ਸ਼ੁਰੂਆਤੀ ਤੌਰ ‘ਤੇ, ਫਾਂਊਂਡੇਸ਼ਨ ਵੱਲੋਂ ਸਰਕਾਰੀ ਸਿਹਤ ਸਹੂਲਤਾਂ ‘ਚ 10 ਡਾਇਲਸਿਸ ਸੈਂਟਰ ਸਥਾਪਿਤ ਕੀਤੇ ਜਾਣਗੇ: ਸਿਹਤ ਮੰਤਰੀ ਡਾ. ਬਲਬੀਰ ਸਿੰਘ
ਚੰਡੀਗੜ੍ਹ :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਸੂਬੇ ਦੀਆਂ ਸਿਹਤ ਸੰਭਾਲ ਸਹੂਲਤਾਂ ਨੂੰ ਹੋਰ ਮਜ਼ਬੂਤ ਕਰਨ ਦੇ ਮੰਤਵ ਲਈ ਗਤੀਸ਼ੀਲ ਭਾਈਵਾਲੀ ਵੱਲ ਕਦਮ ਵਧਾਉਂਦਿਆਂ, ਸੂਬੇ ਦੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਡਾਇਲਸਿਸ ਸੁਵਿਧਾ ਪ੍ਰਦਾਨ ਕਰਨ ਵਾਸਤੇ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ (ਪੀ.ਐਚ.ਐਸ.ਸੀ.) ਨੇ ਹੰਸ ਫਾਊਂਡੇਸ਼ਨ ਦੇਹਰਾਦੂਨ ਨਾਲ ਸਮਝੌਤਾ ਸਹੀਬੱਧ ਕੀਤਾ।
ਅੱਜ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀ ਮੌਜੂਦਗੀ ਵਿੱਚ ਡਾਇਲਸਿਸ ਪ੍ਰੋਗਰਾਮ ਦੇ ਨੋਡਲ ਅਫ਼ਸਰ ਡਾ. ਰੁਪਿੰਦਰ ਸਿੰਘ ਗਿੱਲ ਅਤੇ ਹੰਸ ਫਾਊਂਡੇਸ਼ਨ ਦੇ ਗਰੁੱਪ ਸੀਨੀਅਰ ਮੈਨੇਜਰ ਸੀਮਾ ਸਿੰਘ ਵੱਲੋਂ ਇਸ ਸਮਝੌਤੇ ‘ਤੇ ਹਸਤਾਖਰ ਕੀਤੇ ਗਏ। ਇਸ ਮੌਕੇ ਪੀ.ਐਚ.ਐਸ.ਸੀ. ਦੇ ਮੈਨੇਜਿੰਗ ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ ਅਤੇ ਪੀ.ਐਚ.ਐਸ.ਸੀ. ਦੇ ਡਾਇਰੈਕਟਰ ਡਾ. ਅਨਿਲ ਗੋਇਲ ਵੀ ਮੌਜੂਦ ਸਨ।
ਡਾ. ਬਲਬੀਰ ਸਿੰਘ ਨੇ ਦੱਸਿਆ ਕਿ ਇਸ ਸਮਝੌਤੇ ਤਹਿਤ ਹੰਸ ਫਾਊਂਡੇਸ਼ਨ ਵੱਲੋਂ ਵਿਭਾਗ ਨੂੰ ਸਿਖਲਾਈ ਪ੍ਰਾਪਤ ਮੈਡੀਕਲ ਅਫਸਰ ਅਤੇ ਹੋਰ ਸਟਾਫ਼, ਦਵਾਈਆਂ, ਡਾਇਲਸਿਸ ਮਸ਼ੀਨਾਂ ਅਤੇ ਆਰ.ਓ. ਪਲਾਂਟ ਮੁਹੱਈਆ ਕਰਵਾਇਆ ਜਾਵੇਗਾ ਅਤੇ ਫਾਊਂਡੇਸ਼ਨ ਵੱਲੋਂ ਇਨ੍ਹਾਂ ਕੇਂਦਰਾਂ ਦੇ ਕੰਮਕਾਜ ਦੀ ਨਿਗਰਾਨੀ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਸ਼ੁਰੂਆਤ ਵਿੱਚ, ਫਾਊਂਡੇਸ਼ਨ ਵੱਲੋਂ 10 ਸਰਕਾਰੀ ਸਹੂਲਤਾਂ ਵਿਖੇ ਡਾਇਲਸਿਸ ਸੈਂਟਰ ਸਥਾਪਿਤ ਕੀਤੇ ਜਾਣਗੇ, ਜਿੱਥੇ ਲੋੜਵੰਦ ਮਰੀਜ਼ ਮੁਫ਼ਤ ਡਾਇਲਸਿਸ ਸੁਵਿਧਾਵਾਂ ਪ੍ਰਾਪਤ ਕਰ ਸਕਣਗੇ। ਉਨ੍ਹਾਂ ਅੱਗੇ ਕਿਹਾ ਕਿ ਭਵਿੱਖ ਵਿੱਚ ਅਜਿਹੀਆਂ ਹੋਰ ਵੀ ਡਾਇਲਸਿਸ ਸੁਵਿਧਾਵਾਂ ਸਥਾਪਤ ਕੀਤੀਆਂ ਜਾਣਗੀਆਂ।
ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਅਤੇ ਹੰਸ ਫਾਊਂਡੇਸ਼ਨ ਦੇ ਇਸ ਉਪਰਾਲੇ ਨਾਲ ਨਾ ਸਿਰਫ਼ ਗਰੀਬ ਅਤੇ ਲੋੜਵੰਦ ਮਰੀਜ਼ਾਂ ਨੂੰ ਮੁਫ਼ਤ ਡਾਇਲਸਿਸ ਦੀ ਸਹੂਲਤ ਮਿਲੇਗੀ ਸਗੋਂ ਕੇਂਦਰ ਨਜਦੀਕ ਹੋਣ ਨਾਲ ਸਫ਼ਰ ਵੀ ਘਟੇਗਾ।