Follow us

27/12/2024 11:29 pm

Search
Close this search box.
Home » News In Punjabi » ਚੰਡੀਗੜ੍ਹ » ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖਨੌਰੀ ਬਾਰਡਰ ‘ਤੇ ਕਿਸਾਨ ਦੀ ਮੌਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ 

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਖਨੌਰੀ ਬਾਰਡਰ ‘ਤੇ ਕਿਸਾਨ ਦੀ ਮੌਤ ’ਤੇ ਡੂੰਘੇ ਦੁੱਖ ਦਾ ਇਜ਼ਹਾਰ 

• ਖੇਤੀਬਾੜੀ ਮੰਤਰੀ ਵੱਲੋਂ ਕਿਸਾਨਾਂ ਉੱਤੇ ਪੁਲਿਸ ਦੀ ਬੇਰਹਿਮ ਕਾਰਵਾਈ ਦੀ ਸਖ਼ਤ ਨਿੰਦਾ

ਹਰਿਆਣਾ ਪੁਲਿਸ ਵੱਲੋਂ ਕਿਸਾਨਾਂ ‘ਤੇ  ਕੀਤੇ ਜਾ ਰਹੇ ਜਬਰ ਨੂੰ ਰੋਕਣ ਲਈ ਕੇਂਦਰ ਸਰਕਾਰ ਦੇ ਫੌਰੀ ਦਖ਼ਲ ਦੀ ਮੰਗ

ਚੰਡੀਗੜ੍ਹ:

ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਖਨੌਰੀ ਬਾਰਡਰ ‘ਤੇ ਅੰਦੋਲਨਕਾਰੀ ਕਿਸਾਨਾਂ ਖ਼ਿਲਾਫ਼ ਹਰਿਆਣਾ ਪੁਲਿਸ ਦੀ ਕਥਿਤ ਬੇਰਹਿਮ ਕਾਰਵਾਈ ਵਿੱਚ ਇੱਕ ਨੌਜਵਾਨ ਕਿਸਾਨ ਦੀ ਮੌਤ ਉੱਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ ਅਤੇ ਪੁਲੀਸ ਕਾਰਵਾਈ ਦੀ ਸਖ਼ਤ ਨਿੰਦਾ ਕੀਤੀ ਹੈ। ਸ. ਖੁੱਡੀਆਂ ਨੇ ਕਿਹਾ ਕਿ ਆਪਣੇ ਹੀ ਨਾਗਰਿਕਾਂ ਵਿਰੁੱਧ ਅਜਿਹੀ ਹਿੰਸਾ ਬਰਦਾਸ਼ਤ ਨਹੀਂ ਕੀਤੀ ਜਾ ਸਕਦੀ ਅਤੇ ਉਨ੍ਹਾਂ ਨੇ ਇਸ ਜਬਰ ਨੂੰ ਰੋਕਣ ਲਈ ਕੇਂਦਰ ਸਰਕਾਰ ਨੂੰ ਤੁਰੰਤ ਦਖ਼ਲ ਦੇਣ ਲਈ ਅਪੀਲ ਕੀਤੀ ਹੈ।

ਖੇਤੀਬਾੜੀ ਮੰਤਰੀ ਨੇ ਅਪੀਲ ਕੀਤੀ ਕਿ ਕੇਂਦਰ ਸਰਕਾਰ ਨੂੰ ਤੁਰੰਤ ਅੱਗੇ ਆਉਣਾ ਚਾਹੀਦਾ ਹੈ ਅਤੇ ਸਾਡੇ ‘ਅੰਨਦਾਤਾ’ ਵਿਰੁੱਧ ਹਰਿਆਣਾ ਪੁਲਿਸ ਦੇ ਬੇਰਹਿਮੀ ਵਾਲੇ ਵਤੀਰੇ ਨੂੰ ਰੋਕਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਡੇ ਜਮਹੂਰੀ ਮੁਲਕ ਦੇ ਕਿਸਾਨ ਆਪਣੀਆਂ ਮੰਗਾਂ ਲਈ ਸ਼ਾਂਤੀਪੂਰਵਕ ਢੰਗ ਨਾਲ ਸੰਘਰਸ਼ ਕਰ ਰਹੇ ਹਨ ਅਤੇ ਹਰਿਆਣਾ ਵੱਲੋਂ ਉਨ੍ਹਾਂ ਨਾਲ ਕੀਤਾ ਜਾ ਰਿਹਾ ਸਲੂਕ ਅਤਿ-ਨਿੰਦਣਯੋਗ ਹੈ।

ਉਹਨਾਂ ਕਿਹਾ ਕਿ ਆਪਣੀਆਂ ਜਾਇਜ਼ ਮੰਗਾਂ ਲਈ ਸ਼ਾਂਤੀਪੂਰਵਕ ਤਰੀਕੇ ਨਾਲ ਆਵਾਜ਼ ਉਠਾ ਰਹੇ ਇਹ ਕਿਸਾਨ ਸਨਮਾਨ ਅਤੇ ਸੁਰੱਖਿਆ ਦੇ ਹੱਕਦਾਰ ਹਨ। ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰੀ ਦੇਸ਼ ਦੇ ਨਿਵਾਸੀ ਹੋਣ ਦੇ ਨਾਤੇ, ਕਿਸਾਨਾਂ ਨਾਲ ਇਸ ਤਰ੍ਹਾਂ ਦਾ ਬੇਰਹਿਮੀ ਵਾਲਾ ਵਤੀਰਾ ਨਹੀਂ ਕਰਨਾ ਚਾਹੀਦਾ।

ਸ. ਖੁੱਡੀਆਂ ਨੇ ਕਿਹਾ ਕਿ ਕੇਂਦਰ ਸਰਕਾਰ ਦੇ ਦੋਹਰੇ ਮਾਪਦੰਡ ਸਥਿਤੀ ਨੂੰ ਹੋਰ ਖ਼ਰਾਬ ਕਰ ਰਹੇ ਹਨ। ਇੱਕ ਪਾਸੇਂ ਜਿੱਥੇ ਕੇਂਦਰੀ ਖੇਤੀਬਾੜੀ ਮੰਤਰੀ ਅੰਦੋਲਨਕਾਰੀ ਕਿਸਾਨਾਂ ਨੂੰ ਗੱਲਬਾਤ ਦਾ ਸੱਦਾ ਦੇ ਰਹੇ ਹਨ, ਉੱਥੇ ਹੀ ਦੂਜੇ ਪਾਸੇ ਭਾਜਪਾ ਦੀ ਅਗਵਾਈ ਵਾਲੀ ਹਰਿਆਣਾ ਸਰਕਾਰ ਵੱਲੋਂ ਪੁਲਿਸ ਫੋਰਸ ਰਾਹੀਂ ਕਿਸਾਨਾਂ ਨੂੰ ਨਿਸ਼ਾਨਾ ਬਣਾਇਆ ਜਾ ਰਿਹਾ ਹੈ। ਇਹ ਆਪਾਵਿਰੋਧੀ ਪਹੁੰਚ ਇਸ ਖਿੱਤੇ ਵਿੱਚ ਲੰਬੀ ਘਾਲਣਾ ਬਾਅਦ ਆਈ ਸ਼ਾਂਤੀ ਲਈ ਖ਼ਤਰਾ ਪੈਦਾ ਕਰ ਸਕਦੀ ਹੈ ਅਤੇ ਲੋਕਤੰਤਰ ਵਿੱਚ ਸਿਰਜੋੜ ਕੇ ਮਸਲੇ ਦਾ ਹੱਲ ਕੱਢਣ ਦੀ ਭਾਵਨਾ ਨੂੰ ਕਮਜ਼ੋਰ ਕਰਦੀ ਹੈ।

ਸ: ਗੁਰਮੀਤ ਸਿੰਘ ਖੁੱਡੀਆਂ ਨੇ ਜ਼ਿਲ੍ਹਾ ਬਠਿੰਡਾ ਦੇ ਮ੍ਰਿਤਕ ਕਿਸਾਨ ਸ਼ੁਭਕਰਨ ਸਿੰਘ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਅਤੇ ਪੰਜਾਬ ਸਰਕਾਰ ਵੱਲੋਂ ਹਰ ਸੰਭਵ ਸਹਾਇਤਾ ਦੇਣ ਦਾ ਵਾਅਦਾ ਕੀਤਾ। ਸ. ਖੁੱਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਤੇ ਸੂਬਾ ਪ੍ਰਸ਼ਾਸਨ ਕਿਸਾਨਾਂ ਦੀ ਭਲਾਈ ਲਈ ਦਿੜ੍ਹ ਵਚਨਬੱਧ ਹੈ ਅਤੇ ਇਹ ਸਾਡੀ ਪ੍ਰਮੁੱਖ ਤਰਜੀਹ ਹੈ।

dawn punjab
Author: dawn punjab

Leave a Comment

RELATED LATEST NEWS

Top Headlines

ਹਲਵਾਰਾ ਤੋਂ ਏਅਰਲਾਈਨ ਦੇ ਸੰਚਾਲਨ ਲਈ ਬੋਲੀ ਪ੍ਰਕਿਰਿਆ ਜਲਦੀ ਸ਼ੁਰੂ ਕੀਤੀ ਜਾਵੇਗੀ

ਹਲਵਾਰਾ ਤੋਂ ਏਅਰਲਾਈਨ ਦੇ ਸੰਚਾਲਨ ਲਈ ਬੋਲੀ ਪ੍ਰਕਿਰਿਆ ਜਲਦੀ ਸ਼ੁਰੂ ਕੀਤੀ ਜਾਵੇਗੀ: ਰਵਨੀਤ ਸਿੰਘ ਕੇਂਦਰੀ ਰੇਲ ਰਾਜ ਮੰਤਰੀ ਫੂਡ ਪ੍ਰੋਸੈਸਿੰਗ

Live Cricket

Rashifal