Follow us

30/12/2024 12:01 am

Search
Close this search box.
Home » News In Punjabi » ਚੰਡੀਗੜ੍ਹ » ਮੁੱਖ ਮੰਤਰੀ ਵੱਲੋਂ ਸਿੱਖਾਂ ਦੇ ਮੱਥੇ ਉਤੇ ਘੋੜਾ ਚੋਰ ਦਾ ਕਲੰਕ ਲਾਉਣ ਵਾਲੇ ਮਜੀਠੀਆ ਖ਼ਾਨਦਾਨ ਦੇ ਵਾਰਸ ਬਿਕਰਮ ਸਿੰਘ ਮਜੀਠੀਆ ਨੂੰ 5 ਦਸੰਬਰ ਤੱਕ ਅਰਬੀ ਘੋੜਿਆਂ ਬਾਰੇ ਜਾਣਕਾਰੀ ਦੇਣ ਦੀ ਚੁਣੌਤੀ

ਮੁੱਖ ਮੰਤਰੀ ਵੱਲੋਂ ਸਿੱਖਾਂ ਦੇ ਮੱਥੇ ਉਤੇ ਘੋੜਾ ਚੋਰ ਦਾ ਕਲੰਕ ਲਾਉਣ ਵਾਲੇ ਮਜੀਠੀਆ ਖ਼ਾਨਦਾਨ ਦੇ ਵਾਰਸ ਬਿਕਰਮ ਸਿੰਘ ਮਜੀਠੀਆ ਨੂੰ 5 ਦਸੰਬਰ ਤੱਕ ਅਰਬੀ ਘੋੜਿਆਂ ਬਾਰੇ ਜਾਣਕਾਰੀ ਦੇਣ ਦੀ ਚੁਣੌਤੀ

ਜੇਕਰ ਮਜੀਠੀਆ ਨੇ ਨਾ ਦੱਸਿਆ ਤਾਂ ਮੈਂ ਨਾਮ ਜਨਤਕ ਕਰਾਂਗਾ

ਚੰਡੀਗੜ੍ਹ : ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਦੇ ਪੁਰਖਿਆਂ ਦੇ ਪੰਜਾਬ ਅਤੇ ਸਿੱਖ ਵਿਰੋਧੀ ਕਿਰਦਾਰ ਦਾ ਖ਼ੁਲਾਸਾ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਆਖਿਆ ਕਿ ਬਿਕਰਮ ਮਜੀਠੀਆ ਦੇ ਪੁਰਖਿਆਂ ਦੀ ਲਾਲਸਾ ਅਤੇ ਨਿੱਜਵਾਦ ਨੇ ਸਿੱਖਾਂ ਦੇ ਮੱਥੇ ਉਤੇ ਘੋੜਾ ਚੋਰ ਦਾ ਕਲੰਕ ਲਾਇਆ ਹੈ, ਜਿਸ ਕਰਕੇ ਇਹ ਮੁਆਫੀ ਦੇ ਵੀ ਲਾਇਕ ਨਹੀਂ ਹਨ।


ਇੱਥੇ ਮਿਊਂਸਿਪਲ ਭਵਨ ਵਿਖੇ ਨਿਯੁਕਤੀ ਪੱਤਰ ਵੰਡ ਸਮਾਰੋਹ ਦੌਰਾਨ ਮੁੱਖ ਮੰਤਰੀ ਨੇ ਆਖਿਆ ਕਿ ਸਾਲ 1957 ਵਿੱਚ ਭਾਰਤ ਵਿੱਚ ਚੋਣਾਂ ਹੋਈਆਂ ਤਾਂ ਉਸ ਮੌਕੇ ਜਵਾਹਰ ਲਾਲ ਨਹਿਰੂ ਪ੍ਰਧਾਨ ਮੰਤਰੀ ਬਣੇ। ਉਨ੍ਹਾਂ ਦੀ ਅਗਵਾਈ ਵਿੱਚ ਇਕ ਵਫ਼ਦ ਅਰਬ ਮੁਲਕਾਂ ਦੇ ਦੌਰੇ ਉਤੇ ਗਿਆ ਸੀ। ਇਸ ਵਫ਼ਦ ਵਿੱਚ ਬਿਕਰਮ ਸਿੰਘ ਮਜੀਠੀਆ ਦੇ ਪੁਰਖਿਆਂ ਵਿੱਚੋਂ ਤਤਕਾਲੀ ਉਪ ਰੱਖਿਆ ਮੰਤਰੀ ਸੁਰਜੀਤ ਸਿੰਘ ਮਜੀਠੀਆ ਵੀ ਸ਼ਾਮਲ ਸਨ।

ਉਨ੍ਹਾਂ ਕਿਹਾ ਕਿ ਅਰਬ ਮੁਲਕ ਦੇ ਇਕ ਰਾਜੇ ਨੇ ਭਾਰਤੀ ਫੌਜ ਲਈ ਯਾਦ ਵਜੋਂ ਅਰਬੀ ਨਸਲ ਦੇ ਸ਼ਾਨਦਾਰ ਘੋੜੇ ਤੋਹਫ਼ੇ ਵਿੱਚ ਦਿੱਤੇ ਸਨ। ਇਹ ਘੋੜੇ ਸਿਖਲਾਈ ਲਈ ਫੌਜ ਦੇ ਸਿਖਲਾਈ ਕੇਂਦਰ ਮੇਰਠ ਭੇਜੇ ਜਾਣੇ ਸਨ, ਜਿੱਥੇ ਫੌਜ ਵਿੱਚ ਸ਼ਾਮਲ ਜਾਨਵਰਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਂਦੀ ਹੈ। ਦੋ ਮਹੀਨੇ ਬਾਅਦ ਅਰਬੀ ਰਾਜੇ ਨੇ ਘੋੜਿਆਂ ਦੀ ਹਾਲਤ ਬਾਰੇ ਪਤਾ ਕੀਤਾ ਤਾਂ ਪਤਾ ਲੱਗਿਆ ਕਿ ਉਹ ਘੋੜੇ ਮੇਰਠ ਵਿੱਚ ਪੁੱਜੇ ਹੀ ਨਹੀਂ। ਇਸ ਤੋਂ ਬਾਅਦ ਰਾਜੇ ਨੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਕੋਲ ਨਾਰਾਜ਼ਗੀ ਜ਼ਾਹਰ ਕੀਤੀ।

ਮੁੱਖ ਮੰਤਰੀ ਨੇ ਦੱਸਿਆ ਕਿ ਇਸ ਮੰਦਭਾਗੀ ਘਟਨਾ ਨੂੰ ਲੈ ਕੇ ਸ੍ਰੀ ਨਹਿਰੂ ਨੇ ਤੁਰੰਤ ਸੁਰਜੀਤ ਸਿੰਘ ਮਜੀਠੀਆ ਦਾ ਅਸਤੀਫ਼ਾ ਲੈ ਲਿਆ ਸੀ। ਮੁੱਖ ਮੰਤਰੀ ਨੇ ਕਿਹਾ, “ਇਸ ਘਟਨਾ ਨੇ ਸਿੱਖਾਂ ਦੇ ਸੱਚੇ-ਸੁੱਚੇ ਕਿਰਦਾਰ ਉਤੇ ਸਵਾਲ ਖੜ੍ਹੇ ਕੀਤੇ। ਇਹ ਬਹੁਤ ਦੁੱਖ ਦੀ ਗੱਲ ਹੈ,

ਮਾਨ ਨੇ ਕਿਹਾ ਕਿ ਬਰਤਾਨਵੀ ਹਕੂਮਤ ਦਾ ਪਾਣੀ ਭਰਨ ਵਾਲੇ ਮਜੀਠੀਆ ਖ਼ਾਨਦਾਨ ਨੂੰ ਅੰਗਰੇਜ਼ਾਂ ਨੇ ਸਰ ਦੀ ਉਪਾਧੀ ਨਾਲ ਨਿਵਾਜਿਆ ਸੀ ਅਤੇ ਇਹ ਉਪਾਧੀ ਅੰਗਰੇਜ਼ ਆਪਣੇ ਪਿੱਠੂਆਂ ਨੂੰ ਦਿੰਦੇ ਸਨ।

ਮੁੱਖ ਮੰਤਰੀ ਨੇ ਕਿਹਾ ਕਿ ਮਜੀਠੀਆ ਖ਼ਾਨਦਾਨ ਨੇ 13 ਅਪ੍ਰੈਲ, 1919 ਨੂੰ ਵਾਪਰੇ ਜੱਲ੍ਹਿਆਵਾਲਾ ਬਾਗ਼ ਦੇ ਕਤਲੇਆਮ ਵਾਲੇ ਦਿਨ ਤੋਂ ਅਗਲੇ ਦਿਨ ਇਸ ਕਤਲੇਆਮ ਦੇ ਦੋਸ਼ੀ ਜਨਰਲ ਡਾਇਰ ਨੂੰ ਖਾਣਾ ਪਰੋਸਿਆ, ਜਿਸ ਤੋਂ ਇਨ੍ਹਾਂ ਦੀ ਜ਼ਹਿਨੀਅਤ ਦਾ ਪਤਾ ਲਗਦਾ ਹੈ। ਇੱਥੇ ਹੀ ਬੱਸ ਨਹੀਂ, ਜਨਰਲ ਡਾਇਰ ਨੂੰ ਸਿਰੋਪਾਓ ਵੀ ਦਿਵਾਇਆ ਗਿਆ ਅਤੇ ਮੁਆਫ਼ੀ ਵੀ ਦਿਵਾਈ।

ਉਨ੍ਹਾਂ ਕਿਹਾ ਕਿ ਇਹ ਹੋਰ ਵੀ ਹੈਰਾਨੀ ਦੀ ਗੱਲ ਹੈ ਕਿ ਸਿਰੋਪਾਓ ਦੇਣ ਵਾਲੇ ਜਥੇਦਾਰ ਅਰੂੜ ਸਿੰਘ ਲੋਕ ਸਭਾ ਮੈਂਬਰ ਸਿਮਰਜੀਤ ਸਿੰਘ ਮਾਨ ਦੇ ਨਾਨਾ ਸਨ। ਭਗਵੰਤ ਸਿੰਘ ਮਾਨ ਨੇ ਕਿਹਾ, “ਇਤਿਹਾਸ ਕਦੇ ਮਿਟਾਇਆ ਨਹੀਂ ਜਾ ਸਕਦਾ, ਮਜੀਠੀਆ ਦੇ ਪੁਰਖਿਆਂ ਦੇ ਕਿਰਦਾਰ ਇਤਿਹਾਸ ਦੇ ਪੰਨਿਆਂ ਵਿੱਚ ਦਰਜ ਹਨ।”

ਸ਼੍ਰੋਮਣੀ ਅਕਾਲੀ ਦਲ ਦੀ ਸਥਿਤੀ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਇਸ ਪਾਰਟੀ ਦਾ ਬੇੜਾ ਹੁਣ ਡੁੱਬ ਚੁੱਕਾ ਹੈ ਅਤੇ ਹਾਲਤ ਇਹ ਬਣੀ ਹੋਈ ਹੈ ਕਿ ਸੁਖਬੀਰ ਸਿੰਘ ਬਾਦਲ ਅਤੇ ਬਿਕਰਮ ਸਿੰਘ ਮਜੀਠੀਆ ਤੇ ਹਰਸਿਮਰਤ ਬਾਦਲ ਦੀ ਸੁਰ ਵੀ ਆਪਸ ਵਿੱਚ ਨਹੀਂ ਮਿਲਦੀ।

ਵੱਖ-ਵੱਖ ਵਿਭਾਗਾਂ ਦੇ 251 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ

ਇਸ ਦੌਰਾਨ ਮੁੱਖ ਮੰਤਰੀ ਨੇ ਕਿਹਾ ਕਿ ਪੰੰਜਾਬ ਵਿੱਚ ਸਰਕਾਰੀ ਨੌਕਰੀਆਂ ਦੇਣ ਦੇ ਸਿਲਸਿਲੇ ਨੂੰ ਜਾਰੀ ਰੱਖਦਿਆਂ ਪੰਜਾਬ ਸਰਕਾਰ ਨੇ ਵੱਖ-ਵੱਖ ਵਿਭਾਗਾਂ ਵਿੱਚ ਹੁਣ ਤੱਕ 37934 ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰਵਾ ਦਿੱਤੀਆਂ ਹਨ। ਵੱਖ-ਵੱਖ ਵਿਭਾਗਾਂ ਦੇ 251 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪਣ ਮੌਕੇ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸਾਰੀਆਂ 37934 ਨਿਯੁਕਤੀਆਂ ਪੂਰੀ ਤਰ੍ਹਾਂ ਮੈਰਿਟ ਦੇ ਆਧਾਰ ਉਤੇ ਹੋਈਆਂ ਹਨ।

ਉਨ੍ਹਾਂ ਕਿਹਾ ਕਿ ਪੂਰੀ ਪਾਰਦਰਸ਼ੀ ਪ੍ਰਕਿਰਿਆ ਅਪਨਾਉਣ ਤੋਂ ਬਾਅਦ ਇਹ ਨਿਯੁਕਤੀਆਂ ਕੀਤੀਆਂ ਗਈਆਂ ਹਨ ਅਤੇ ਇਨ੍ਹਾਂ ਨੌਜਵਾਨਾਂ ਨੇ ਬੇਹੱਦ ਮੁਕਾਬਲੇ ਵਾਲੀਆਂ ਪ੍ਰੀਖਿਆਵਾਂ ਪਾਸ ਕਰਨ ਮਗਰੋਂ ਇਹ ਨੌਕਰੀਆਂ ਹਾਸਲ ਕੀਤੀਆਂ ਹਨ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡੀ ਸਰਕਾਰ ਦਾ ਪਹਿਲੇ ਦਿਨ ਤੋਂ ਹੀ ਇਕੋ-ਇਕ ਏਜੰਡਾ ਨੌਜਵਾਨਾਂ ਨੂੰ ਨੌਕਰੀਆਂ ਮੁਹੱਈਆ ਕਰ ਕੇ ਉਨ੍ਹਾਂ ਨੂੰ ਵੱਧ ਅਧਿਕਾਰ ਦੇਣਾ ਹੈ। ਲੜਕੀਆਂ ਨੂੰ ਨੌਕਰੀਆਂ ਦੇ ਵਧੇਰੇ ਮੌਕੇ ਮਿਲਣ ਉਤੇ ਖੁਸ਼ੀ ਸਾਂਝੀ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਲੜਕੀਆਂ ਪ੍ਰਤੀ ਆਪਣੀ ਧਾਰਨਾ ਬਦਲ ਲੈਣੀ ਚਾਹੀਦੀ ਹੈ ਕਿਉਂਕਿ ਲੜਕੀਆਂ ਹਰੇਕ ਖੇਤਰ ਵਿੱਚ ਬਾਜ਼ੀ ਮਾਰ ਰਹੀਆਂ ਹਨ।

ਪੰਜਾਬ ਦੀ ਮਹਾਨ ਅਤੇ ਜਰਖੇਜ਼ ਧਰਤੀ ਛੱਡ ਕੇ ਵਿਦੇਸ਼ ਜਾਣ ਦੇ ਰੁਝਾਨ ਉਤੇ ਚਿੰਤਾ ਪ੍ਰਗਟਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਹੁਣ ਇਹ ਰੁਝਾਨ ਬਦਲ ਰਿਹਾ ਹੈ। ਉਨ੍ਹਾਂ ਕਿਹਾ ਕਿ ਇਹ ਬੜੀ ਖੁਸ਼ੀ ਦੀ ਗੱਲ ਹੈ ਕਿ ਪੰਜਾਬ ਵਿੱਚ ਹੁਣ ਰਿਵਰਸ ਮਾਈਗ੍ਰੇਸ਼ਨ (ਵਤਨ ਵਾਪਸੀ) ਦਾ ਰੁਝਾਨ ਸ਼ੁਰੂ ਹੋਣ ਲੱਗਾ ਹੈ ਅਤੇ ਕਈ ਨੌਜਵਾਨਾਂ ਨੇ ਵਿਦੇਸ਼ ਛੱਡ ਕੇ ਪੰਜਾਬ ਵਿੱਚ ਸਰਕਾਰੀ ਨੌਕਰੀਆਂ ਹਾਸਲ ਕੀਤੀਆਂ ਹਨ।

ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸਲ ਵਿੱਚ ਸਾਡੇ ਨੌਜਵਾਨ ਪੰਜਾਬ ਦੀ ਪਵਿੱਤਰ ਧਰਤੀ ਨਾਲ ਬਹੁਤ ਮੋਹ ਕਰਦੇ ਹਨ ਪਰ ਪਿਛਲੇ ਸਮੇਂ ਵਿੱਚ ਮਾੜੇ ਸਿਸਟਮ ਤੋਂ ਤੰਗ ਆ ਕੇ ਵਿਦੇਸ਼ ਜਾਣ ਲਈ ਮਜੂਬਰ ਸਨ। ਉਨ੍ਹਾਂ ਕਿਹਾ ਕਿ ਹੁਣ ਨੌਜਵਾਨਾਂ ਨੂੰ ਆਪਣੀ ਮਨਪਸੰਦ ਦੀ ਨੌਕਰੀ ਕਰਨ ਦੇ ਮੌਕੇ ਪ੍ਰਦਾਨ ਕੀਤੇ ਜਾ ਰਹੇ ਹਨ ਤਾਂ ਕਿ ਉਨ੍ਹਾਂ ਦਾ ਭਵਿੱਖ ਸੁਰੱਖਿਅਤ ਬਣਾਇਆ ਜਾ ਸਕੇ।

ਪੰਜਾਬ ਦੇ ਖਜ਼ਾਨੇ ਨੂੰ ਖਾਲੀ ਕਹਿ ਕੇ ਲੋਕਾਂ ਦੇ ਅੱਖੀਂ ਘੱਟਾ ਪਾਉਣ ਵਾਲੇ ਸਿਆਸੀ ਆਗੂਆਂ ਉਤੇ ਤਿੱਖਾ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਅਸਲ ਵਿੱਚ ਖਜ਼ਾਨਾ ਕਦੇ ਖਾਲੀ ਨਹੀਂ ਹੁੰਦਾ, ਸਗੋਂ ਲੀਡਰਾਂ ਦੀ ਨੀਅਤ ਖੋਟੀ ਹੁੰਦੀ ਹੈ।

ਮੁੱਖ ਮੰਤਰੀ ਨੂੰ ਲੋਕ ਸੇਵਾ ਨੂੰ ਪ੍ਰਣਾਇਆ ਰਹਿਣ ਵਾਲਾ ਅਹੁਦਾ ਦੱਸਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕੁਰਸੀ ਆਰਾਮਪ੍ਰਸਤੀ ਲਈ ਨਹੀਂ ਹੁੰਦੀ, ਸਗੋਂ 24 ਘੰਟੇ ਲੋਕ ਸੇਵਾ ਨੂੰ ਸਮਰਪਿਤ ਹੁੰਦੀ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਉਹ ਪੰਜਾਬ ਦੀਆਂ ਜ਼ਮੀਨੀ ਹਕੀਕਤਾਂ ਤੋਂ ਚੰਗੀ ਤਰ੍ਹਾਂ ਜਾਣੂੰ ਹਨ ਜਿਸ ਕਰਕੇ ਉਹ ਪੰਜਾਬ ਦੇ ਹਿੱਤ ਵਿੱਚ ਤੁਰੰਤ ਫੈਸਲਾ ਲੈਂਦੇ ਹਨ।

ਮੁੱਖ ਮੰਤਰੀ ਨੇ ਅਧਿਕਾਰੀਆਂ ਨੂੰ ਵੀ ਨਸੀਹਤ ਦਿੱਤੀ ਕਿ ਜ਼ਮੀਨੀ ਸਥਿਤੀ ਨੂੰ ਸਮਝਣ ਤੋਂ ਬਿਨਾਂ ਚੰਡੀਗੜ੍ਹ ਬੈਠ ਕੇ ਫੈਸਲੇ ਨਾ ਕੀਤੇ ਜਾਣ ਕਿਉਂਕਿ ਹਰੇਕ ਇਲਾਕੇ ਦੇ ਹਾਲਾਤ ਵੱਖ-ਵੱਖ ਹੁੰਦੇ ਹਨ।

dawn punjab
Author: dawn punjab

Leave a Comment

RELATED LATEST NEWS

Top Headlines

ਪੰਜਾਬ ਸਰਕਾਰ ਸੂਚਨਾ ਅਧਿਕਾਰ ਐਕਟ-2005 ਅਧੀਨ ਜਾਣਕਾਰੀ ਮੁਹੱਈਆ ਕਰਵਾਉਣ ਤੋਂ ਇਨਕਾਰੀ: ਪੁਰਖਾਲਵੀ

ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ 50 ਹਜ਼ਾਰ ਨੌਕਰੀਆਂ ਦੇਣ ਦੇ ਦਾਅਵੇ ਮਹਿਜ ਡਰਾਮਾ-ਪੁਰਖਾਲਵੀ। ਮੁਹਾਲੀ : ਪੰਜਾਬ ਸਰਕਾਰ ਵੱਲੋਂ ਬੇਰੋਜਗਾਰ ਨੌਜਵਾਨਾਂ

Live Cricket

Rashifal