ਵਿਧਾਨ ਸਭਾ ਦਾ ਸੈਸ਼ਨ ਸਿਰਫ ਡਰਾਮੇਬਾਜ਼ੀ ਕਰਾਰ
ਚੰਡੀਗੜ੍ਹ : ਯੂਥ ਅਕਾਲੀ ਦਲ ਨੇ ਪ੍ਰਧਾਨ ਸਰਦਾਰ ਸਰਬਜੀਤ ਸਿੰਘ ਝਿੰਜਰ ਦੀ ਅਗਵਾਈ ਹੇਠ ਅੱਜ ਪੰਜਾਬ ਵਿਧਾਨ ਸਭਾ ਦੇ ਬਾਹਰ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਤੇ ਰਾਜ ਸਭਾ ਮੈਂਬਰ ਸੰਦੀਪ ਪਾਠਕ ਦਾ ਪੁਤਲਾ ਸਾੜਿਆ ਜੋ ਹਰਿਆਣਾ ਲਈ ਐਸ ਵਾਈ ਐਲ ਦੇ ਪਾਣੀ ਦੀ ਮੰਗ ਕਰ ਰਹੇ ਹਨ।
ਮੀਡੀਆ ਨਾਲ ਗੱਲਬਾਤ ਕਰਦਿਆਂ ਸਰਦਾਰ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਹੈਰਾਨੀ ਵਾਲੀ ਗੱਲ ਹੈ ਕਿ ਰਾਜ ਸਭਾ ਮੈਂਬਰ ਸ੍ਰੀ ਸੰਦੀਪ ਪਾਠਕ ਨੇ ਪੰਜਾਬ ਦੀ ਲਈ ਹੈ, ਸਹੂਲਤਾਂ ਪੰਜਾਬ ਦੇ ਸਿਰ ’ਤੇ ਮਾਣ ਰਹੇ ਹਨ ਤੇ ਪਾਣੀ ਹਰਿਆਣਾ ਵਾਸਤੇ ਮੰਗ ਰਹੇ ਹਨ। ਉਹਨਾਂ ਕਿਹਾ ਕਿ ਜਿੰਨੇ ਵੀ ਰਾਜ ਸਭਾ ਮੈਂਬਰ ਆਮ ਆਦਮੀ ਪਾਰਟੀ ਨੇ ਪੰਜਾਬ ਦੇ ਬਾਹਰੋਂ ਬਣਾਏ ਹਨ, ਸਾਰੇ ਪੰਜਾਬ ਦੇ ਹਿੱਤਾਂ ਖਿਲਾਫ ਕੰਮ ਕਰ ਰਹੇ ਹਨ। ਉਹਨਾਂ ਕਿਹਾ ਕਿ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਵੀ ਦੋਹਾਂ ਹੱਥਾਂ ਨੂੰ ਸੂਬੇ ਨੂੰ ਲੁੱਟਣ ਲੱਗੇ ਹੋਏ ਹਨ ਤੇ ਸੂਬੇ ਦੇ ਸਰੋਤਾਂ ਦੀ ਵਰਤੋਂ ਆਮ ਆਦਮੀ ਪਾਰਟੀ ਦੇ ਹੋਰ ਰਾਜਾਂ ਵਿਚ ਪਸਾਰ ’ਤੇ ਕੀਤੀ ਜਾ ਰਹੀ ਹੈ।
ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਮੁੱਖ ਮੰਤਰੀ ਭਗਵੰਤ ਮਾਨ ’ਤੇ ਵਰ੍ਹਦਿਆਂ ਕਿਹਾ ਕਿ ਇਕ ਪਾਸੇ ਤਾਂ ਰਾਜਪਾਲ ਨੇ ਵਿਧਾਨ ਸਭਾ ਦੇ ਇਸ ਸੈਸ਼ਨ ਨੂੰ ਗੈਰ ਕਾਨੂੰਨੀ ਕਰਾਰ ਦਿੱਤਾ ਹੈ ਤੇ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਡਰਾਮੇਬਾਜ਼ੀ ਕਰਕੇ ਸੈਸ਼ਨ ਬੁਲਾ ਰਹੇ ਹਨ ਤੇ ਕਰੋੜਾਂ ਰੁਪਏ ਬਰਬਾਦ ਕੀਤੇ ਜਾ ਰਹੇ ਹਨ ਤੇ ਸਿਰਫ ਡਰਾਮੇਬਾਜ਼ੀ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਅਕਾਲੀ ਦਲ ਆਪ ਲੀਡਰਸ਼ਿਪ ਨੂੰ ਇਹ ਡਰਾਮੇਬਾਜ਼ੀ ਨਹੀਂ ਕਰਨ ਦੇਵੇਗਾ।
ਐਸ ਵਾਈ ਐਲ ਦੀ ਗੱਲ ਕਰਦਿਆਂ ਸਰਦਾਰ ਸਰਬਜੀਤ ਸਿੰਘ ਝਿੰਜਰ ਨੇ ਕਿਹਾ ਕਿ ਇਕ ਪਾਸੇ ਤਾਂ ਭਗਵੰਤ ਮਾਨ ਸਰਕਾਰ ਨੇ ਸੁਪਰੀਮ ਕੋਰਟ ਵਿਚ ਆਖ ਦਿੱਤਾ ਹੈ ਕਿ ਉਹ ਐਸ ਵਾਈ ਐਲ ਨਹਿਰ ਦੀ ਉਸਾਰੀ ਕਰਨ ਵਾਸਤੇ ਤਿਆਰ ਹੈ ਪਰ ਵਿਰੋਧੀ ਪਾਰਟੀਆਂ ਦੇ ਵਿਰੋਧ ਤੇ ਪਿਛਲੀ ਬਾਦਲ ਸਰਕਾਰ ਵੱਲੋਂ ਕਿਸਾਨਾਂ ਨੂੰ ਮੋੜੀ ਨਹਿਰ ਦੀ ਜ਼ਮੀਨ ਮੁੜ ਐਕਵਾਇਰ ਕਰਨ ਵਿਚ ਮੁਸ਼ਕਿਲਾਂ ਆ ਰਹੀਆਂ ਹਨ ਤੇ ਦੂਜੇ ਪਾਸੇ ਮੁੱਖ ਮੰਤਰੀ ਭਗਵੰਤ ਮਾਨ ਵਿਧਾਨ ਸਭਾ ਸੈਸ਼ਨ ਤੇ ਬਹਿਸ ਦੀ ਡਰਾਮੇਬਾਜ਼ੀ ਕਰ ਰਹੇ ਹਨ। ਉਹਨਾਂ ਕਿਹਾ ਕਿ ਪੰਜਾਬੀ ਹੁਣ ਸਮਝ ਚੁੱਕੇ ਹਨ ਕਿ ਕਿਵੇਂ ਵਿਧਾਨ ਸਭਾ ਚੋਣਾਂ ਵੇਲੇ ਝੂਠ ਬੋਲ ਕੇ ਆਪ ਨੇ ਸੱਤਾ ਹਾਸਲਕੀਤੀ ਤੇ ਹੁਣ ਪੰਜਾਬੀਆਂ ਨੂੰ ਮੂਰਖ ਬਣਾ ਰਹੀ ਹੈ। ਉਹਨਾਂ ਕਿਹਾ ਕਿ ਪੰਜਾਬੀ 2024 ਦੀਆਂ ਚੋਣਾਂ ਵਿਚ ਆਪ ਨੂੰ ਸਬਕ ਸਿਖਾਉਣਗੇ।