ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਸਮੇਤ ਵੱਡੀ ਗਿਣਤੀ ਸੰਗਤ ਨੇ ਭਰੀ ਹਾਜ਼ਰੀ
ਸਾਹਿਬਜ਼ਾਦਾ ਅਜੀਤ ਸਿੰਘ ਨਗਰ: ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਗੁਰਪੁਰਬ ਸਬੰਧੀ ਇੱਥੋਂ ਦੇ ਇਤਿਹਾਸਕ ਗੁਰਦੁਆਰਾ ਅੰਬ ਸਾਹਿਬ ਵਿਖੇ ਪਿਛਲੇ ਤਿੰਨ ਦਿਨਾਂ ਤੋਂ ਚੱਲ ਰਿਹਾ ਸਾਲਾਨਾ ਜੋੜ-ਮੇਲਾ ਅੱਜ ਸ਼ਰਧਾ ਤੇ ਉਤਸ਼ਾਹ ਨਾਲ ਸਮਾਪਤ ਹੋ ਗਿਆ।
ਇਸ ਦੌਰਾਨ ਅੱਜ ਸਾਰਾ ਦਿਨ ਪੰਥ ਪ੍ਰਸਿੱਧ ਰਾਗੀ, ਢਾਡੀ ਅਤੇ ਪ੍ਰਚਾਰਕਾਂ ਨੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਜੀਵਨ ਅਤੇ ਸਿੱਖਿਆਵਾਂ ਦੀ ਸੰਗਤ ਨਾਲ ਸਾਂਝ ਪਾਈ।ਇਸ ਮੌਕੇ ਅੱਜ ਆਖਰੀ ਪੜਾਅ ਦੇ ਗੁਰਮਤਿ ਸਮਾਗਮ ਵਿਚ ਸ਼ਮੂਲੀਅਤ ਕਰਨ ਪੁੱਜੇ ਤਖ਼ਤ ਸ੍ਰੀ ਦਮਦਮਾ ਸਾਹਿਬ ਤਲਵੰਡੀ ਸਾਬੋ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਦੀ ਸਮੁੱਚੇ ਖ਼ਾਲਸਾ ਪੰਥ ਨੂੰ ਵਧਾਈ ਦਿੰਦਿਆਂ ਆਖਿਆ ਕਿ ਅਜੋਕੇ ਸਮੇਂ ਸਿੱਖ ਕੌਮ ਨੂੰ ਰਾਜਨੀਤਕ ਅਤੇ ਬੌਧਿਕ ਤੌਰ ‘ਤੇ ਚੇਤੰਨ ਹੋਣ ਤੋਂ ਪਹਿਲਾਂ ਆਪਣਾ ਧਾਰਮਿਕ ਪੱਖ ਮਜ਼ਬੂਤ ਕਰਨ ਦੀ ਲੋੜ ਹੈ, ਜੋ ਸਿਰਫ ਬਾਣੀ-ਬਾਣੇ ਤੇ ਸਿਮਰਨ ਦੇ ਧਾਰਨੀ ਹੋ ਕੇ ਆਪਣੀ ਸੁਰਤ ਨੂੰ ਉੱਚੀ ਲਿਵ ਵਿਚ ਢਾਲਣ ਨਾਲ ਹੋ ਸਕਦਾ ਹੈ।
ਉਨ੍ਹਾਂ ਕਿਹਾ ਕਿ ਜਿਵੇਂ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਆਪਣੇ ਨਾਲ ਹਰ ਵੇਲੇ 2200 ਘੋੜ ਸਵਾਰਾਂ ਦੀ ਫੌਜ ਤਿਆਰ-ਬਰ-ਤਿਆਰ ਰੱਖਦੇ ਸਨ, ਉਸ ਤੋਂ ਸਾਨੂੰ ਸੰਸਾਰੀ ਤੇ ਆਤਮਿਕ ਤੌਰ ‘ਤੇ ਹਰ ਵੇਲੇ ਸੁਚੇਤ ਤੇ ਸਾਵਧਾਨ ਰਹਿਣ ਦੀ ਪ੍ਰੇਰਨਾ ਮਿਲਦੀ ਹੈ।ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਸੰਬੋਧਨ ਕਰਦਿਆਂ ਆਖਿਆ ਕਿ ਸ੍ਰੀ ਗੁਰੂ ਹਰਿਰਾਇ ਸਾਹਿਬ ਜੀ ਨੇ ਸਾਨੂੰ ਸਭ ਤੋਂ ਵੱਡਾ ਸਿਧਾਂਤ ਗੁਰਬਾਣੀ ਦੇ ਅਦਬ-ਸਤਿਕਾਰ ਦਾ ਦਿੱਤਾ ਹੈ।
ਉਨ੍ਹਾਂ ਕਿਹਾ ਕਿ ਸੱਤਵੇਂ ਪਾਤਸ਼ਾਹ ਦਾ ਸਮੁੱਚਾ ਜੀਵਨ ਸੇਧਮਈ ਹੈ। ਉਨ੍ਹਾਂ ਵਲੋਂ ਵਾਤਾਵਰਨ ਨਾਲ ਪ੍ਰੇਮ ਅਤੇ ਰੋਗੀਆਂ ਲਈ ਖੋਲ੍ਹੇ ਦਵਾਖਾਨੇ ਸਾਨੂੰ ਸੇਵਾ ਕਰਨ ਤੇ ਸਿਹਤਮੰਦ ਰਹਿਣ ਦੀ ਸੇਧ ਦਿੰਦੇ ਹਨ। ਉਨ੍ਹਾਂ ਸੰਘਰਸ਼ ਕਰ ਰਹੇ ਕਿਸਾਨਾਂ ‘ਤੇ ਸਰਕਾਰ ਵਲੋਂ ਕੀਤੇ ਜਬਰ ਦੀ ਨਿੰਦਾ ਕਰਦਿਆਂ ਆਖਿਆ ਇਹ ਸਭ ਕੁਝ ਪੰਜਾਬ ਨੂੰ ਹਰ ਖੇਤਰ ਵਿਚ ਅਸਥਿਰ ਕਰਨ ਦੀਆਂ ਸਾਜ਼ਿਸ਼ਾਂ ਦਾ ਹਿੱਸਾ ਹੈ।ਇਸ ਤੋਂ ਪਹਿਲਾਂ ਗਿਆਨੀ ਸੁਖਜਿੰਦਰ ਸਿੰਘ ਨੂਹ ਅੰਬਾਲੇ ਵਾਲਿਆਂ ਅਤੇ ਭਾਈ ਗੁਰਨਾਮ ਸਿੰਘ ਮੋਹੀ ਦੇ ਢਾਡੀ ਜਥੇ ਨੇ ਇਤਿਹਾਸਕ ਵਾਰਾਂ ਨਾਲ ਸੰਗਤਾਂ ਨੂੰ ਨਿਹਾਲ ਕੀਤਾ।
ਇਸ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਭਾਈ ਗੁਰਕੀਰਤ ਸਿੰਘ, ਭਾਈ ਅਮਨਦੀਪ ਸਿੰਘ, ਭਾਈ ਦਵਿੰਦਰ ਸਿੰਘ, ਭਾਈ ਕਮਲਜੀਤ ਸਿੰਘ, ਭਾਈ ਕਰਨੈਲ ਸਿੰਘ, ਭਾਈ ਦਵਿੰਦਰ ਸਿੰਘ, ਭਾਈ ਸ਼ੌਕੀਨ ਸਿੰਘ, ਭਾਈ ਸੁਖਜਿੰਦਰ ਸਿੰਘ, ਭਾਈ ਸੁਖਜੀਤ ਸਿੰਘ, ਭਾਈ ਸ਼ਮਨਦੀਪ ਸਿੰਘ, ਭਾਈ ਸੁਰਿੰਦਰ ਸਿੰਘ, ਭਾਈ ਉਂਕਾਰ ਸਿੰਘ, ਭਾਈ ਜਗਤਾਰ ਸਿੰਘ, ਭਾਈ ਸਤਨਾਮ ਸਿੰਘ ਅਤੇ ਭਾਈ ਹਰਜੀਤ ਸਿੰਘ ਮੋਹਾਲੀ ਵਾਲਿਆਂ ਕੀਰਤਨੀ ਜਥਿਆਂ ਨੇ ਸੰਗਤ ਨੂੰ ਇਲਾਹੀ ਗੁਰਬਾਣੀ ਨਾਲ ਨਿਹਾਲ ਕੀਤਾ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਵਧੀਕ ਮੁੱਖ ਗ੍ਰੰਥੀ ਗਿਆਨੀ ਅਮਰਜੀਤ ਸਿੰਘ, ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਭਾਈ ਰਜਿੰਦਰ ਸਿੰਘ ਮਹਿਤਾ, ਸ਼੍ਰੋਮਣੀ ਕਮੇਟੀ ਦੇ ਜੂਨੀਅਰ ਮੀਤ ਪ੍ਰਧਾਨ ਗੁਰਬਖਸ਼ ਸਿੰਘ ਖ਼ਾਲਸਾ, ਸਾਬਕਾ ਸਿੱਖਿਆ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਡਾ. ਦਲਜੀਤ ਸਿੰਘ ਚੀਮਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਸ਼੍ਰੋਮਣੀ ਕਮੇਟੀ ਦੀ ਕਾਰਜਕਾਰਨੀ ਕਮੇਟੀ ਮੈਂਬਰ ਐਡਵੋਕੇਟ ਪਰਮਜੀਤ ਕੌਰ ਲਾਡਰਾਂ, ਅਜਮੇਰ ਸਿੰਘ ਖੇੜਾ, ਚਰਨਜੀਤ ਸਿੰਘ ਕਾਲੇਵਾਲ (ਦੋਵੇਂ ਸ਼੍ਰੋਮਣੀ ਕਮੇਟੀ ਮੈਂਬਰ), ਮੁੱਖ ਸੇਵਾਦਾਰ ਸ੍ਰੋਮਣੀ ਅਕਾਲੀ ਦਲ ਹਲਕਾ ਮੋਹਾਲੀ ਪਰਵਿੰਦਰ ਸਿੰਘ ਸੋਹਾਣਾ ,ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਕਰਨੈਲ ਸਿੰਘ ਪੀਰਮੁਹੰਮਦ, ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਦੇ ਮੀਡੀਆ ਸਲਾਹਕਾਰ ਤਲਵਿੰਦਰ ਸਿੰਘ ਬੁੱਟਰ, ਇਸਤਰੀ ਅਕਾਲੀ ਆਗੂ ਬੀਬੀ ਕੁਲਦੀਪ ਕੌਰ ਕੰਗ, ਐਡਵੋਕੇਟ ਸਿਮਰਨਜੀਤ ਸਿੰਘ ਚੰਦੂਮਾਜਰਾ, ਗੁਰਦੁਆਰਾ ਅੰਬ ਸਾਹਿਬ ਦੇ ਮੈਨੇਜਰ ਅਮਰਜੀਤ ਸਿੰਘ ਜਿੰਦਬੜੀ, ਕਥਾਵਾਚਕ ਗਿਆਨੀ ਚਰਨਜੀਤ ਸਿੰਘ, ਹਰਵਿੰਦਰ ਸਿੰਘ ਫਲਾਇੰਗ ਅਧਿਕਾਰੀ, ਗੁਲਵਿੰਦਰ ਸਿੰਘ ਗੁਰਦੁਆਰਾ ਇੰਸਪੈਕਟਰ, ਪਰਮਜੀਤ ਸਿੰਘ ਗੁਰਦੁਆਰਾ ਇੰਸਪੈਕਟਰ, ਇੰਜੀਨੀਅਰ ਸਰਬਜੀਤ ਸਿੰਘ ਮਹੋਲ, ਸੁਰਿੰਦਰ ਸਿੰਘ ਕਿਸ਼ਨਪੁਰਾ, ਸਰਬਜੀਤ ਸਿੰਘ ਪਾਰਸ, ਕਮਲਜੀਤ ਸਿੰਘ ਰੂਬੀ ਪ੍ਰਧਾਨ (ਸ਼ਹਿਰੀ), ਗੁਰਦੁਆਰਾ ਤਾਲਮੇਲ ਕਮੇਟੀ ਮੋਹਾਲੀ ਦੇ ਸਮੂਹ ਮੈਂਬਰ ਸਾਹਿਬਾਨ, ਹਰਜਿੰਦਰ ਸਿੰਘ ਸੂਰੀ, ਜਗਜੀਤ ਸਿੰਘ ਅਕਾਊਟੈਂਟ,ਚਰਨਜੀਤ। ਇਸ ਮੌਕੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ।