ਸੰਸਦ ਮੈਂਬਰਾਂ ਦੀ ਮੁਅੱਤਲੀ ਦੀ ਡਿਪਟੀ ਮੇਅਰ ਨੇ ਕੀਤੀ ਨਿਖੇਧੀ
ਮੋਹਾਲੀ: ਨਗਰ ਨਿਗਮ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਸੰਸਦ ਦੇ ਦੋਵਾਂ ਸਦਨਾਂ ਤੋਂ ਵਿਰੋਧੀ ਧਿਰ ਦੇ 142 ਮੈਂਬਰਾਂ ਦੀ ਮੁਅੱਤਲੀ ਦੀ ਸਖਤ ਸ਼ਬਦਾਂ ਵਿੱਚ ਨਿਖੇਦੀ ਕਰਦਿਆਂ ਕਿਹਾ ਹੈ ਕਿ ਕੇਂਦਰ ਦੀ ਭਾਜਪਾ ਸਰਕਾਰ ਹਿਟਲਰ ਸ਼ਾਹੀ ਵਤੀਰਾ ਅਪਣਾ ਰਹੀ ਹੈ ਜੋ ਕਿ ਲੋਕਤੰਤਰ ਲਈ ਘਾਤਕ ਹੈ।
ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਕੇਂਦਰ ਵਿੱਚ ਜਦੋਂ ਦੀ ਭਾਜਪਾ ਸਰਕਾਰ ਆਈ ਹੈ ਉਦੋਂ ਤੋਂ ਹੀ ਲੋਕਤੰਤਰ ਵਿਰੁੱਧ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ। ਉਹਨਾਂ ਕਿਹਾ ਕਿ ਇੰਨੇ ਵੱਡੇ ਪੱਧਰ ਤੇ ਸੰਸਦ ਮੈਂਬਰਾਂ ਦੀ ਮੁਅੱਤਲੀ ਇੱਕ ਪਾਸੜ ਕਾਰਵਾਈ ਹੈ ਅਤੇ ਇਸ ਤੋਂ ਸਾਬਿਤ ਹੁੰਦਾ ਹੈ ਕਿ ਕੇਂਦਰ ਸਰਕਾਰ ਵਿਰੋਧੀ ਧਿਰ ਨੂੰ ਸੁਣਨ ਲਈ ਵੀ ਤਿਆਰ ਨਹੀਂ ਹੈ ਅਤੇ ਆਪਣੀਆਂ ਨਾਕਾਮੀਆਂ ਨੂੰ ਛੁਪਾਉਣ ਲਈ ਅਜਿਹੀਆਂ ਕਾਰਵਾਈਆਂ ਕਰ ਰਹੀ ਹੈ।
ਉਹਨਾਂ ਕਿਹਾ ਕਿ ਦੇਸ਼ ਦੇ ਅਹਿਮ ਮੁੱਦਿਆਂ ਤੋਂ ਧਿਆਨ ਭਟਕਾਉਣ ਦਾ ਭਾਜਪਾ ਦਾ ਇਹ ਸਿਸਟਮ ਹੀ ਬਣ ਗਿਆ ਹੈ ਅਤੇ ਜਦੋਂ ਵੀ ਸੰਸਦ ਦਾ ਸੈਸ਼ਨ ਹੁੰਦਾ ਹੈ ਤਾਂ ਭਾਰਤੀ ਜਨਤਾ ਪਾਰਟੀ ਅਜਿਹੇ ਹੀ ਢੰਗ ਤਰੀਕੇ ਵਰਤ ਕੇ ਲੋਕਾਂ ਦਾ ਧਿਆਨ ਭਟਕਾਉਣ ਦਾ ਯਤਨ ਕਰਦੀ ਹੈ। ਉਹਨਾਂ ਕਿਹਾ ਕਿ ਹੁਣ 2024 ਦੀਆਂ ਚੋਣਾਂ ਨੇੜੇ ਆ ਗਈਆਂ ਹਨ ਅਤੇ ਕੇਂਦਰ ਸਰਕਾਰ ਕੋਲ ਲੋਕਾਂ ਦੇ ਅਹਿਮ ਮੁੱਦਿਆਂ ਦੇ ਜਵਾਬ ਨਹੀਂ ਹਨ। ਉਹਨਾਂ ਕਿਹਾ ਕਿ ਪਿਛਲੇ ਦਿਨੀ ਸੰਸਦ ਦੀ ਸੁਰੱਖਿਆ ਵਿੱਚ ਵੀ ਵੱਡੀ ਚੂਕ ਹੋਈ ਹੈ ਅਤੇ ਇਸ ਤੋਂ ਵੀ ਜਵਾਬ ਦੇਣ ਤੋਂ ਭਾਜਪਾ ਮੁਨਕਰ ਹੋ ਰਹੀ ਹੈ।
ਉਹਨਾਂ ਕਿਹਾ ਕਿ ਭਾਰਤ ਦੇ ਲੋਕ ਬਹੁਤ ਸਿਆਣੇ ਹਨ ਅਤੇ ਆਉਂਦੀਆਂ ਲੋਕ ਸਭਾ ਚੋਣਾਂ ਵਿੱਚ ਉਹ ਭਾਰਤੀ ਜਨਤਾ ਪਾਰਟੀ ਨੂੰ ਕੀਤੀਆਂ ਜਾ ਰਹੀਆਂ ਵਧੀਕੀਆਂ ਦਾ ਸਬਕ ਸਿਖਾਉਣਗੇ।
