ਚੰਡੀਗੜ੍ਹ :. ਪੰਜਾਬ-ਹਰਿਆਣਾ ਹਾਈ ਕੋਰਟ ਨੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਆਈਪੀਐਸ ਅਧਿਕਾਰੀ ਅਤੇ ਪੰਜਾਬ ਦੇ ਸਾਬਕਾ ਸਹਾਇਕ ਇੰਸਪੈਕਟਰ ਜਨਰਲ ਆਫ ਪੁਲੀਸ (ਏਆਈਜੀ) ਅਸ਼ੀਸ਼ ਕਪੂਰ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਹੈ।
ਵਿਜੀਲੈਂਸ ਨੇ ਉਸ ਨੂੰ 6 ਅਕਤੂਬਰ 2022 ਨੂੰ ਭ੍ਰਿਸ਼ਟਾਚਾਰ ਦੇ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ। 30 ਮਈ ਨੂੰ ਉਸ ਨੂੰ ਹਾਈ ਕੋਰਟ ਤੋਂ ਜ਼ਮਾਨਤ ਮਿਲ ਗਈ ਸੀ, ਪਰ ਜ਼ਮਾਨਤ ਮਿਲਣ ਦੇ ਦਿਨ ਹੀ ਵਿਜੀਲੈਂਸ ਨੇ ਉਸ ਨੂੰ ਆਮਦਨ ਤੋਂ ਵੱਧ ਜਾਇਦਾਦ ਦੇ ਕੇਸ ਵਿੱਚ ਮੁੜ ਗ੍ਰਿਫ਼ਤਾਰ ਕਰ ਲਿਆ।
26 ਸਤੰਬਰ ਨੂੰ ਹਾਈ ਕੋਰਟ ਨੇ ਉਸ ਨੂੰ ਅੰਤਰਿਮ ਜ਼ਮਾਨਤ ਦੇ ਦਿੱਤੀ ਸੀ ਅਤੇ ਹੁਣ ਉਸ ਦੀ ਨਿਯਮਤ ਜ਼ਮਾਨਤ ਪਟੀਸ਼ਨ ਮਨਜ਼ੂਰ ਕਰ ਲਈ ਗਈ ਹੈ।
ਕੀ ਹੈ ਪੂਰਾ ਮਾਮਲਾ :
ਵਿਜੀਲੈਂਸ ਨੇ ਆਸ਼ੀਸ਼ ਕਪੂਰ ਖਿਲਾਫ ਆਮਦਨ ਤੋਂ ਵੱਧ ਜਾਇਦਾਦ ਦਾ ਮਾਮਲਾ ਦਰਜ ਕੀਤਾ ਹੈ। ਇਲਜ਼ਾਮ ਹੈ ਕਿ ਉਸਨੇ ਆਪਣੀ ਆਮਦਨ ਤੋਂ 129.3 ਫੀਸਦੀ ਵੱਧ ਖਰਚ ਕੀਤਾ ਹੈ। ਜਾਂਚ ਵਿੱਚ ਸਾਹਮਣੇ ਆਇਆ ਕਿ 1 ਅਗਸਤ 2017 ਤੋਂ 31 ਅਗਸਤ 2022 ਤੱਕ ਉਸ ਨੇ ਚੰਡੀਗੜ੍ਹ ਅਤੇ ਮੋਹਾਲੀ ਦੇ ਆਸ-ਪਾਸ ਕਈ ਕੀਮਤੀ ਅਚੱਲ ਜਾਇਦਾਦਾਂ ਗੈਰ-ਕਾਨੂੰਨੀ ਢੰਗ ਨਾਲ ਹਾਸਲ ਕੀਤੀਆਂ, ਜਿਨ੍ਹਾਂ ਦੀ ਬਜ਼ਾਰ ਕੀਮਤ ਰਜਿਸਟਰਡ ਮੁੱਲ ਤੋਂ ਕਿਤੇ ਵੱਧ ਸੀ। ਇਸ ਸਮੇਂ ਦੌਰਾਨ ਉਨ੍ਹਾਂ ਦੀ ਜਾਇਦਾਦ 2 ਕਰੋੜ 44 ਲੱਖ 64 ਹਜ਼ਾਰ 871 ਰੁਪਏ ਸੀ ਜਦਕਿ ਉਨ੍ਹਾਂ ਦਾ ਖਰਚਾ 5 ਕਰੋੜ 60 ਲੱਖ 90 ਹਜ਼ਾਰ 650 ਰੁਪਏ ਸੀ। ਆਸ਼ੀਸ਼ ਕਪੂਰ ਆਪਣੇ ਪਰਿਵਾਰ ਨਾਲ ਵਿਦੇਸ਼ੀ ਦੌਰਿਆਂ ‘ਤੇ ਗਏ ਅਤੇ ਐਸ਼ੋ-ਆਰਾਮ ਦੀ ਜ਼ਿੰਦਗੀ ਜਿਊਣ ‘ਤੇ ਕਰੋੜਾਂ ਰੁਪਏ ਖਰਚ ਕਰ ਦਿੱਤੇ।
ਜਾਂਚ ਤੋਂ ਪਤਾ ਲੱਗਾ ਹੈ ਕਿ ਆਸ਼ੀਸ਼ ਕਪੂਰ, ਆਸ਼ੀਸ਼ ਕਪੂਰ ਐਂਡ ਸੰਨਜ਼ (HUF) ਅਤੇ ਉਸ ਦੀ ਪਤਨੀ ਕਮਲ ਕਪੂਰ ਦੇ ਨਾਂ ‘ਤੇ ਵੱਖ-ਵੱਖ ਬੈਂਕਾਂ ‘ਚ ਕਰੀਬ 10 ਬੈਂਕ ਖਾਤੇ ਹਨ। ਇਨ੍ਹਾਂ ਵਿੱਚ 65 ਲੱਖ ਰੁਪਏ ਜਮ੍ਹਾਂ ਹਨ। ਕਪੂਰ ਨੇ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਆਪਣੇ ‘ਤੇ ਲੱਗੇ ਦੋਸ਼ਾਂ ਨੂੰ ਨਕਾਰਦਿਆਂ ਜ਼ਮਾਨਤ ਦੀ ਮੰਗ ਕੀਤੀ ਹੈ। ਪਟੀਸ਼ਨਰ ਨੇ ਕਿਹਾ ਕਿ ਵਿਜੀਲੈਂਸ ਨੇ ਉਸ ਦੀ ਆਮਦਨ ਅਤੇ ਖਰਚੇ ਦਾ ਹਿਸਾਬ ਲਗਾਉਣ ਸਮੇਂ ਕਈ ਗਲਤੀਆਂ ਕੀਤੀਆਂ ਹਨ।
ਇਸ ਤੋਂ ਪਹਿਲਾਂ ਉਸ ਵਿਰੁੱਧ ਭ੍ਰਿਸ਼ਟਾਚਾਰ ਦਾ ਮਾਮਲਾ ਦਰਜ ਕੀਤਾ ਗਿਆ ਸੀ ਅਤੇ ਉਸ ਨੂੰ 6 ਅਕਤੂਬਰ, 2022 ਨੂੰ ਹਿਰਾਸਤ ਵਿਚ ਲਿਆ ਗਿਆ ਸੀ। ਇਸ ਮਾਮਲੇ ਵਿੱਚ ਜ਼ਿਲ੍ਹਾ ਅਦਾਲਤ ਵੱਲੋਂ ਜ਼ਮਾਨਤ ਪਟੀਸ਼ਨ ਖਾਰਜ ਹੋਣ ਮਗਰੋਂ ਉਸ ਨੇ ਹਾਈ ਕੋਰਟ ਦੀ ਸ਼ਰਨ ਲਈ ਸੀ। ਹਾਈ ਕੋਰਟ ਨੇ 30 ਮਈ 2023 ਨੂੰ ਉਸ ਨੂੰ ਨਿਯਮਤ ਜ਼ਮਾਨਤ ਦੇ ਦਿੱਤੀ ਸੀ। ਜੇਲ੍ਹ ਤੋਂ ਬਾਹਰ ਆਉਂਦੇ ਹੀ ਵਿਜੀਲੈਂਸ ਨੇ ਇਕ ਹੋਰ ਐਫਆਈਆਰ ਦਰਜ ਕਰਕੇ ਉਸੇ ਦਿਨ ਉਸ ਨੂੰ ਗ੍ਰਿਫ਼ਤਾਰ ਕਰ ਲਿਆ, ਜਿਸ ਕਾਰਨ ਜ਼ਮਾਨਤ ਮਿਲਣ ਤੋਂ ਬਾਅਦ ਵੀ ਉਹ ਜੇਲ੍ਹ ਤੋਂ ਬਾਹਰ ਨਹੀਂ ਆ ਸਕਿਆ।
