ਸਾਹਿਬਜ਼ਾਦਾ ਅਜੀਤ ਸਿੰਘ ਨਗਰ :
ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀਮਤੀ ਆਸ਼ਿਕਾ ਜੈਨ ਨੇ ਕਣਕ ਦੀ ਕਟਾਈ ਦੇ ਸੀਜ਼ਨ ਦੇ ਮੱਦੇਨਜ਼ਰ ਜ਼ਿਲ੍ਹੇ ’ਚ ਕੱਚਾ ਅਤੇ ਹਰਾ ਦਾਣਾ ਕੱਟਣ ’ਤੇ ਰੋਕ ਲਾਉਣ ਲਈ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਜ਼ਿਲ੍ਹੇ ’ਚ ਸ਼ਾਮ 7:00 ਵਜੇ ਤੋਂ ਸਵੇਰੇ 9:00 ਵਜੇ ਤੱਕ ਕੰਬਾਈਨਾਂ ਨਾਲ ਫ਼ਸਲ ਦੀ ਕਟਾਈ ਕਰਨ ’ਤੇ ਰੋਕ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ।
ਫੌਜਦਾਰੀ ਜ਼ਾਬਤਾ ਸੰਘਤਾ 1973 (2 ਆਫ਼ 1974) ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮੈਜਿਸਟ੍ਰੇਟ ਨੇ ਉਕਤ ਆਦੇਸ਼ਾਂ ਦੇ ਨਾਲ-ਨਾਲ ਜ਼ਿਲ੍ਹੇ ’ਚ ਕਣਕ ਦੀ ਕਟਾਈ ਤੋਂ ਬਾਅਦ ਫ਼ਸਲ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ’ਤੇ ਵੀ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।
ਉਨ੍ਹਾਂ ਕਿਹਾ ਕਿ ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸਿਵਲ ਰਿੱਟ ਪਟੀਸ਼ਨ ਨੰ. 10138/06 ਕੈਪਟਨ ਸਰਬਜੀਤ ਸਿੰਘ ਬਨਾਮ ਪੰਜਾਬ ਸਰਕਾਰ ਨੂੰ ਮੁੱਖ ਰੱਖਦੇ ਹੋਏ, ਇਨ੍ਹਾਂ ਹੁਕਮਾਂ ਦੀ ਪਾਲਣਾ ’ਚ ਬਣਾਈ ਕਮੇਟੀ ਦੀ ਸਿਫ਼ਾਰਸ਼ ਨੂੰ ਲਾਗੂ ਕਰਨ ਲਈ ਵੀ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ’ਤੇ ਪਾਬੰਦੀ ਲਾਈ ਜਾਣੀ ਬਣਦੀ ਹੈ।
ਉਨ੍ਹਾਂ ਦੱਸਿਆ ਕਿ ਇਸ ਦੇ ਨਾਲ ਹੀ ਕੰਬਾਈਨ ਹਾਰਵੈਸਟਰਾਂ ਵਾਸਤੇ ਇਹ ਲਾਜ਼ਮੀ ਹੋਵੇਗਾ ਕਿ ਉੁਹ ਸੁਪਰ ਐੱਸ ਐਮ ਐੱਸ ਤੋਂ ਬਿਨਾਂ ਕੰਬਾਈਨਾਂ ਨਾ ਚਲਾਉਣ। ਇਹ ਹੁਕਮ ਪਹਿਲੀ ਅਪਰੈਲ ਤੋਂ 30 ਮਈ, 2024 ਤੱਕ ਲਾਗੂ ਰਹਿਣਗੇ।