Follow us

09/01/2025 7:26 am

Search
Close this search box.
Home » News In Punjabi » ਚੰਡੀਗੜ੍ਹ » ਡਿਪਟੀ ਕਮਿਸ਼ਨਰ ਵਲੋਂ ਵੱਧ ਤੋਂ ਵੱਧ ਆਯੁਸ਼ਮਾਨ ਸਿਹਤ ਬੀਮਾ ਕਾਰਡ ਬਣਾਉਣ ਦੀ ਹਦਾਇਤ

ਡਿਪਟੀ ਕਮਿਸ਼ਨਰ ਵਲੋਂ ਵੱਧ ਤੋਂ ਵੱਧ ਆਯੁਸ਼ਮਾਨ ਸਿਹਤ ਬੀਮਾ ਕਾਰਡ ਬਣਾਉਣ ਦੀ ਹਦਾਇਤ

ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮਹੀਨਾਵਾਰ ਮੀਟਿੰਗ ਦੌਰਾਨ ਸਿਹਤ ਯੋਜਨਾਵਾਂ ਤੇ ਪ੍ਰੋਗਰਾਮਾਂ ਦੀ ਸਮੀਖਿਆ

ਘਰਾਂ ’ਚ ਅਸੁਰੱਖਿਅਤ ਜਣੇਪੇ ਕਰਵਾਉਣ ਵਾਲੀਆਂ ਦਾਈਆਂ ਵਿਰੁਧ ਕਾਨੂੰਨੀ ਕਾਰਵਾਈ ਕੀਤੀ ਜਾਵੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ :
ਡਿਪਟੀ ਕਮਿਸ਼ਨਰ ਸ੍ਰੀਮਤੀ ਆਸ਼ਿਕਾ ਜੈਨ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹੇ ਦੇ ਸਿਹਤ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਨ੍ਹਾਂ ਨੇ ਜ਼ਿਲ੍ਹੇ ਦੇ ਸਿਹਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਆਯੁਸ਼ਮਾਨ ਭਾਰਤ-ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤਹਿਤ ਜ਼ਿਲ੍ਹੇ ’ਚ ਵੱਧ ਤੋਂ ਵੱਧ ਲਾਭਪਾਤਰੀਆਂ ਦੇ ਬੀਮਾ ਕਾਰਡ ਬਣਾਏ ਜਾਣ ਤਾਂ ਜੋ ਲੋਕਾਂ ਨੂੰ ਮੁਫ਼ਤ ਸਿਹਤ ਸਹੂਲਤਾਂ ਦਾ ਵੱਧ ਤੋਂ ਵੱਧ ਲਾਭ ਮਿਲ ਸਕੇ।

ਉਨ੍ਹਾਂ ਕਿਹਾ ਕਿ ਵਿਕਸਤ ਭਾਰਤ ਸੰਕਲਪ ਯਾਤਰਾ ਮੁਹਿੰਮ ਤਹਿਤ ਜਾਗਰੂਕਤਾ ਵੈਨ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ ਵਿਚ ਹਰ ਰੋਜ਼ ਘੁੰਮ ਰਹੀ ਹੈ, ਜਿਸ ਬਾਬਤ ਵੱਖ-ਵੱਖ ਪ੍ਰਚਾਰ ਸਾਧਨਾਂ ਰਾਹੀਂ ਲੋਕਾਂ ਨੂੰ ਜਾਣਕਾਰੀ ਦਿਤੀ ਜਾਵੇ। ਜ਼ਿਕਰਯੋਗ ਹੈ ਕਿ ਇਸ ਮੁਹਿੰਮ ਤਹਿਤ ਜਿਥੇ ਆਯੂਸ਼ਮਾਨ ਬੀਮਾ ਕਾਰਡ ਬਣਾਏ ਜਾ ਰਹੇ ਹਨ, ਉਥੇ ਟੀ.ਬੀ. ਤੇ ਹੋਰ ਗ਼ੈਰ-ਸੰਚਾਰੀ ਬੀਮਾਰੀਆਂ ਦੀ ਜਾਂਚ ਦਾ ਕੰਮ ਵੀ ਕੀਤਾ ਜਾ ਰਿਹਾ ਹੈ। ਇਸ ਯੋਜਨਾ ਤਹਿਤ ਜ਼ਿਲ੍ਹੇ ’ਚ ਟੀਚਾਗਤ ਕੁੱਲ ਪਰਿਵਾਰਾਂ ਦੀ ਗਿਣਤੀ 121286 ਹੈ ਜਿਨ੍ਹਾਂ ਵਿਚੋਂ 91832 ਪਰਿਵਾਰਾਂ ਨੂੰ ਕਵਰ ਕੀਤਾ ਜਾ ਚੁੱਕਾ ਹੈ।


ਘਰਾਂ ’ਚ ਹੋਣ ਵਾਲੇ ਅਸੁਰੱਖਿਅਤ ਜਣੇਪਿਆਂ ਦੇ ਅਮਲ ’ਤੇ ਗੰਭੀਰ ਚਿੰਤਾ ਪ੍ਰਗਟ ਕਰਦਿਆਂ ਡਿਪਟੀ ਕਮਿਸ਼ਨਰ ਨੇ ਆਖਿਆ ਕਿ ਜੇਕਰ ਕੋਈ ਦਾਈ ਘਰਾਂ ’ਚ ਜਣੇਪਾ ਕਰਾਉਂਦੀ ਹੈ ਤਾਂ ਉਸ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ। ਉਨ੍ਹਾਂ ਸਿਹਤ ਅਧਿਕਾਰੀਆਂ ਨੂੰ ਕਿਹਾ ਕਿ ਇਸ ਅਮਲ ਨੂੰ ਰੋਕਣ ਲਈ ਆਸ਼ਾ ਵਰਕਰਾਂ ਦੀ ਜ਼ਿੰਮੇਵਾਰੀ ਤੈਅ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਗਰਭਵਤੀ ਔਰਤਾਂ ਦੀ ਵਿਸ਼ੇਸ਼ ਦੇਖਭਾਲ ਲਈ ਆਸ਼ਾ ਵਰਕਰਾਂ ਦੇ ਨਾਲ-ਨਾਲ ਆਂਗਣਵਾੜੀ ਵਰਕਰਾਂ ਦੀ ਵੀ ਡਿਊਟੀ ਲਗਾਈ ਜਾਵੇ। ਉਨ੍ਹਾਂ ਕਿਹਾ ਕਿ ਘਰਾਂ ’ਚ ਜਣੇਪਾ ਕਰਵਾਉਣਾ ਜੱਚਾ ਅਤੇ ਬੱਚਾ ਦੋਹਾਂ ਲਈ ਜੋਖ਼ਮ-ਭਰਪੂਰ ਹੈ, ਇਸ ਲਈ ਲੋਕਾਂ ਨੂੰ ਸਰਕਾਰੀ ਸਿਹਤ ਸੰਸਥਾਵਾਂ ਵਿਚ ਮਾਹਰ ਡਾਕਟਰਾਂ ਦੀ ਨਿਗਰਾਨੀ ਹੇਠ ਜਣੇਪਾ ਕਰਾਉਣਾ ਚਾਹੀਦਾ ਹੈ, ਜਿਥੇ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕੀਤੀ ਜਾ ਰਹੀਆਂ ਹਨ।
ਦੇਸ਼ ਦੇ ਕੁੱਝ ਹਿੱਸਿਆਂ ’ਚ ਕੋਵਿਡ-19 ਦੇ ਕੇਸਾਂ ਦੇ ਸਨਮੁਖ ਉਨ੍ਹਾਂ ਹਦਾਇਤ ਕੀਤੀ ਕਿ ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਕੋਵਿਡ ਸੈਂਪਲਿੰਗ ਦਾ ਕੰਮ ਤੇਜ਼ ਕੀਤਾ ਜਾਵੇ ਅਤੇ ਹੋਰ ਮੈਡੀਕਲ ਪ੍ਰਬੰਧ ਮੁਕੰਮਲ ਕੀਤੇ ਜਾਣ ਤਾਂ ਜੋ ਕਿਸੇ ਵੀ ਤਰ੍ਹਾਂ ਦੀ ਗੰਭੀਰ ਸਥਿਤੀ ਨਾਲ ਨਜਿੱਠਿਆ ਜਾ ਸਕੇ।

ਜ਼ਿਕਰਯੋਗ ਹੈ ਕਿ ਵੱਖ-ਵੱਖ ਸਰਕਾਰੀ ਤੇ ਨਿੱਜੀ ਸਿਹਤ ਸੰਸਥਾਵਾਂ ਵਿਚ ਕੋਵਿਡ ਮਰੀਜ਼ਾਂ ਵਾਸਤੇ ਵਿਸ਼ੇਸ਼ ਵਾਰਡ ਪਹਿਲਾਂ ਹੀ ਤਿਆਰ ਕਰ ਦਿਤੇ ਗਏ ਹਨ। ਉਨ੍ਹਾਂ ਲੋਕਾਂ ਨੂੰ ਭੀੜ ਵਾਲੀਆਂ ਥਾਵਾਂ ’ਤੇ ਜਾਣ ਸਮੇਂ ਮਾਸਕ ਪਾਉਣ ਅਤੇ ਵਾਰ-ਵਾਰ ਹੱਥ ਧੋਣ ਜਿਹੇ ਬੁਨਿਆਦੀ ਕੋਵਿਡ ਪ੍ਰੋਟੋਕਾਲ ਦੀ ਪਾਲਣਾ ਕਰਨ ਦੀ ਅਪੀਲ ਕੀਤੀ। ਉਨ੍ਹਾਂ ਇਹ ਵੀ ਕਿਹਾ ਕਿ ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਕਿਉਂਕਿ ਸਥਿਤੀ ਪੂਰੀ ਤਰ੍ਹਾਂ ਕਾਬੂ ਹੇਠ ਹੈ।


ਡਿਪਟੀ ਕਮਿਸ਼ਨਰ ਨੇ ਮੀਟਿੰਗ ਦੌਰਾਨ ਆਈ. ਡੀ. ਐਸ. ਪੀ., ਰੁਟੀਨ ਟੀਕਾਕਰਨ, ਜੱਚਾ-ਬੱਚਾ ਸਾਂਭ ਸੰਭਾਲ, ਤੰਬਾਕੂ ਕੰਟਰੋਲ ਪ੍ਰੋਗਰਾਮ, ਪੀ.ਐਨ.ਡੀ.ਟੀ. ਐਕਟ, ਮੁੱਖ ਮੰਤਰੀ ਕੈਂਸਰ ਰਾਹਤ ਕੋਸ਼ ਪ੍ਰੋਗਰਾਮ, ਨਸ਼ਾ-ਛੁਡਾਊ ਅਤੇ ਮੁੜ-ਵਸੇਬਾ ਪ੍ਰੋਗਰਾਮ , ਕੌਮੀ ਤਪਦਿਕ ਖ਼ਾਤਮਾ ਪ੍ਰੋਗਰਾਮ, ਆਰ.ਬੀ.ਐਸ.ਕੇ., ਕੌਮੀ ਕੋਹੜ ਰੋਕੂ ਪ੍ਰੋਗਰਾਮ, ਫ਼ੂਡ ਸੇਫ਼ਟੀ ਆਦਿ ਪ੍ਰੋਗਰਾਮਾਂ ਤੇ ਯੋਜਨਾਵਾਂ ਸਬੰਧੀ ਕੀਤੀਆਂ ਗਈਆਂ ਗਤੀਵਿਧੀਆਂ ਅਤੇ ਪ੍ਰਗਤੀ ਦੀ ਸਮੀਖਿਆ ਕੀਤੀ। ਮੀਟਿੰਗ ਵਿਚ ਸਹਾਇਕ ਸਿਵਲ ਸਰਜਨ ਡਾ. ਰੇਨੂੰ ਸਿੰਘ, ਜ਼ਿਲ੍ਹਾ ਟੀਕਾਕਰਨ ਅਫ਼ਸਰ ਡਾ. ਗਿਰੀਸ਼ ਡੋਗਰਾ, ਪ੍ਰੋਗਰਾਮ ਅਫ਼ਸਰ ਅਤੇ ਸਾਰੇ ਸੀਨੀਅਰ ਮੈਡੀਕਲ ਅਫ਼ਸਰ ਮੌਜੂਦ ਸਨ।

dawn punjab
Author: dawn punjab

Leave a Comment

RELATED LATEST NEWS