ਜੈਤੋ ਮੋਰਚੇ ਦੇ ਸ਼ਹੀਦਾਂ ਨੂੰ ਭੇਂਟ ਕੀਤੀ ਸ਼ਰਧਾਂਜਲੀ
ਜੈਤੋ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਸਿੱਖ ਪੰਥ ਦੇ ਦੁਸ਼ਮਣਾ ਦੇ ਟਾਕਰੇ ਲਈ ਅਕਾਲੀ ਦਲ ਦੇ ਝੰਡੇ ਹੇਠ ਏਕਤਾ ਦੀ ਅਪੀਲ ਕੀਤੀ ਤੇ ਕਿਹਾ ਕਿ ਸਿੱਖ ਕੌਮ ਨੂੰ ਵੰਡਣ ਲਈ ਅਕਾਲੀ ਦਲ ਤੇ ਸਿੱਖ ਸੰਸਥਾਵਾਂ ਨੂੰ ਕਮਜ਼ੋਰ ਕੀਤਾ ਜਾ ਰਿਹਾ ਹੈ।
ਇਥੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਜੈਤੋ ਮੋਰਚੇ ਦੀ 100ਵੀਂ ਵਰ੍ਹੇਗੰਢ ਮੌਕੇ ਆਯੋਜਿਤ ਧਾਰਮਿਕ ਸਮਾਗਮ ਨੂੰ ਸੰਬੋਧਨ ਕਰਦਿਆਂ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਸਿੱਖ ਕੌਮ ਦੇ ਦੁਸ਼ਮਣਾ ਨੇ ਮਹਿਸੂਸ ਕਰ ਲਿਆ ਹੈ ਕਿ ਸਾਡੀਆਂ ਸੰਸਥਾਵਾਂ ਹੀ ਸਾਡੀ ਤਾਕਤ ਦਾ ਸਰੋਤ ਹਨ। ਇਸੇ ਲਈ ਸ਼੍ਰੋਮਣੀ ਕਮੇਟੀ ਨੂੰ ਤੋੜ ਕੇ ਵੱਖਰੀ ਹਰਿਆਣਾ ਗੁਰਦੁਆਰਾ ਕਮੇਟੀ ਬਣਾਈ ਗਈ। ਹਾਲ ਹੀ ਵਿਚ ਮਹਾਰਾਸ਼ਟਰ ਦੀ ਕੈਬਨਿਟ ਨੇ ਤਖਤ ਸ੍ਰੀ ਹਜ਼ੂਰ ਸਾਹਿਬ ਬੋਰਡ ਵਿਚ 12 ਮੈਂਬਰ ਨਾਮਜ਼ਦ ਕਰ ਕੇ ਉਸ ’ਤੇ ਕਬਜ਼ਾ ਕਰਨ ਦਾ ਯਤਨ ਕੀਤਾ। ਪਟਨਾ ਸਾਹਿਬ ਬੋਰਡ ’ਤੇ ਕਬਜ਼ਾ ਹੋ ਗਿਆ ਹੈ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਇਹ ਸਭ ਕੁਝ ਇਸ ਕਰ ਕੇ ਹੋ ਰਿਹਾ ਹੈ ਕਿਉਂਕਿ ਸਾਡੀ ਕੌਮ ਵਿਚ ਕੁਝ ’ਗੱਦਾਰ’ ਬੈਠੇ ਹਨ। ਇਹ ਲੋਕ ਭੇਸ ਬਦਲ ਕੇ ਸਾਡੇ ਵਿਚ ਹੀ ਰਲੇ ਹੋਏ ਹਨ ਤੇ ਕੌਮ ਨੂੰ ਕਮਜ਼ੋਰ ਕਰਨ ਵਾਸਤੇ ਕੰਮ ਕਰ ਰਹੇ ਹਨ।
ਉਹਨਾਂ ਕਿਹਾ ਕਿ ਅਕਾਲੀ ਦਲ ਨੇ ਹਮੇਸ਼ਾ ਕੌਮ ਦੀ ਬੇਹਤਰੀ ਵਾਸਤੇ ਕੰਮ ਕੀਤਾ ਹੈ। ਜਦੀਂ ਸੂਬੇ ਦੀ ਭਲਾਈ ਦੀ ਜ਼ਿੰਮੇਵਾਰੀ ਸਾਨੂੰ ਸੌਂਪੀ ਸੀ ਤਾਂ ਅਸੀਂ ਵੱਡੇ ਤੇ ਛੋਟੇ ਘੱਲੂਘਾਰੇ ਸਮੇਤ ਬਾਬਾ ਬੰਦਾ ਸਿੰਘ ਬਹਾਦਰ ਦੀਆਂ ਯਾਦਗਾਰਾਂ ਬਣਾ ਕੇ ਆਪਣੇ ਅਮੀਰ ਵਿਰਸੇ ਨੂੰ ਸੰਭਾਲਿਆ। ਅਸੀਂ ਸ੍ਰੀ ਦਰਬਾਰ ਸਾਹਿਬ ਨੂੰ ਜਾਂਦੇ ਰਾਹ ਦਾ ਸੁੰਦਰੀਕਰਨ ਕੀਤਾ ਤੇ ਵਿਰਾਸਤ ਏ ਖਾਲਸਾ ਦੀ ਸਿਰਜਣਾ ਕੀਤੀ।
ਸਰਦਾਰ ਬਾਦਲ ਨੇ ਸਿੱਖ ਕੌਮ ਨੂੰ ਵੱਖਵਾਦੀ ਗਰਦਾਨਣ ਦੇ ਯਤਨਾਂ ਦੀ ਵੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਇਹ ਬਹੁਤ ਹੀ ਸ਼ਰਮ ਵਾਲੀ ਗੱਲ ਹੈ ਕਿ ਪੱਛਮੀ ਬੰਗਾਲ ਵਿਚ ਆਪਣਾ ਫਰਜ਼ ਨਿਭਾ ਰਹੇ ਸਿੱਖ ਅਫਸਰ ਨੂੰ ਖਾਲਿਸਤਾਨੀ ਦੱਸਿਆ ਗਿਆ। ਉਹਨਾਂ ਕਿਹਾ ਕਿ ਦੇਸ਼ ਨੂੰ ਯਾਦ ਰੱਖਣਾ ਚਾਹੀਦਾ ਹੈ ਕਿ ਸਾਡੇ ਪੁਰਖ਼ਿਆਂ ਨੇ ਜੈਤੋ ਮੋਰਚੇ ਨੂੰ ਦੇਸ਼ ਦੀ ਆਜ਼ਾਦ ਦੀ ਪਹਿਲੀ ਲੜਾਈ ਲਈ ਮੋਰਚਾ ਕਰਾਰ ਦਿੱਤਾ ਸੀ। ਸਿੱਖਾਂ ਨੇ ਆਜ਼ਾਦੀ ਦੇ ਸੰਘਰਸ਼ ਵਿਚ ਸਭ ਤੋਂ ਵੱਡਾ ਯੋਗਦਾਨ ਪਾਇਆ ਤੇ ਅੱਜ ਵੀ ਚੀਨ ਤੇ ਪਾਕਿਸਤਾਨ ਤੋਂ ਸਰਹੱਦਾਂ ਦੀ ਰਾਖੀ ਵਾਸਤੇ ਪਾ ਰਹੇ ਹਨ।
ਅਕਾਲੀ ਦਲ ਦੇ ਪ੍ਰਧਾਨ ਨੇ ਕੌਮ ਨੂੰ ਸਵੈ ਪੜਚੋਲ ਦਾ ਸੱਦਾ ਦਿੰਦਿਆਂ ਕਿਹਾ ਕਿ ਸਾਨੂੰ ਇਹ ਵੇਖਣਾ ਚਾਹੀਦਾ ਹੈ ਕਿ ਕਿਵੇਂ ਕਾਂਗਰਸ ਪਾਰਟੀ ਜਿਸਨੇ ਸਾਡੇ ਸਭ ਤੋਂ ਪਵਿੱਤਰ ਅਸਥਾਨ ਸ੍ਰੀ ਦਰਬਾਰ ਸਾਹਿਬ ’ਤੇ ਹਮਲਾ ਕੀਤਾ, ਪੰਜਾਬ ਵਿਚ ਆਪਣੇ ਆਪ ਨੂੰ ਮੁੜ ਖੜ੍ਹਾ ਕਰਨ ਲਈ ਪੱਬਾਂ ਭਾਰ ਹੈ। ਉਹਨਾਂਕਿਹਾ ਕਿ ਸਾਨੂੰ ਆਮ ਆਦਮੀ ਪਾਰਟੀ ਨੂੰ ਵੀ ਇਹ ਸਵਾਲ ਕਰਨ ਦੀ ਜ਼ਰੂਰਤ ਹੈ ਕਿ ਉਸਨੇ ਸੁਲਤਾਨਪੁਰ ਲੋਧੀ ਵਿਚ ਗੁਰਦੁਆਰਾ ਅਕਾਲ ਬੁੰਗਾ ’ਤੇ ਹਥਿਆਰ ਪੁਲਿਸ ਦਾ ਹਮਲਾ ਕਿਉਂ ਕਰਵਾਇਆ ?
ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸਿੱਖ ਕੌਮ ਦੀਆਂ ਸ਼ਹੀਦੀਆਂ ਨਾਲ ਸਿੱਖ ਕੌਮ ਹੋਰ ਅਮੀਰ ਹੋਈ ਹੈ ਤੇ ਇਹ ਆਉਂਦੀਆਂ ਪੀੜਤਾਂ ਵਾਸਤੇ ਸਰੋਤ ਬਣੀਆਂ ਰਹਿਣਗੀਆਂ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਮੀਤ ਪ੍ਰਧਾਨ ਰਾਜਿੰਦਰ ਸਿੰਘ ਮਹਿਤਾ, ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ, ਡਾ. ਦਲਜੀਤ ਸਿੰਘ ਚੀਮਾ, ਸੂਬਾ ਸਿੰਘ ਬਾਦਲ, ਮਨਤਾਰ ਬਰਾੜ, ਪਰਮਬੰਸ ਸਿੰਘ ਰੋਮਾਣਾ ਅਤੇ ਕੰਵਰਜੀਤ ਸਿੰਘ ਰੋਜ਼ੀ ਬਰਕੰਦੀ ਵੀ ਹਾਜ਼ਰ ਸਨ।