Follow us

06/10/2024 8:54 pm

Search
Close this search box.
Home » News In Punjabi » ਚੰਡੀਗੜ੍ਹ » ਆਸ਼ਿਕਾ ਜੈਨ ਨੇ ਨੌਜਵਾਨਾਂ ਨੂੰ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿੱਚ ਸ਼ਮੂਲੀਅਤ ਕਰਨ ਲਈ ਕੀਤੀ ਸਵੀਪ ਟੀਮ ਦੀ ਅਗਵਾਈ 

ਆਸ਼ਿਕਾ ਜੈਨ ਨੇ ਨੌਜਵਾਨਾਂ ਨੂੰ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿੱਚ ਸ਼ਮੂਲੀਅਤ ਕਰਨ ਲਈ ਕੀਤੀ ਸਵੀਪ ਟੀਮ ਦੀ ਅਗਵਾਈ 

‘ਇਸ ਵਾਰ 70 ਪਾਰ’ ਦੇ ਟੀਚੇ ਦੀ ਪੂਰਤੀ ਲਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਸਰਗਰਮੀਆਂ ਤੇਜ਼ ਕੀਤੀਆਂ: ਆਸ਼ਿਕਾ ਜੈਨ 

 ਸਾਹਿਬਜ਼ਾਦਾ ਅਜੀਤ ਸਿੰਘ ਨਗਰ : 

 ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਨਵੇਂ ਬਣੇ ਮਹਾਰਾਜਾ ਯਾਦਵਿੰਦਰ ਸਿੰਘ ਅੰਤਰਰਾਸ਼ਟਰੀ ਕ੍ਰਿਕਟ ਸਟੇਡੀਅਮ, ਮੁੱਲਾਂਪੁਰ ਵਿੱਚ ਹੋਏ ਆਈ.ਪੀ.ਐੱਲ. ਮੈਚ ਦੌਰਾਨ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਪਹਿਲ ਕਦਮੀ ਸਦਕਾ ਸਰਕਾਰੀ ਬਹੁਤਕਨੀਕੀ ਕਾਲਜ ਖੂਨੀ ਮਾਜਰਾ ਅਤੇ ਪੀ ਟੀ ਯੂ ਕੈਂਪਸ ਮੋਹਾਲੀ ਦੇ ਇਲੈਕਟੋਰਲ ਲਿਟਰੇਸੀ ਕਲੱਬ ਦੇ 400 ਪਹਿਲੀ ਵਾਰ ਵੋਟਰ ਬਣੇ ਮੈਂਬਰਾਂ ਨੇ ਮੈਚ ਵੇਖਣ ਆਏ ਕ੍ਰਿਕਟ ਪ੍ਰੇਮੀਆਂ ਨੂੰ ਵੱਧ ਚੜ੍ਹ ਕੇ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਡਿਪਟੀ ਕਮਿਸ਼ਨਰ ਨੇ ਨਾ ਸਿਰਫ਼ ਜ਼ਿਲ੍ਹਾ ਸਵੀਪ ਟੀਮ ਦੀ ਅੱਗੇ ਹੋ ਕੇ ਅਗਵਾਈ ਕੀਤੀ, ਸਗੋਂ ਖੁਦ ਵੀ ਬਹੁਤ ਸਾਰੇ ਨੌਜਵਾਨਾਂ ਨਾਲ ਗੱਲ ਕਰਕੇ ਉਨ੍ਹਾਂ ਨੂੰ ਲੋਕਤੰਤਰ ਦੇ ਸਭ ਤੋਂ ਵੱਡੇ ਤਿਉਹਾਰ ਵਿੱਚ ਸ਼ਮੂਲੀਅਤ ਕਰਨ ਲਈ ਉਤਸ਼ਾਹਿਤ ਕੀਤਾ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕ ਸਭਾ ਚੋਣਾਂ 2024 ਦੌਰਾਨ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ‘ਇਸ ਵਾਰ 70 ਪਾਰ’ ਦਾ ਟੀਚਾ ਦਿੱਤਾ ਗਿਆ ਹੈ ਅਤੇ ਉਨ੍ਹਾਂ ਦੀ ਪੂਰੀ ਕੋਸ਼ਿਸ਼ ਹੈ ਕਿ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ਵਿੱਚ ਇਸ ਟੀਚੇ ਦੀ ਪ੍ਰਾਪਤੀ ਤੋਂ ਵੀ ਅਗਾਂਹ ਜਾਂਦਿਆਂ ਇਹ ਪ੍ਰਤੀਸ਼ਤਤਾ 80 ਫ਼ੀਸਦੀ ਕੀਤੀ ਜਾਵੇ।

ਉਨ੍ਹਾਂ ਦੱਸਿਆ ਕਿ ਮੈਚ ਦੌਰਾਨ ਸਵੀਪ (ਸਿਸਟੇਮੈਟਿਕ ਵੋਟਰ ਐਜੂਕੇਸ਼ਨ ਅਤੇ ਇਲੈਕਟੋਰਲ ਪਾਰਟੀਸੀਪੇਸ਼ਨ) ਪ੍ਰੋਗਰਾਮ ਵੀ ਇਸੇ ਲੜੀ ਤਹਿਤ ਕਰਵਾਇਆ ਗਿਆ। ਜ਼ਿਕਰਯੋਗ ਹੈ ਕਿ ਸਵੀਪ ਗਤੀਵਿਧੀਆਂ ਰਾਹੀਂ ਵੋਟਰਾਂ ਨੂੰ ਜਾਗਰੂਕ ਕਰਨ ਅਤੇ ਚੋਣਾਂ ਵਿੱਚ ਵੱਧ ਚੜ੍ਹਕੇ ਵੋਟਾਂ ਪਾਉਣ ਲਈ ਉਤਸ਼ਾਹਿਤ ਕੀਤਾ ਜਾਂਦਾ ਹੈ ਅਤੇ ਇਹ ਭਾਰਤੀ ਚੋਣ ਕਮਿਸ਼ਨ ਦਾ ਇੱਕ ਪ੍ਰਮੁੱਖ ਪ੍ਰੋਗਰਾਮ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਕ੍ਰਿਕਟ ਦੇ ਕ੍ਰੇਜ਼ ਨੂੰ ਦੇਖਦੇ ਹੋਏ ਮੁੱਖ ਚੋਣ ਅਧਿਕਾਰੀ ਦੇ ਦਫਤਰ ਵੱਲੋਂ ਮਸ਼ਹੂਰ ਕ੍ਰਿਕਟਰ ਸ਼ੁਭਮਨ ਗਿੱਲ ਨੂੰ ਸਟੇਟ ਆਈਕੋਨ ਨਿਯੁਕਤ ਕੀਤਾ ਹੈ ਅਤੇ ਮੈਚ ਦੌਰਾਨ ਵੱਡੀ ਸਕਰੀਨ ਉੱਤੇ ਸ਼ੁਭਮਨ ਗਿੱਲ ਵੱਲੋਂ ਕੀਤੀ ਗਈ ਜਨ ਅਪੀਲ ਵੋਟ ਪ੍ਰਤੀਸ਼ਤ ਨੂੰ 70 ਫੀਸਦੀ ਤੋਂ ਉੱਪਰ ਲਿਜਾਣ ਦਾ ਟੀਚਾ ਹਾਸਲ ਕਰਨ ਵਿੱਚ ਮਦਦ ਕਰੇਗੀ।

ਇਸ ਤੋਂ ਇਲਾਵਾ ਦੂਜੇ ਸਟੇਟ ਆਈਕੋਨ ਤਰਸੇਮ ਜੱਸੜ ਵੱਲੋਂ ਵੋਟਰ ਜਾਗਰੂਕਤਾ ਸੰਦੇਸ਼ ਅਤੇ ਵੋਟ ਪਾਉਣ ਦੀ ਅਪੀਲ ਵੀ ਵਿਖਾਈ ਗਈ। ਆਸ਼ਿਕਾ ਜੈਨ ਨੇ ਅੱਗੇ ਦੱਸਿਆ ਕਿ ਵੋਟਰਾਂ ਨੂੰ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ ਲਈ ਪ੍ਰੇਰਿਤ ਕਰਨ ਲਈ ਸਟੇਡੀਅਮ ਵਿੱਚ ਕਈ ਹੋਰ ਗਤੀਵਿਧੀਆਂ ਵੀ ਕਰਵਾਈਆਂ ਗਈਆਂ।

ਉਨ੍ਹਾਂ ਦੱਸਿਆ ਕਿ ਮੈਚ ਸ਼ੁਰੂ ਹੋਣ ਤੋਂ ਪਹਿਲਾਂ ਭਾਰਤੀ ਚੋਣ ਕਮਿਸ਼ਨ ਦੇ ਗੀਤ “ਮੈਂ ਭਾਰਤ ਹੂੰ” ਦੀ ਵੀਡੀਓ ਨੂੰ ਵੀ ਵੱਡੀ ਸਕਰੀਨ ਉੱਤੇ ਵਿਖਾਇਆ ਗਿਆ, ਜਿਸ ਵਿੱਚ ਸਟੇਜ ਪੇਸ਼ਕਾਰੀ ਲੋਕ ਗਾਇਕ ਉਜਾਗਰ ਅੰਟਾਲ ਅਤੇ ਫ਼ੋਕ ਆਰਕੈਸਟਰਾ ਦੀ ਰਾਸ਼ਟਰੀ ਜੇਤੂ ਟੀਮ ਨੇ ਕੀਤੀ।

ਉਨ੍ਹਾਂ ਕਿਹਾ ਕਿ ਲੋਕ ਜਾਗਰੂਕਤਾ ਲਈ ਇਸ ਵਾਰ ਦੇ ਚੋਣ ਮਸਕਟ ਸ਼ੇਰਾ 2.0 ਦੇ ਕਈ ਵੱਡੇ ਵੱਡੇ ਕਟਆਊਟ ਸਟੇਡੀਅਮ ਦੇ ਬਾਹਰ ਲਗਾਏ ਹੋਏ ਸਨ। ਇਸ ਤੋਂ ਇਲਾਵਾ ਵਿਸ਼ਾਲ ਹੋਰਡਿੰਗਜ਼, ਬੈਨਰ, ਕੈਨੋਪੀਜ਼ ਅਤੇ ਸਟੈਂਡੀਜ਼ ਵੀ ਲਗਾਏ ਗਏ ਸਨ ਤਾਂ ਜੋ ਮੈਚ ਵੇਖਣ ਆਏ ਨੌਜਵਾਨਾਂ ਅਤੇ ਹੋਰ ਲੋਕਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕੀਤਾ ਜਾ ਸਕੇ।

ਆਸ਼ਿਕਾ ਜੈਨ ਨੇ ਦੱਸਿਆ ਕਿ ਚੋਣ ਜਾਗਰੂਕਤਾ ਸਲੋਗਨ ਵਾਲੇ ਕੱਪ ਅਤੇ ਚਾਬੀਆਂ ਦੇ ਛੱਲੇ ਵੀ ਇਸ ਮੌਕੇ ਕ੍ਰਿਕਟ ਪ੍ਰੇਮੀਆਂ ਨੂੰ ਵੰਡੀਆਂ ਗਈਆਂ। ਵਾਹਨਾਂ ‘ਤੇ ਵੋਟ ਪਾਉਣ ਦੀ ਪ੍ਰਤੀਬੱਧਤਾ ਨੂੰ ਦਰਸਾਉਂਦੇ ਸਟਿੱਕਰ ਵੀ ਲਾਏ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆਂ ਆਸ਼ਿਕਾ ਜੈਨ ਨੇ ਕਿਹਾ ਕਿ ਵੋਟਰਾਂ ਖਾਸ ਕਰਕੇ ਨੌਜਵਾਨਾਂ ਵਿੱਚ ਵੋਟਾਂ ਪਾਉਣ ਸਬੰਧੀ ਜਾਗਰੂਕਤਾ ਵਧਾਉਣ ਲਈ ਕ੍ਰਿਕਟ ਤੋਂ ਵਧੀਆ ਪਲੇਟਫਾਰਮ ਨਹੀਂ ਹੋ ਸਕਦਾ।

ਉਨ੍ਹਾਂ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ 1 ਜੂਨ, 2024 ਨੂੰ ਬਿਨਾਂ ਕਿਸੇ ਡਰ-ਭੈਅ ਦੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕਰਨ। ਡਿਪਟੀ ਕਮਿਸ਼ਨਰ ਨੇ ਇਸ ਵੋਟਰ ਜਾਗਰੂਕਤਾ ਮੁਹਿੰਮ ਲਈ ਪੰਜਾਬ ਦੇ ਮੁੱਖ ਚੋਣ ਅਫ਼ਸਰ ਸਿਬਿਨ ਸੀ ਵੱਲੋਂ ਦਿੱਤੀ ਅਗਵਾਈ ਲਈ ਉਨ੍ਹਾਂ ਦਾ ਧੰਨਵਾਦ ਵੀ ਕੀਤਾ।

ਉਨ੍ਹਾਂ ਕਿਹਾ ਕਿ ਜਿਵੇਂ ਆਈ.ਪੀ.ਐਲ.ਪ੍ਰੇਮੀਆਂ ਤੱਕ ਪਹੁੰਚ ਕਰਨ ਲਈ ਸਵੀਪ ਗਤੀਵਿਧੀ ਕੀਤੀ ਗਈ ਹੈ, ਇਸੇ ਤਰਾਂ ਆਉਣ ਵਾਲੇ ਦਿਨਾਂ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹਰੇਕ ਵੋਟਰ ਨੂੰ ਵੋਟ ਦੇ ਅਧਿਕਾਰ ਬਾਰੇ ਜਾਗਰੂਕ ਕਰਨ ਅਤੇ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ ਇਸ ਦੀ ਵਰਤੋਂ ਕਰਨ ਲਈ ਵੱਖ-ਵੱਖ ਢੰਗਾਂ ਰਾਹੀਂ ਉਨ੍ਹਾਂ ਨਾਲ ਸੰਪਰਕ ਕੀਤਾ ਜਾਵੇਗਾ।

dawn punjab
Author: dawn punjab

Leave a Comment

RELATED LATEST NEWS

Top Headlines

ਭਾਜਪਾ ਦਾ ਕਾਰਾ ਸ਼ਰਮਨਾਕ, ਬਲਾਤਕਾਰੀ ਅਤੇ ਕਾਤਲ ਸੌਦਾ ਸਾਧ ਦੇ ਸਤਿਸੰਗ ਵਿਚ ਮੰਗੀਆਂ ਗਈਆਂ ਭਾਜਪਾ ਲਈ ਵੋਟਾਂ : ਕੁਲਜੀਤ ਸਿੰਘ ਬੇਦੀ

ਇਕ ਅੰਗਰੇਜੀ ਅਖਬਾਰ ਦੀ ਰਿਪੋਰਟ ਦੇ ਖੁਲਾਸੇ ਉੱਤੇ ਡਿਪਟੀ ਮੇਅਰ ਨੇ ਭਾਜਪਾ ਨੂੰ ਜਵਾਬ ਦੇਣ ਲਈ ਕਿਹਾ ਐਸ.ਏ.ਐਸ. ਨਗਰ: ਮੋਹਾਲੀ

Live Cricket

Rashifal