ਬਜਟ ਦੀ ਬਹਿਸ ’ਚੋਂ ਬਾਹਰ ਰਹਿ ਕੇ ਗੈਰ-ਜ਼ਿੰਮੇਵਾਰਾਨਾ ਢੰਗ ਨਾਲ ਪੇਸ਼ ਆਉਣ ਲਈ ਵਿਰੋਧੀ ਧਿਰ ਦੀ ਸਖ਼ਤ ਨਿਖੇਧੀ
ਅਸੀਂ ਜਾਣਦੇ ਹਾਂ ਕਿ ਲੋਕਾਂ ਦੀ ਸੇਵਾ ਕਿਵੇਂ ਕਰਨੀ ਹੈ, ਪਰ ਵਿਰੋਧੀ ਧਿਰ ਸਿਰਫ ਮੁੱਖ ਮੁੱਦਿਆਂ ਤੋਂ ਟਾਲ਼ਾ ਵੱਟਣ ਵਿੱਚ ਮਾਹਿਰ : ਮੁੱਖ ਮੰਤਰੀ
ਚੰਡੀਗੜ੍ਹ :
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਬੁੱਧਵਾਰ ਨੂੰ 2024-25 ਬਜਟ ਨੂੰ ਸਿਰਫ਼ ਕਿਤਾਬਚਾ ਹੀ ਨਹੀਂ, ਸਗੋਂ ਇੱਕ ਪਵਿੱਤਰ ਦਸਤਾਵੇਜ਼ ਕਰਾਰ ਦਿੰਦਿਆਂ ਕਿਹਾ ਕਿ ਇਹ ਬਜਟ ਇੱਕ ਪ੍ਰਗਤੀਸ਼ੀਲ, ਖੁਸ਼ਹਾਲ ਅਤੇ ਰੰਗਲੇ ਪੰਜਾਬ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾਏਗਾ।
ਪੰਜਾਬ ਵਿਧਾਨ ਸਭਾ ਵਿੱਚ ਬਜਟ 2024-25 ’ਤੇ ਚਰਚਾ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਮੰਗਲਵਾਰ ਨੂੰ ਪੇਸ਼ ਕੀਤੇ ਗਏ ਬਜਟ ਨੂੰ ਸੂਬੇ ਦਾ ਹੁਣ ਤੱਕ ਦਾ ਸਭ ਤੋਂ ਵਧੀਆ ਬਜਟ ਦੱਸਿਆ । ਉਨ੍ਹਾਂ ਕਿਹਾ ਕਿ ਸਿਹਤਮੰਦ ਲੋਕਤੰਤਰ ਵਿੱਚ ਚੁਣੇ ਹੋਏ ਨੁਮਾਇੰਦਿਆਂ ਦੇ ਸੁਝਾਵਾਂ ਅਤੇ ਵਿਚਾਰਾਂ ਦਾ ਹਮੇਸ਼ਾ ਸਵਾਗਤ ਕੀਤਾ ਜਾਂਦਾ ਹੈ, ਪਰ ਸਿਰਫ਼ ਮੀਡੀਆ ਦਾ ਧਿਆਨ ਖਿੱਚਣ ਲਈ ਬੇਲੋੜੀ ਆਲੋਚਨਾ ਕਰਨੀ ਮੰਦਭਾਗੀ ਗੱਲ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਜਟ ਸਿਰਫ਼ ਕਿਤਾਬਚਾ ਹੀ ਨਹੀਂ ਹੈ ਸਗੋਂ ਇਹ ਪੰਜਾਬ ਸਰਕਾਰ ਦੀ ਲੋਕਾਂ ਦੀ ਭਲਾਈ ਅਤੇ ਵਿਕਾਸ ਪ੍ਰਤੀ ਵਚਨਬੱਧਤਾ ਨੂੰ ਦਰਸਾਉਂਦਾ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਇਹ ਤੱਥਾਂ ਅਤੇ ਅੰਕੜਿਆਂ ਦਾ ਸੰਗ੍ਰਹਿ ਨਹੀਂ ਸਗੋਂ ਇਹ ਸੂਬੇ ਦੀ ਤਰੱਕੀ ਅਤੇ ਖੁਸ਼ਹਾਲੀ ਦਾ ਮਸੌਦਾ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਆ ਕੇ ਨਿੱਗਰ ਤੇ ਸਿਹਤਮੰਦ ਰਾਜਨੀਤੀ ਵਿੱਚ ਸ਼ਾਮਲ ਹੋਣਾ ਚਾਹੀਦਾ ਹੈ ਅਤੇ ਨੌਜਵਾਨਾਂ ਨੂੰ ਭਾਰਤੀ ਰਾਜਨੀਤੀ ਦੀ ਕਾਇਆਕਲਪ ਵਿੱਚ ਅਹਿਮ ਭੂਮਿਕਾ ਨਿਭਾਉਣੀ ਚਾਹੀਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਾਜਨੀਤੀ ਨੂੰ ਬਦਲਣ ਅਤੇ ਆਮ ਆਦਮੀ ਨੂੰ ਸਿਆਸੀ ਪਾਰਟੀਆਂ ਦੇ ਏਜੰਡੇ ’ਤੇ ਲਿਆਉਣ ਦਾ ਸਿਹਰਾ ਅਰਵਿੰਦ ਕੇਜਰੀਵਾਲ ਨੂੰ ਜਾਂਦਾ ਹੈ।
ਅੱਛੇ ਦਿਨ ਜਾਂ ਮੈਂ ਚੌਕੀਦਾਰ ਹਾਂ ਅਤੇ ਹੁਣ ਮੇਰੇ ਪਰੀਜਨ (ਪਰਿਵਾਰ) ਕਹਿ ਕੇ ਲੋਕਾਂ ਨਾਲ ਧੋਖਾ ਕਰਨ ਵਾਲੇ ਆਗੂਆਂ ਨੂੰ ਕਰੜੇ ਹੱਥੀਂ ਲਿਆ
ਮੁੱਖ ਮੰਤਰੀ ਨੇ ਕਿਹਾ ਕਿ ਸੰਕਲਪ ਪੱਤਰਾਂ ਜਾਂ ਚੋਣ ਮਨੋਰਥ ਪੱਤਰਾਂ ਦੀ ਬਜਾਏ ਹੁਣ ਸਿਆਸੀ ਪਾਰਟੀਆਂ ਲੋਕਾਂ ਨੂੰ ਭਲਾਈ ਦੀਆਂ ਗਰੰਟੀਆਂ ਦੇ ਰਹੀਆਂ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਹ ਹਮੇਸ਼ਾ ਹੀ ਕਿਸੇ ਵੀ ਪਾਰਟੀ ਦੇ ਚੋਣ ਮਨੋਰਥ ਪੱਤਰ ਨੂੰ ਕਾਨੂੰਨੀ ਦਸਤਾਵੇਜ਼ ਬਣਾਉਣ ਦੇ ਮੁਦੱਈ ਰਹੇ ਹਨ ਤਾਂ ਜੋ ਸਿਆਸੀ ਪਾਰਟੀਆਂ ਆਮ ਆਦਮੀ ਨਾਲ ਧੋਖਾ ਨਾ ਕਰ ਸਕਣ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਵਾਰ-ਵਾਰ ‘ਅੱਛੇ ਦਿਨ’ ਜਾਂ ‘ਮੈਂ ਚੌਕੀਦਾਰ ਹਾਂ’ ਦੱਸ ਕੇ ਗੁੰਮਰਾਹ ਕੀਤਾ ਗਿਆ ਹੈ ਅਤੇ ਹੁਣ ਮੇਰੇ ਪਰੀਜਨ (ਪਰਿਵਾਰ) ਕਿਹਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਕੇਂਦਰ ਵਿੱਚ ਸੱਤਾ ਵਿੱਚ ਬੈਠੀ ਪਾਰਟੀ ਦੇ ਹੱਕ ਵਿੱਚ ਦਲ-ਬਦਲੀ ਵਿਰੋਧੀ ਕਾਨੂੰਨ ਦੀ ਦੁਰਵਰਤੋਂ ਕੀਤੀ ਗਈ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਮਨੋਰਥ ਪੱਤਰ ਦੀ ਬਜਾਏ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਨੇ ਗਾਰੰਟੀ ਦੇ ਕੇ ਅਰਵਿੰਦ ਕੇਜਰੀਵਾਲ ਦੇ ਵਿਜ਼ਨ ਦੀ ਨਕਲ ਕੀਤੀ ਹੈ।
ਉਨ੍ਹਾਂ ਕਿਹਾ ਕਿ ਅਰਵਿੰਦ ਕੇਜਰੀਵਾਲ ਨੇ ਫੁੱਟ ਪਾਊ ਰਾਜਨੀਤੀ ਨੂੰ ਨਕਾਰ ਕੇ ਮੁੱਲ ਅਧਾਰਤ ਰਾਜਨੀਤੀ ਦੀ ਸ਼ੁਰੂਆਤ ਕਰਕੇ ਰਾਜਨੀਤੀ ਵਿੱਚ ਇੱਕ ਨਵਾਂ ਬਦਲਾਅ ਲਿਆਂਦਾ ਹੈ।
ਸਰਕਾਰ ਨੇ ਹੁਣ ਤੱਕ 40,437 ਸਰਕਾਰੀ ਨੌਕਰੀਆਂ ਦਿੱਤੀਆਂ ਅਤੇ ਵੀਰਵਾਰ ਨੂੰ ਦਿੱਤੀਆਂ ਜਾਣਗੀਆਂ 2487 ਹੋਰ ਨੌਕਰੀਆਂ : ਭਗਵੰਤ ਮਾਨ
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਨੌਜਵਾਨਾਂ ਦੇ ਸਸ਼ਕਤੀਕਰਨ ਲਈ ਸੂਬੇ ਦੇ ਨੌਜਵਾਨਾਂ ਨੂੰ ਵੱਖ-ਵੱਖ ਵਿਭਾਗਾਂ ਵਿੱਚ 40, 437 ਨੌਕਰੀਆਂ ਦਿੱਤੀਆਂ ਹਨ। ਇਸੇ ਤਰ੍ਹਾਂ ਉਨ੍ਹਾਂ ਦੱਸਿਆ ਕਿ ਵੀਰਵਾਰ ਨੂੰ ਸੰਗਰੂਰ ਵਿਖੇ ਇਕ ਸਮਾਗਮ ਦੌਰਾਨ 2487 ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਜਾਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਵਿਰੋਧੀ ਧਿਰ ਇਸ ਮੁੱਦੇ ’ਤੇ ਬੇਲੋੜਾ ਰੌਲਾ ਪਾ ਰਹੀ ਹੈ ਕਿਉਂਕਿ ਉਨ੍ਹਾਂ ਨੇ ਕਦੇ ਵੀ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਨਹੀਂ ਦਿੱਤੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਉਹ ਲੋਕਾਂ ਨੂੰ ਮੁਫਤ ਬਿਜਲੀ, ਮੁਫਤ ਸਿੱਖਿਆ, ਮੁਫਤ ਸਿਹਤ ਸੇਵਾਵਾਂ ਦੇਣਾ ਚੰਗੀ ਤਰ੍ਹਾਂ ਜਾਣਦੇ ਹਨ, ਪਰ ਵਿਰੋਧੀ ਧਿਰਾਂ ਨੂੰ ਸਿਰਫ ਬੁਨਿਆਦੀ ਮੁੱਦਿਆਂ ਤੋਂ ਭੱਜਣ ਦੀ ਕਲਾ ਵਿੱਚ ਮੁਹਾਰਤ ਹਾਸਲ ਹੈ।
ਉਨ੍ਹਾਂ ਕਿਹਾ ਕਿ ਵਿਰੋਧੀ ਧਿਰ ਖਾਸ ਤੌਰ ’ਤੇ ਕਾਂਗਰਸ ਨੂੰ ਗੈਰ-ਜ਼ਿੰਮੇਵਾਰਾਨਾ ਕੰਮ ਕਰਨ ਦੀ ਆਦਤ ਹੈ ਅਤੇ ਸਿਰਫ ਮੀਡੀਆ ’ਚ ਸੁਰਖੀਆਂ ਬਟੋਰਨ ਲਈ ਵਾਕਆਊਟ ਕਰ ਰਹੀ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਕਾਂਗਰਸ ਅਕਸਰ ਕਹਿੰਦੀ ਹੈ ਕਿ ‘ਆਪ’ ਦੇ ਕਈ ਵਿਧਾਇਕ ਉਨ੍ਹਾਂ ਦੇ ਸੰਪਰਕ ਵਿੱਚ ਹਨ ਜਦੋਂਕਿ ਇਹ ਹਕੀਕਤ ਹੈ ਕਿ ਉਹ ਇੱਕ ਦੂਜੇ ਦੇ ਸੰਪਰਕ ਵਿੱਚ ਨਹੀਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਲੋਕ ਕਾਂਗਰਸੀ ਆਗੂਆਂ ਦੇ ਇਸ ਗੈਰ-ਜ਼ਿੰਮੇਵਾਰਾਨਾ ਵਤੀਰੇ ਨੂੰ ਦੇਖ ਰਹੇ ਹਨ ਅਤੇ ਉਹ ਦਿਨ ਦੂਰ ਨਹੀਂ ਜਦੋਂ ਉਨ੍ਹਾਂ ਨੂੰ ਛੇਤੀ ਹੀ ਸਿਆਸੀ ਅਹੁਦਿਆਂ ਤੋਂ ਲਾਂਭੇ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ-ਪੱਖੀ ਬਜਟ ਕਾਰਨ ਹੁਣ ਸੂਬੇ ਦੇ ਕੋਨੇ-ਕੋਨੇ ਵਿੱਚ ਖੁਸ਼ੀ ਦੇ ਸਮਾਗਮ ਹੋ ਰਹੇ ਹਨ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਸੂਬਾ ਸਰਕਾਰ ਦੀ ਨਕਾਰਾਤਮਕ ਪਹੁੰਚ ਕਾਰਨ ਨੌਜਵਾਨ ਰੋਜ਼ਗਾਰ ਦੀ ਭਾਲ ਵਿੱਚ ਵਿਦੇਸ਼ ਜਾਣ ਲਈ ਮਜਬੂਰ ਸਨ ਪਰ ਹੁਣ ਹਰ ਦਿਨ ਨਿਯੁਕਤੀ ਪੱਤਰ ਦੇਣ ਦੇ ਨਾਲ-ਨਾਲ ਨਵੇਂ ਹਸਪਤਾਲ ਤੇ ਸਕੂਲ ਖੋਲ੍ਹਣ ਵਰਗੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਅਣਥੱਕ ਯਤਨਾਂ ਸਦਕਾ ਆਬਕਾਰੀ ਅਤੇ ਜੀਐਸਟੀ ਵਿੱਚ ਭਾਰੀ ਵਾਧਾ ਹੋਇਆ ਹੈ ਅਤੇ ਸੂਬਾ ਸਰਕਾਰ ਵਪਾਰੀਆਂ ਦੀ ਭਲਾਈ ਲਈ ਉਨ੍ਹਾਂ ਨਾਲ ਲਗਾਤਾਰ ਵਿਚਾਰ-ਵਟਾਂਦਰਾ ਕਰ ਰਹੀ ਹੈ।
ਉਨ੍ਹਾਂ ਕਿਹਾ ਕਿ ਇਸ ਦੇ ਉਲਟ ਕੇਂਦਰ ਸਰਕਾਰ ਵੱਲੋਂ ਲੋਕਾਂ ਨੂੰ ਤੰਗ ਪਰੇਸ਼ਾਨ ਕਰਨ ਲਈ ਕੇਂਦਰੀ ਏਜੰਸੀਆਂ ਦੀ ਵਰਤੋਂ ਕੀਤੀ ਜਾਂਦੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਭਾਰਤ ਰਤਨ ਡਾ.ਆਰ.ਬੀ.ਆਰ. ਅੰਬੇਦਕਰ ਭਾਰਤੀ ਸੰਵਿਧਾਨ ਦੇ ਮੁੱਖ ਨਿਰਮਾਤਾ ਸਨ ਪਰ ਹੁਣ ਕੇਂਦਰ ਸਰਕਾਰ ਸਾਰੀਆਂ ਸੰਵਿਧਾਨਕ ਕਦਰਾਂ-ਕੀਮਤਾਂ ਨੂੰ ਛਿੱਕੇ ਟੰਗ ਕੇ ਇਸ ਦਸਤਾਵੇਜ਼ ਨੂੰ ਢਾਹ ਲਾ ਕੇ ਬਾਬਾ ਸਾਹਿਬ ਦਾ ਘੋਰ ਨਿਰਾਦਰ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਿੱਚ ਇਹ ਰੁਝਾਨ ਲੋਕਤੰਤਰ ਲਈ ਚੰਗਾ ਸੰਕੇਤ ਨਹੀਂ ਹੈ। ਉਨ੍ਹਾਂ ਕਿਹਾ ਕਿ ਦੇਸ਼ ਦੇ ਲੋਕਤੰਤਰ ਨੂੰ ਬਚਾਉਣਾ ਸਮੇਂ ਦੀ ਮੁੱਖ ਲੋੜ ਹੈ, ਜਿਸ ਲਈ ਉਹ ਲਗਾਤਾਰ ਯਤਨਸ਼ੀਲ ਹੈ ਅਤੇ ਇਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਵਾਅਦਾ ਕੀਤਾ ਸੀ ਕਿ ਸਰਕਾਰ ਚੰਡੀਗੜ੍ਹ ਤੋਂ ਨਹੀਂ ਪਿੰਡਾਂ ਤੋਂ ਚੱਲੇਗੀ, ਜਿਸ ਲਈ ‘ਸਰਕਾਰ ਆਪ ਦੇ ਦੁਆਰ’ ਯੋਜਨਾ ਸ਼ੁਰੂ ਕੀਤੀ ਗਈ ਹੈ।
ਇਸੇ ਤਰ੍ਹਾਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਵੱਖ-ਵੱਖ ਤੀਰਥ ਸਥਾਨਾਂ ‘ਤੇ ਮੱਥਾ ਟੇਕਣ ਦੀ ਸਹੂਲਤ ਦੇਣ ਲਈ ‘ਮੁੱਖ ਮੰਤਰੀ ਤੀਰਥ ਯਾਤਰਾ ਸਕੀਮ’ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਸਰਹੱਦਾਂ ਦੀ ਰਾਖੀ ਕਰਦਿਆਂ ਆਪਣੀਆਂ ਜਾਨਾਂ ਨਿਛਾਵਰ ਕਰਨ ਵਾਲੇ ਬਹਾਦਰ ਜਵਾਨਾਂ ਦੇ ਸਤਿਕਾਰ ਵਜੋਂ ਸੂਬਾ ਸਰਕਾਰ ਵੱਲੋਂ ਡਿਊਟੀ ਦੌਰਾਨ ਸ਼ਹੀਦੀ ਪ੍ਰਾਪਤ ਕਰਨ ਵਾਲੇ ਜਵਾਨਾਂ ਦੇ ਵਾਰਸਾਂ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾ ਰਹੀ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੰਜਾਬ ਦੇ ਕੁਦਰਤੀ ਸੋਮਿਆਂ ਨੂੰ ਵਿਸ਼ਵ ਅੱਗੇ ਉਜਾਗਰ ਕਰਕੇ ਪੰਜਾਬ ਵਿੱਚ ਸੈਰ ਸਪਾਟਾ ਉਦਯੋਗ ਨੂੰ ਹੁਲਾਰਾ ਦੇਣ ਲਈ ਠੋਸ ਉਪਰਾਲੇ ਕਰ ਰਹੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਆਮ ਲੋਕਾਂ ਨੂੰ ਲਾਭ ਪਹੁੰਚਾਉਣ ਲਈ ਲੀਹੋਂ ਹਟਵੇਂ ਉਪਰਾਲੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਨਿੱਜੀ ਕੰਪਨੀ ਜੀ.ਵੀ.ਕੇ. ਪਾਵਰ ਤੋਂ ਗੋਇੰਦਵਾਲ ਪਾਵਰ ਪਲਾਂਟ ਖਰੀਦ ਕੇ ਸਫਲਤਾ ਦੀ ਨਵੀਂ ਕਹਾਣੀ ਲਿਖੀ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬੇ ਦਾ ਖਜ਼ਾਨਾ ਕਦੇ ਵੀ ਖਾਲੀ ਨਹੀਂ ਰਿਹਾ ਪਰ ਪਿਛਲੀਆਂ ਸਰਕਾਰਾਂ ਵਿੱਚ ਆਮ ਜਨਤਾ ਦੀ ਭਲਾਈ ਨੂੰ ਯਕੀਨੀ ਬਣਾਉਣ ਦੀ ਨੀਅਤ ਨਹੀਂ ਹੈ ਜਿਸ ਕਾਰਨ ਉਨ੍ਹਾਂ ਨੇ ਲੋਕਾਂ ਦੀ ਭਲਾਈ ਲਈ ਕੋਈ ਕੰਮ ਨਹੀਂ ਕੀਤਾ।
ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਦੇ ਆਗੂ ਬੇਰੁਜ਼ਗਾਰਾਂ ਦਾ ਇਕ ਨਵਾਂ ਰੂਪ ਹਨ, ਜਿਨ੍ਹਾਂ ਨੂੰ ਲੋਕਾਂ ਨੇ ਉਨ੍ਹਾਂ ਦੀ ਕਾਰਗੁਜ਼ਾਰੀ ਕਾਰਨ ਸੱਤਾ ਤੋਂ ਬਾਹਰ ਕਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਆਗੂ ਉਨ੍ਹਾਂ ਨਾਲ ਈਰਖਾ ਕਰਦੇ ਹਨ ਕਿਉਂਕਿ ਉਹ ਇੱਕ ਸਧਾਰਨ ਪਰਿਵਾਰ ਨਾਲ ਸਬੰਧਤ ਹਨ।
ਉਨ੍ਹਾਂ ਅੱਗੇ ਕਿਹਾ ਕਿ ਇਹ ਆਗੂ ਹਮੇਸ਼ਾ ਸੱਤਾ ਉੱਤੇ ਆਪਣਾ ਬੁਨਿਆਦੀ ਹੱਕ ਸਮਝਦੇ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਇਹ ਹਜ਼ਮ ਨਹੀਂ ਹੋ ਰਿਹਾ ਕਿ ਇੱਕ ਆਮ ਆਦਮੀ ਸੂਬੇ ਦੇ ਪ੍ਰਸਾਸ਼ਨ ਨੂੰ ਸਹੀ ਢੰਗ ਕਿਉਂ ਚਲਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਲੰਮਾ ਸਮਾਂ ਲੋਕਾਂ ਨੂੰ ਮੂਰਖ ਬਣਾਇਆ ਹੈ ਪਰ ਹੁਣ ਲੋਕ ਇਨ੍ਹਾਂ ਦੇ ਗੁੰਮਰਾਹਕੁੰਨ ਪ੍ਰਚਾਰ ਤੋਂ ਚੰਗੀ ਤਰ੍ਹਾਂ ਜਾਣੂ ਹਨ।
ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਸਾਲ ਦੌਰਾਨ ਪੰਜਾਬ ਸਰਕਾਰ ਵੱਲੋਂ ਸੂਬੇ ਦੀ ਭਲਾਈ ਲਈ ਵਿਆਪਕ ਉਪਰਾਲੇ ਕੀਤੇ ਗਏ ਹਨ ਅਤੇ ਇਸ ਬਜਟ ਰਾਹੀਂ ਅਜਿਹੇ ਹੋਰ ਉਪਰਾਲੇ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਭਾਵੇਂ ਪਿਛਲੀਆਂ ਸਰਕਾਰਾਂ ਨੇ ਸੂਬੇ ਨੂੰ ਬੁਰੀ ਤਰ੍ਹਾਂ ਲੁੱਟਿਆ ਸੀ ਪਰ ਲੋਕਾਂ ਦੇ ਨਿਮਾਣੇ ਸੇਵਕ ਵਜੋਂ ਸੂਬਾ ਸਰਕਾਰ ਅਤੇ ਹਰ ਵਿਧਾਇਕ ਲੋਕਾਂ ਦੀ ਭਲਾਈ ਲਈ ਸਮਰਪਿਤ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਬਜਟ ਵਾਂਗ ਅਗਲਾ ਬਜਟ ਹੋਰ ਵੀ ਸ਼ਾਨਦਾਰ ਹੋਵੇਗਾ ਕਿਉਂਕਿ ਇਸ ਵਿੱਚ ਕੋਈ ਵੀ ਟੈਕਸ ਨਹੀਂ ਲਗਾਇਆ ਜਾਵੇਗਾ ਸਗੋਂ ਲੋਕਾਂ ਨੂੰ ਵੱਧ ਤੋਂ ਵੱਧ ਸਹੂਲਤਾਂ ਦਿੱਤੀਆਂ ਜਾਣਗੀਆਂ।
ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਕਿਸਾਨਾਂ ਦੇ ਨਾਲ ਖੜ੍ਹੀ ਹੈ ਅਤੇ ਉਨ੍ਹਾਂ ਦੀ ਭਲਾਈ ਲਈ ਵੱਡੇ ਪੱਧਰ ‘ਤੇ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਪਹਿਲੀ ਵਾਰ ਸਿੱਖਿਆ ਖੇਤਰ ਲਈ ਬਜਟ ਵਿੱਚ ਵੱਡੀ ਰਕਮ ਰਾਖਵੀਂ ਰੱਖੀ ਗਈ ਹੈ ਕਿਉਂਕਿ ਸੂਬਾ ਸਰਕਾਰ ਇਸ ਬਜਟ ਰਾਹੀਂ ਆਮ ਆਦਮੀ ਦੇ ਸਸ਼ਕਤੀਕਰਨ ਲਈ ਵਚਨਬੱਧ ਹੈ।
ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲਾ ਸਿੱਖਿਆ ਦੇ ਪ੍ਰਸਾਰ ਰਾਹੀਂ ਲੋਕਾਂ ਦੀ ਖੁਸ਼ਹਾਲੀ ਨੂੰ ਯਕੀਨੀ ਬਣਾਉਣ ਦੇ ਨਾਲ-ਨਾਲ ਲੋਕਾਂ ਦੀ ਕਿਸਮਤ ਨੂੰ ਬਦਲਣ ਵਿੱਚ ਅਹਿਮ ਭੂਮਿਕਾ ਨਿਭਾਏਗਾ।