ਕੈਬਨਿਟ ਮੰਤਰੀ ਨੇ ਪਿੰਡ ਕਾਲੇਵਾਲ ਵਿਖੇ ਕੈਂਪ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ
ਖਰੜ ਹਲਕੇ ਚ ਪਿੰਡ ਬਦਰਪੁਰ, ਗੋਸਲਾਂ, ਰੁੜਕੀ ਪੁਖਤਾ, ਪੀਰਸੁਹਾਣਾ ਅਤੇ ਸਿੰਬਲਮਾਜਰਾ ਵਿਖੇ ਵੀ ਲਗਾਏ ਕੈਂਪ
“ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਪਿੰਡ ਕਾਲੇਵਾਲ ਵਿਖੇ ਲਾਏ ਕੈਂਪ ਦਾ ਦੌਰਾਨ ਲੋਕਾਂ ਦੀਆਂ ਮੁਸ਼ਕਿਲਾਂ ਸੁਣਨ ਅਤੇ ਮੌਕੇ ਤੇ ਹੱਲ ਮੁੱਹਈਆ ਕਰਵਾਉਣ ਉਪਰੰਤ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਇਸ ਮੁਹਿੰਮ ਸਦਕਾ ਅੱਜ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਲੋਕਾਂ ਦੇ ਕੋਲ ਪਿੰਡਾਂ ਵਿੱਚ ਜਾ ਰਹੇ ਹਨ। ਇਹ ਕੈਂਪ ਲੋਕਾਂ ਲਈ ਵਰਦਾਨ ਸਿੱਧ ਹੋ ਰਹੇ ਹਨ ਤੇ ਮੌਕੇ ਉੱਤੇ ਹੀ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਹੋ ਰਿਹਾ ਹੈ ਅਤੇ ਵੱਖ ਵੱਖ ਸਕੀਮਾਂ ਦਾ ਲਾਭ ਦਿੱਤਾ ਜਾ ਰਿਹਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਹੈ ਕਿ ਵੱਖੋ ਵੱਖ ਵਿਭਾਗਾਂ ਦੇ ਅਧਿਕਾਰੀ ਖੁਦ ਲੋਕਾਂ ਤਕ ਪੁੱਜ ਰਹੇ ਹਨ। ਪੰਜਾਬ ਸਰਕਾਰ ਵੱਲੋਂ ਲੋਕ ਹਿਤ ਵਿੱਚ ਕੀਤੇ ਫ਼ੈਸਲਿਆਂ ਸਦਕਾ ਵੱਡੀ ਗਿਣਤੀ ਲੋਕਾਂ ਦੇ ਬਿਜਲੀ ਦੇ ਬਿੱਲ ਵੀ ਜ਼ੀਰੋ ਆ ਰਹੇ ਹਨ। ਸਰਕਾਰ ਦੀ ਕੋਸ਼ਿਸ਼ ਹੈ ਕਿ ਲੋਕਾਂ ਦੀਆਂ ਸਾਰੀਆਂ ਮੁਸ਼ਕਲਾਂ ਹੱਲ ਕੀਤੀਆਂ ਜਾਣ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਿੰਡ ਕਾਲੇਵਾਲ ਨੂੰ ਆਉਣ ਵਾਲੀ ਸੜਕ ਸਮੇਤ ਹਲਕੇ ਦੀਆਂ ਸਾਰੀਆਂ ਸੜਕਾਂ ਦੀ ਨੁਹਾਰ ਜਲਦੀ ਹੀ ਬਦਲ ਦਿੱਤੀ ਜਾਵੇਗੀ। ਇਸ ਪਿੰਡ ਦੇ ਵਿਕਾਸ ਕਾਰਜਾਂ ਉੱਤੇ ਪੰਜਾਬ ਸਰਕਾਰ ਵਲੋਂ ਕਰੀਬ 78 ਲੱਖ ਰੁਪਏ ਖਰਚੇ ਜਾ ਚੁੱਕੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਪਿੰਡ ਵਿੱਚ ਜਿਮ ਦੇ ਕਮਰਿਆਂ ਲਈ 03 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਇਸ ਤੋਂ ਇਲਾਵਾ ਕੈਬਨਿਟ ਮੰਤਰੀ ਨੇ ਡ੍ਰੇਨੇਜ ਪਾਈਪਾਂ, ਸਟਰੀਟ ਲਾਈਟਾਂ ਅਤੇ ਖੇਡ ਮੈਦਾਨ ਦੀ ਚਾਰਦੀਵਾਰੀ ਦੀ ਮੰਗ ਜਲਦ ਪੂਰੀ ਕਰਨ ਦਾ ਵਾਅਦਾ ਵੀ ਕੀਤਾ।
ਅਨਮੋਲ ਗਗਨ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਰਾਸ਼ਨ ਘਰ ਘਰ ਪੁੱਜਦਾ ਕੀਤਾ ਜਾ ਰਿਹਾ ਹੈ, ਜਿਸ ਸਦਕਾ ਲੋਕ ਬਹੁਤ ਖੁਸ਼ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਦਿੱਤੀਆਂ ਸਾਰੀਆਂ ਗਰੰਟੀਆਂ ਪੂਰੀਆਂ ਕੀਤੀਆਂ ਜਾਣਗੀਆਂ। ਉਹਨਾਂ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਤੋਂ ਦੂਰ ਅਤੇ ਕਸਰਤ ਦੇ ਨੇੜੇ ਰਹਿਣ।
ਕੈਬਨਿਟ ਮੰਤਰੀ ਨੇ ਕਿਹਾ ਕਿ “ਆਪ ਦੀ ਸਰਕਾਰ, ਆਪ ਦੇ ਦੁਆਰ” ਕੈਂਪਾਂ ਦਾ ਮੰਤਵ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਨੇੜੇ ਅਤੇ ਇਕੋ ਛੱਤ ਥੱਲੇ ਸਕੀਮਾਂ ਦਾ ਲਾਭ ਮੁਹੱਈਆ ਕਰਾਉਣਾ ਤੇ ਲੋਕਾਂ ਦੀਆਂ ਮੁਸ਼ਕਿਲਾਂ ਸੁਣਨਾ ਅਤੇ ਉਨ੍ਹਾਂ ਦਾ ਮੌਕੇ ‘ਤੇ ਹੀ ਹੱਲ ਕਰਨਾ ਹੈ।
ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਖੱਜਲ-ਖੁਆਰੀ ਨੂੰ ਰੋਕਣ ਲਈ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਜਲਦ ਤੋਂ ਜਲਦ ਕਰਨ ਲਈ ਇਹ ਪ੍ਰੋਗਰਾਮ ਉਲੀਕਿਆ ਗਿਆ ਹੈ।
ਕੈਬਨਿਟ ਮੰਤਰੀ ਨੇ ਕੈਂਪ ਵਿਚ ਹਾਜ਼ਰ ਵੱਖ-ਵੱਖ ਵਿਭਾਗੀ ਅਧਿਕਾਰੀਆਂ ਨੂੰ ਲੋਕਾਂ ਦੀਆਂ ਸਰਕਾਰੀ ਕੰਮਾਂ ਸਬੰਧੀ ਪ੍ਰਾਪਤ ਦਰਖਾਸਤਾਂ ਨੂੰ ਸਮਾਂਬੱਧ ਢੰਗ ਨਾਲ ਨਿਪਟਾਉਣ ਦੇ ਆਦੇਸ਼ ਦਿੱਤੇ ਅਤੇ ਅਧਿਕਾਰੀਆਂ ਨੂੰ ਲੋਕ ਭਲਾਈ ਸਕੀਮਾਂ ਦੀ ਵੱਧ ਤੋਂ ਵੱਧ ਜਾਣਕਾਰੀ ਦੇਣ ਲਈ ਹਦਾਇਤ ਵੀ ਕੀਤੀ। ਇਸ ਮੌਕੇ ਵੱਖੋ ਵੱਖ ਅਧਿਕਾਰੀਆਂ ਸਮੇਤ ਬੀ.ਡੀ. ਪੀ.ਓ. ਸ਼੍ਰੀ ਲੈਨਿਨ ਗਰਗ ਵੀ ਹਾਜ਼ਰ ਸਨ।
ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਵਿਚ ਜ਼ਰੂਰ ਸਾਮਿਲ ਹੋਣ ਅਤੇ ਸਰਕਾਰ ਵੱਲੋਂ ਚਲਾਈਆ ਜਾ ਰਹੀਆਂ ਭਲਾਈ ਸਕੀਮਾਂ ਦਾ ਲਾਭ ਲੈਣ ਅਤੇ ਆਪਣੀਆਂ ਮੁਸ਼ਕਲਾਂ ਮੌਕੇ ‘ਤੇ ਹੀ ਹੱਲ ਕਰਵਾਉਣ। ਉਨ੍ਹਾਂ ਇਹ ਵੀ ਦੱਸਿਆ ਕਿ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਸੇਵਾਵਾਂ ਹਾਸਲ ਕਰਨ ਲਈ ਹੈਲਪ ਲਾਈਨ ਨੰਬਰ 1076 ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।