾਇਕ ਚੇਤਨ ਸਿੰਘ ਜੌੜਾਮਾਜਰਾ ਅਤੇ ਸਨੌਰ ਤੋਂ ਵਿਧਾਇਕ ਹਰਮੀਤ ਸਿੰਘ ਪਠਾਣਮਾਜਰਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫ਼ਾ ਦੇਣ ਦਾ ਐਲਾਨ ਕੀਤਾ ਹੈ। ਦੋਵਾਂ ਨੇ ਪ੍ਰੈੱਸ ਕਾਨਫਰੰਸ ਦੌਰਾਨ ਪੰਜਾਬ ਸਰਕਾਰ ਅਤੇ ਪਾਰਟੀ ਲੀਡਰਸ਼ਿਪ ’ਤੇ ਗੰਭੀਰ ਦੋਸ਼ ਲਾਇਆ
ਜੌੜਾਮਾਜਰਾ ਨੇ ਦੋਸ਼ ਲਾਇਆ ਕਿ ਪੰਜਾਬ ਵਿੱਚ ਨਸ਼ੇ ਦੀ ਸਮੱਸਿਆ ਵਧ ਰਹੀ ਹੈ, ਨੌਜਵਾਨਾਂ ਨੂੰ ਰੁਜ਼ਗਾਰ ਨਹੀਂ ਮਿਲ ਰਿਹਾ ਅਤੇ ਨਸ਼ੇ ਦੇ ਆਦੀ ਲੋਕਾਂ ਨੂੰ ਇਲਾਜ ਲਈ ਨਸ਼ਾ ਛੁਡਾਊ ਕੇਂਦਰਾਂ ਵਿੱਚ ਭੇਜਣ ਦੀ ਬਜਾਏ ਉਨ੍ਹਾਂ ਖ਼ਿਲਾਫ਼ ਕੇਸ ਦਰਜ ਕੀਤੇ ਜਾ ਰਹੇ ਹਨ। ਉਨ੍ਹਾਂ ਨੇ MSP, ਸਿੱਖਿਆ ਅਤੇ ਕਾਨੂੰਨ-ਵਿਵਸਥਾ ਦੇ ਮੁੱਦਿਆਂ ’ਤੇ ਵੀ ਸਰਕਾਰ ਨੂੰ ਘੇਰਿਆ।
ਉਨ੍ਹਾਂ ਨਸ਼ਿਆਂ ਖ਼ਿਲਾਫ਼ ਮੁਹਿੰਮ ਦੇ ਨਤੀਜਿਆਂ ’ਤੇ ਸਵਾਲ ਚੁੱਕਦਿਆਂ ਮਾਨਸਾ ਵਿੱਚ ਲਾਸ਼ ਨੂੰ ਪੁਲਿਸ ਵੱਲੋਂ ਕਬਜ਼ੇ ਵਿੱਚ ਲੈਣ ਦੀ ਘਟਨਾ ਅਤੇ ਝੋਟੇ ਨਾਲ ਜੁੜੇ ਮਾਮਲੇ ਦਾ ਵੀ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਬੇਅਦਬੀ ਵਿਰੁੱਧ ਕਾਨੂੰਨ ਵਿੱਚ ਸੋਧ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਦੀਆਂ ਉਮੀਦਾਂ ’ਤੇ ਵੀ ਸਰਕਾਰ ਖਰੀ ਨਹੀਂ ਉਤਰੀ। ਉਨ੍ਹਾਂ ਇਹ ਦੋਸ਼ ਵੀ ਲਾਇਆ ਕਿ ਮੰਤਰੀ ਸੁਤੰਤਰ ਤੌਰ ’ਤੇ ਫ਼ੈਸਲੇ ਨਹੀਂ ਲੈ ਸਕਦੇ ਅਤੇ ਕਈ ਅਹਿਮ ਹਦਾਇਤਾਂ ਦਿੱਲੀ ਤੋਂ ਆਉਂਦੀਆਂ ਹਨ।
ਦੂਜੇ ਪਾਸੇ, ਪਠਾਣਮਾਜਰਾ ਨੇ ਕਿਹਾ ਕਿ ਜਿਸ ਪਾਰਟੀ ਨੇ ਉਨ੍ਹਾਂ ਨੂੰ ਵਿਧਾਇਕ ਬਣਾਇਆ, ਉਸ ਨੂੰ ਛੱਡਣਾ ਆਸਾਨ ਫ਼ੈਸਲਾ ਨਹੀਂ ਸੀ, ਪਰ ਹਾਲਾਤ ਕਾਰਨ ਉਨ੍ਹਾਂ ਨੂੰ ਇਹ ਕਦਮ ਚੁੱਕਣਾ ਪਿਆ। ਉਨ੍ਹਾਂ ਦੋਸ਼ ਲਾਇਆ ਕਿ ਉਨ੍ਹਾਂ ਦੇ ਹਲਕੇ ਵਿੱਚ ਪਾਣੀ ਦੀ ਗੰਭੀਰ ਸਮੱਸਿਆ ਹੈ। ਵਿਧਾਨ ਸਭਾ ਵਿੱਚ ਇਹ ਮੁੱਦਾ ਚੁੱਕਣ ਦੇ ਬਾਵਜੂਦ ਉਨ੍ਹਾਂ ਦੀ ਆਵਾਜ਼ ਦਬਾਉਣ ਦੀ ਕੋਸ਼ਿਸ਼ ਕੀਤੀ ਗਈ।
ਪਠਾਣਮਾਜਰਾ ਨੇ ਸਰਕਾਰ ’ਤੇ ਸੂਬੇ ਦਾ ਕਰਜ਼ਾ ਵਧਾਉਣ ਅਤੇ ਵਿਕਾਸ ਕਾਰਜਾਂ ਵਿੱਚ ਅਣਗਹਿਲੀ ਦੇ ਦੋਸ਼ ਲਾਏ। ਉਨ੍ਹਾਂ ਦਾਅਵਾ ਕੀਤਾ ਕਿ ਹਲਕੇ ਦੇ ਵਿਕਾਸ ਲਈ ਮਨਜ਼ੂਰ ਕਰਵਾਏ 17 ਕਰੋੜ ਰੁਪਏ ਉਨ੍ਹਾਂ ਨੂੰ ਨਹੀਂ ਮਿਲੇ। ਉਨ੍ਹਾਂ ਇਹ ਵੀ ਕਿਹਾ ਕਿ ਟਿਕਟ ਦੇਣ ਦਾ ਭਰੋਸਾ ਦਿੱਤਾ ਜਾਂਦਾ ਰਿਹਾ ਅਤੇ ਮੁਆਫ਼ੀ ਮੰਗਣ ਲਈ ਕਿਹਾ ਗਿਆ, ਪਰ ਉਨ੍ਹਾਂ ਦੀ ਜ਼ਮੀਰ ਨੇ ਇਸ ਦੀ ਇਜਾਜ਼ਤ ਨਹੀਂ ਦਿੱਤੀ।
ਪਠਾਣਮਾਜਰਾ ਨੇ ਦਾਅਵਾ ਕੀਤਾ ਕਿ ਆਉਣ ਵਾਲੇ ਦਿਨਾਂ ਵਿੱਚ AAP ਦੇ ਹੋਰ ਆਗੂ ਵੀ ਪਾਰਟੀ ਛੱਡ ਸਕਦੇ ਹਨ। ਦੋਵਾਂ ਵਿਧਾਇਕਾਂ ਨੇ ਆਪਣੇ ਅਗਲੇ ਸਿਆਸੀ ਕਦਮ ਬਾਰੇ ਹਾਲੇ ਕੋਈ ਅੰਤਿਮ ਐਲਾਨ ਨਹੀਂ ਕੀਤਾ।
2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਦੋ ਮੌਜੂਦਾ ਵਿਧਾਇਕਾਂ ਦੇ ਅਸਤੀਫ਼ਿਆਂ ਨੇ ਪੰਜਾਬ ਦੀ ਸਿਆਸਤ ਵਿੱਚ ਨਵੀਂ ਹਲਚਲ ਪੈਦਾ ਕਰ ਦਿੱਤੀ ਹੈ।
——-
Punjab AAP crisis, Chetan Singh Jauramajra, Harmeet Singh Pathanmajra, AAP Punjab MLAs resign, Punjab politics 2027




