ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਵੱਖ-ਵੱਖ ਸਕੀਮਾਂ ਅਧੀਨ ਕੰਮਾਂ ਦੀ ਕੀਤੀ ਸਮੀਖਿਆ ਮੀਟਿੰਗ
ਚੰਡੀਗੜ੍ਹ :
ਸਥਾਨਕ ਸਰਕਾਰਾਂ ਬਾਰੇ ਮੰਤਰੀ ਬਲਕਾਰ ਸਿੰਘ ਨੇ ਅੱਜ ਮਿਉਂਸੀਪਲ ਭਵਨ ਸੈਕਟਰ 35 ਚੰਡੀਗੜ੍ਹ ਵਿਖੇ ਵਿਕਾਸ ਕਾਰਜਾਂ ਸਬੰਧੀ ਵੱਖ-ਵੱਖ ਮੁੱਦਿਆਂ ‘ਤੇ ਖੇਡ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਅਤੇ ਵੱਖ-ਵੱਖ ਹਲਕਿਆਂ ਦੇ ਵਿਧਾਇਕਾਂ ਦੀ ਹਾਜ਼ਰੀ ਵਿੱਚ ਵਿਭਾਗੀ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ਦੌਰਾਨ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਵਿਕਾਸ ਕਾਰਜਾਂ ਲਈ ਵੱਖ-ਵੱਖ ਸਕੀਮਾਂ ਅਧੀਨ ਅਣਵਰਤੇ ਫੰਡਾਂ ਨੂੰ ਜਲਦੀ ਤੋਂ ਜਲਦੀ ਜਾਰੀ ਗਾਈਡਲਾਈਨਜ਼ ਅਨੁਸਾਰ ਲੋਕਾਂ ਦੀ ਭਲਾਈ ਲਈ ਖਰਚ ਕੀਤਾ ਜਾਵੇ।
ਸਥਾਨਕ ਸਰਕਾਰਾਂ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬਾ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ, ਸਾਫ਼-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਯਤਨਸ਼ੀਲ ਹੈ। ਇਸ ਉਦੇਸ਼ ਦੀ ਪੂਰਤੀ ਲਈ ਸੂਬਾ ਸਰਕਾਰ ਪੰਜਾਬ ਭਰ ਵਿੱਚ ਵਿਕਾਸ ਕਾਰਜ ਕਰਵਾ ਰਹੀ ਹੈ।
ਰੀਵੀਊ ਮੀਟਿੰਗ ਦੌਰਾਨ ਸਥਾਨਕ ਸਰਕਾਰਾਂ ਮੰਤਰੀ ਵੱਲੋਂ ਮਿਉਂਸੀਪਲ ਕੌਂਸਲ/ ਨਗਰ ਪੰਚਾਇਤਾਂ ਧਰਮਕੋਟ, ਬਾਘਾਪੁਰਾਣਾ, ਬੱਧਨੀ ਕਲ੍ਹਾਂ, ਕੋਟ ਈਸੇ ਖਾਂ, ਨਿਹਾਲ ਸਿੰਘ ਵਾਲਾ, ਫਤਹਿਗੜ੍ਹ ਪੰਜਤੂਰ, ਬਰਨਾਲਾ, ਭਦੌੜ, ਧਨੌਲਾ ਤਪਾ, ਹੰਡਿਆਇਆ, ਸੰਗਰੂਰ, ਸੁਨਾਮ, ਧੂਰੀ, ਭਵਾਨੀਗੜ੍ਹ, ਲਹਿਰਾਗਾਗਾ, ਲੋਂਗੋਵਾਲ, ਚੀਮਾ, ਮੂਨਕ, ਦਿੜ੍ਹਬਾ ਅਤੇ ਖਨੌਰੀ ਵਿਖੇ ਸਵੱਛ ਭਾਰਤ ਮਿਸ਼ਨ ਅਤੇ ਅਮਰੁਤ ਮਿਸ਼ਨ ਅਧੀਨ ਚਲ ਰਹੇ ਵੱਖ-ਵੱਖ ਪ੍ਰਾਜੈਕਟਾਂ ਸਬੰਧੀ ਵਿਸਥਾਰ ਪੂਰਵਕ ਚਰਚਾ ਕੀਤੀ ਗਈ। ਇਹਨਾਂ ਸਕੀਮਾਂ ਅਧੀਨ ਪ੍ਰਾਜੈਕਟਾਂ ਦੀ ਸੂਚੀ ਅਤੇ ਐਕਸ਼ਨ ਪਲਾਨ ਅਧੀਨ ਪ੍ਰਾਪਤ ਹੋਈ ਰਾਸ਼ੀ ਬਾਰੇ ਵੀ ਜਾਣਕਾਰੀ ਹਾਸਿਲ ਕੀਤੀ ਅਤੇ ਅਧਿਕਾਰੀਆਂ ਨੂੰ ਕਿਹਾ ਕਿ ਚਲ ਰਹੇ ਪ੍ਰਾਜੈਕਟਾਂ ਨੂੰ ਤੇਜ਼ੀ ਨਾਲ ਮੁਕੰਮਲ ਕੀਤਾ ਜਾਵੇ।
ਇਸੇ ਤਰ੍ਹਾਂ ਹੀ ਸੂਬੇ ਵਿੱਚ ਬਣ ਰਹੇ ਸੀਵਰੇਜ਼ ਟਰੀਟਮੈਂਟ ਪਲਾਂਟਾਂ ਅਤੇ ਵਾਟਰ ਟਰੀਟਮੈਂਟ ਪਲਾਂਟਾਂ ਲਈ ਢੁਕਵੀਂ ਜਗ੍ਹਾਂ ਦੀ ਉਪਲੱਬਧਤਾ ਬਾਰੇ ਵਿਸਥਾਰ ਪੂਰਵਕ ਚਰਚਾ ਕਰਦਿਆਂ ਕਿਹਾ ਕਿ ਜਿਥੇ ਕਿਤੇ ਸੀਵਰੇਜ਼ ਟਰੀਟਮੈਂਟ ਪਲਾਂਟਾਂ ਅਤੇ ਵਾਟਰ ਟਰੀਟਮੈਂਟ ਪਲਾਂਟਾਂ ਲਈ ਜਗ੍ਹਾ ਦੀ ਭਾਲ ਕਰਨ ਵਿੱਚ ਜਾਂ ਕਿਸੇ ਹੋਰ ਵਿਕਾਸ ਕਾਰਜ਼ਾਂ ਵਿੱਚ ਕਿਸੇ ਤਰ੍ਹਾਂ ਦੀ ਕੋਈ ਦਿੱਕਤ ਪੇਸ਼ ਆਉਂਦੀ ਹੈ ਉਥੇ ਸਬੰਧਤ ਹਲਕੇ ਦੇ ਵਿਧਾਇਕ ਅਤੇ ਜ਼ਿਲ੍ਹਾ ਪ੍ਰਸ਼ਾਸਨ ਨਾਲ ਤਾਲਮੇਲ ਕਰਕੇ ਸਮੱਸਿਆ ਦਾ ਨਿਪਟਾਰਾ ਕਰਵਾਇਆ ਜਾਵੇ।
ਮੰਤਰੀ ਨੇ ਅੱਗੇ ਕਿਹਾ ਕਿ ਸਾਡੀ ਸਰਕਾਰ ਸੂਬਾ ਵਾਸੀਆਂ ਨੂੰ ਸਾਫ਼ ਸੁਥਰਾ ਵਾਤਾਵਰਣ ਮੁਹੱਈਆ ਕਰਵਾਉਣ ਵੱਲ ਵਿਸ਼ੇਸ਼ ਤਰਜੀਹ ਦੇ ਰਹੀ ਹੈ। ਇਸ ਲਈ ਉਨ੍ਹਾਂ ਨੇ ਅਧਿਕਾਰੀਆਂ ਨੂੰ ਕੂੜਾ ਮੁਕਤ ਸ਼ਹਿਰ ਬਣਾਉਣ ਲਈ ਕੂੜੇ ਦਾ ਨਿਪਟਾਰਾ ਵਿਗਿਆਨਿਕ ਢੰਗ ਨਾਲ ਕਰਨ ਲਈ ਆਖਿਆ ਹੈ।
ਸਥਾਨਕ ਸਰਕਾਰਾਂ ਬਾਰੇ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਕੋਲ ਵਿਕਾਸ ਕਾਰਜ਼ਾਂ ਲਈ ਫੰਡਾਂ ਦੀ ਕੋਈ ਘਾਟ ਨਹੀਂ ਹੈ। ਇਸ ਲਈ ਸ਼ਹਿਰੀ ਸਥਾਨਕ ਇਕਾਈਆਂ ਵਿੱਚ ਸੀਵਰੇਜ਼ ਅਤੇ ਹੋਰ ਕੰਮਾਂ ਲਈ ਜੇਕਰ ਇਕਪੂਮੈਂਟਸ ਤੇ ਮਸ਼ੀਨਰੀ ਦੀ ਜਰੂਰਤ ਹੋਵੇ ਤਾਂ ਉਹ ਖਰੀਦ ਕਰ ਲਈ ਜਾਵੇ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਵਿਕਾਸ ਕਾਰਜਾਂ ਸਬੰਧੀ ਆਪਣੇ ਹਲਕੇ ਦੇ ਵਿਧਾਇਕਾਂ ਨਾਲ ਵਿਕਾਸ ਕਾਰਜਾਂ ਸਬੰਧੀ ਪੂਰੀ ਜਾਣਕਾਰੀ ਸਾਂਝੀ ਕਰਨ ਤਾਂ ਜੋ ਸੂਬਾ ਵਾਸੀਆਂ ਦੀ ਜ਼ਰੂਰਤ ਅਨੁਸਾਰ ਵਿਕਾਸ ਕਾਰਜ ਕਰਵਾਏ ਜਾ ਸਕਣ। ਇਸ ਤੋਂ ਇਲਾਵਾ ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਸਬੰਧੀ ਸਕੀਮਾਂ ਨੂੰ ਸਮੇਂ ਸਿਰ ਲਾਗੂ ਕੀਤਾ ਜਾਵੇ ਅਤੇ ਫੰਡਾਂ ਦਾ ਸਹੀ ਇਸਤੇਮਾਲ ਕੀਤਾ ਜਾਵੇ।
ਕੈਬਨਿਟ ਮੰਤਰੀ ਨੇ ਅਧਿਕਾਰੀਆਂ ਨੂੰ ਅਪੀਲ ਕੀਤੀ ਕਿ ਉਹ ਪੂਰੀ ਤਨਦੇਹੀ ਅਤੇ ਈਮਾਨਦਾਰੀ ਨਾਲ ਕੰਮ ਕਰਨਾ ਯਕੀਨੀ ਬਣਾਉਣ। ਉਨ੍ਹਾਂ ਨੇ ਅਧਿਕਾਰੀਆਂ ਨੂੰ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸਰਕਾਰ ਸੂਬਾ ਵਾਸੀਆਂ ਨੂੰ ਭ੍ਰਿਸਟਾਚਾਰ ਮੁਕਤ ਪ੍ਰਸ਼ਾਸਨ ਮੁਹੱਈਆ ਕਰਵਾਉਣਾ ਚਾਹੁੰਦੀ ਹੈ। ਇਸ ਲਈ ਜੇਕਰ ਕੋਈ ਵਿਅਕਤੀ ਭ੍ਰਿਸ਼ਟਾਚਾਰ ਕਰਦਾ ਫੜ੍ਹਿਆ ਜਾਂਦਾ ਹੈ ਤਾਂ ਉਸਨੂੰ ਬਖ਼ਸਿਆ ਨਹੀਂ ਜਾਵੇਗਾ।
ਇਸ ਮੌਕੇ ਮੀਟਿੰਗ ਵਿੱਚ ਵਿਧਾਇਕ ਨਰਿੰਦਰ ਕੌਰ ਭਰਾਜ, ਅਮਨਦੀਪ ਕੌਰ ਅਰੋੜਾ, ਬਰਿੰਦਰ ਕੁਮਾਰ ਗੋਇਲ, ਲਾਭ ਸਿੰਘ ਉਗੋਕੇ, ਦਵਿੰਦਰਜੀਤ ਸਿੰਘ ਢੋਸ, ਅਮ੍ਰਿੰਤਪਾਲ ਸਿੰਘ, ਮਨਜੀਤ ਸਿੰਘ ਅਤੇ ਵਿਧਾਇਕਾਂ ਦੇ ਪ੍ਰਤੀਨਿਧੀਆਂ ਤੋਂ ਇਲਾਵਾ ਸਥਾਨਕ ਸਰਕਾਰਾਂ ਵਿਭਾਗ ਦੇ ਸਕੱਤਰ ਅਜੋਏ ਸ਼ਰਮਾ, ਪੰਜਾਬ ਜਲ ਸਪਲਾਈ ਅਤੇ ਸੀਵਰੇਜ ਬੋਰਡ ਦੇ ਸੀ.ਈ.ਓ ਮਾਲਵਿੰਦਰ ਸਿੰਘ ਜੱਗੀ, ਪੀ.ਐਮ.ਆਈ.ਡੀ.ਸੀ. ਦੇ ਸੀ.ਈ.ਓ ਦੀਪਤੀ ਉੱਪਲ, ਮਿਉਂਸਪਲ ਕੌਂਸਲ/ਨਗਰ ਪੰਚਾਇਤਾਂ ਦੇ ਕਾਰਜ ਸਾਧਕ ਅਫਸਰ ਅਤੇ ਹੋਰ ਅਧਿਕਾਰੀ ਹਾਜ਼ਰ ਸਨ।