Follow us

05/01/2025 11:05 am

Search
Close this search box.
Home » News In Punjabi » ਚੰਡੀਗੜ੍ਹ » ਪੰਜਾਬ: ਸਾਲਾਨਾ 3000 ਜਾਨਾਂ ਬਚਾਉਣ ਦਾ ਟੀਚੇ ਨਾਲ਼ ਦੇਸ਼ ਦੀ ਪਹਿਲੀ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ

ਪੰਜਾਬ: ਸਾਲਾਨਾ 3000 ਜਾਨਾਂ ਬਚਾਉਣ ਦਾ ਟੀਚੇ ਨਾਲ਼ ਦੇਸ਼ ਦੀ ਪਹਿਲੀ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ

ਸੜਕ ਹਾਦਸਿਆਂ ਵਿੱਚ ਅਜਾਈਂ ਜਾਂਦੀਆਂ ਬੇਸ਼ਕੀਮਤੀ ਮਨੁੱਖੀ ਜਾਨਾਂ ਬਚਾਉਣ ਲਈ ਮੁੱਖ ਮੰਤਰੀ ਦਾ ਸੁਫ਼ਨਾ ਸਾਕਾਰ ਹੋਇਆ, ਸੂਬੇ ਵਿੱਚ ‘ਸੜਕ ਸੁਰੱਖਿਆ ਫੋਰਸ’ ਦੀ ਸ਼ੁਰੂਆਤ

ਜਲੰਧਰ :
ਸੂਬੇ ਵਿੱਚ ਸੜਕ ਹਾਦਸੇ ਘਟਾ ਕੇ ਸਾਲਾਨਾ 3000 ਦੇ ਕਰੀਬ ਬਹੁਮੁੱਲੀਆਂ ਮਨੁੱਖੀ ਜਾਨਾਂ ਬਚਾਉਣ ਦੇ ਉਦੇਸ਼ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੇਸ਼ ਦੀ ਪਹਿਲੀ ‘ਸੜਕ ਸੁਰੱਖਿਆ ਫੋਰਸ’ ਦੇ 129 ਹਾਈ-ਟੈੱਕ ਵਾਹਨਾਂ ਨੂੰ ਝੰਡੀ ਵਿਖਾ ਕੇ ਰਵਾਨਾ ਕੀਤਾ।
ਪੀ.ਏ.ਪੀ. ਗਰਾਊਂਡ ਵਿਖੇ ਇਸ ਫੋਰਸ ਦੀ ਸ਼ੁਰੂਆਤ ਕਰਨ ਲਈ ਰੱਖੇ ਸਮਾਗਮ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਲਈ ਅੱਜ ਇਹ ਇਤਿਹਾਸਕ ਪਲ ਹਨ ਕਿਉਂਕਿ ਲੋਕਾਂ ਨੂੰ ਸੁਰੱਖਿਅਤ ਰੱਖਣ ਲਈ ਸਮਰਿਪਤ ਫੋਰਸ ਦੀ ਸ਼ੁਰੂਆਤ ਕਰਨ ਵਾਲਾ ਪੰਜਾਬ ਪਹਿਲਾ ਸੂਬਾ ਬਣ ਗਿਆ ਹੈ ਜਿਸ ਨਾਲ ਲੋਕਾਂ ਦੀ ਜਾਨ ਬਚਾਈ ਜਾ ਸਕੇਗੀ।

ਉਨ੍ਹਾਂ ਕਿਹਾ ਕਿ ਇਸ ਫੋਰਸ ਦੇ ਗਠਨ ਅਤੇ ਉਸ ਤੋਂ ਬਾਅਦ ਲੋਕਾਂ ਨੂੰ ਸਮਰਪਿਤ ਕਰਨ ਵਿੱਚ ਸਾਰੇ ਅਧਿਕਾਰੀਆਂ ਨੇ ਅਹਿਮ ਰੋਲ ਅਦਾ ਕੀਤਾ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਜ਼ਾਹਰ ਕੀਤੀ ਕਿ ਇਹ ਫੋਰਸ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਅਤੇ ਆਵਾਜਾਈ ਦੀ ਵਿਵਸਥਾ ਨੂੰ ਸੁਚਾਰੂ ਬਣਾਉਣ ਵਿੱਚ ਬਹੁਤ ਵੱਡਾ ਰੋਲ ਅਦਾ ਕਰੇਗੀ।


ਮੁੱਖ ਮੰਤਰੀ ਨੇ ਕਿਹਾ ਕਿ ਇਸ ਫੋਰਸ ਦੇ ਗਠਨ ਦਾ ਵਿਚਾਰ ਰਾਤੋ-ਰਾਤ ਨਹੀਂ ਆਇਆ ਸਗੋਂ ਇਸ ਗੰਭੀਰ ਸਮੱਸਿਆ ਦੇ ਗੰਭੀਰ ਸਵੈ-ਪੜਚੋਲ ਦਾ ਨਤੀਜਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੰਸਦ ਮੈਂਬਰ ਵਜੋਂ ਉਨ੍ਹਾਂ ਨੇ ਲੋਕ ਸਭਾ ਵਿੱਚ ਸੜਕ ਹਾਦਸਿਆਂ ਦਾ ਮੁੱਦਾ ਜ਼ੋਰਦਾਰ ਢੰਗ ਨਾਲ ਉਠਾਇਆ ਸੀ ਕਿਉਂਕਿ ਇਨ੍ਹਾਂ ਹਾਦਸਿਆਂ ਕਾਰਨ ਸੂਬੇ ਵਿੱਚ ਰੋਜ਼ਾਨਾ 12 ਮੌਤਾਂ ਹੁੰਦੀਆਂ ਸਨ। ਉਨ੍ਹਾਂ ਕਿਹਾ ਕਿ ਉਦੋਂ ਤੋਂ ਹੀ ਉਨ੍ਹਾਂ ਦੇ ਮਨ ਵਿੱਚ ਇਹ ਸੋਚ ਸੀ ਕਿ ਜਦੋਂ ਕਦੇ ਸੂਬੇ ਦੀ ਸੇਵਾ ਕਰਨ ਦਾ ਮੌਕਾ ਮਿਲਿਆ ਤਾਂ ਲੋਕਾਂ ਦੀ ਜਾਨ ਬਚਾਉਣ ਲਈ ਸਮਰਪਿਤ ਫੋਰਸ ਬਣਾਈ ਜਾਵੇਗੀ ਅਤੇ ਅੱਜ ਉਨ੍ਹਾਂ ਦਾ ਇਹ ਸੁਪਨਾ ਸਾਕਾਰ ਹੋ ਗਿਆ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਇਸ ਫੋਰਸ ਦੇ ਗਠਨ ਨਾਲ ਪੁਲਿਸ ਦੇ ਜਵਾਨ ਆਪਣੀ ਪੁਲਿਸ ਡਿਊਟੀ ਨੂੰ ਹੋਰ ਵੀ ਪ੍ਰਭਾਵਸ਼ਾਲੀ ਢੰਗ ਨਾਲ ਨਿਭਾਅ ਸਕਣਗੇ। ਉਨ੍ਹਾਂ ਕਿਹਾ ਕਿ ਜਿਹੜੇ ਵਾਹਨ ਇਸ ਫੋਰਸ ਨੂੰ ਦਿੱਤੇ ਗਏ ਹਨ, ਉਹ ਵਾਹਨ ਦੁਨੀਆ ਭਰ ਦੇ ਸਭ ਤੋਂ ਵਧੀਆ ਵਾਹਨਾਂ ਵਿੱਚੋਂ ਇੱਕ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਐਸ.ਐਸ.ਐਫ. ਆਮ ਵਿਅਕਤੀ ਦੀ ਜਾਨ ਬਚਾਉਣ ਲਈ ਅਹਿਮ ਭੂਮਿਕਾ ਨਿਭਾਏਗੀ ਅਤੇ ਹੁਣ ਤੋਂ ਐਸ.ਐਸ.ਐਫ. ਦੇ ਕੰਮਕਾਜ ਦੀ ਪੜਚੋਲ ਕਰਨ ਲਈ ਹਰ ਮਹੀਨੇ ਦੇ ਅੰਕੜਿਆਂ ਦਾ ਅਧਿਐਨ ਕੀਤਾ ਜਾਵੇਗਾ ਅਤੇ ਹਰ ਮਹੀਨੇ ਤੋਂ ਬਾਅਦ ਅੰਕੜੇ ਲੋਕਾਂ ਨਾਲ ਸਾਂਝੇ ਕੀਤੇ ਜਾਣਗੇ।


ਮੁੱਖ ਮੰਤਰੀ ਨੇ ਕਿਹਾ ਕਿ ਇਸ ਫੋਰਸ ਦਾ ਗਠਨ ਸੜਕ ਹਾਦਸਿਆਂ ਦੇ ਸਬੰਧ ਵਿੱਚ ਪੰਜਾਬ ਨੂੰ ਸਭ ਤੋਂ ਸੁਰੱਖਿਅਤ ਸੂਬਾ ਬਣਾਉਣ ਵੱਲ ਢੁਕਵਾਂ ਕਦਮ ਹੈ। ਉਨ੍ਹਾਂ ਕਿਹਾ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬੇ ਅਤੇ ਇੱਥੋਂ ਦੇ ਲੋਕਾਂ ਦੀ ਭਲਾਈ ਲਈ ਵਡੇਰੇ ਜਨਤਕ ਹਿੱਤ ਵਿੱਚ ਇਹ ਮਨੋਰਥ ਪ੍ਰਾਪਤ ਕੀਤਾ ਜਾਵੇਗਾ। ਭਗਵੰਤ ਸਿੰਘ ਮਾਨ ਨੇ ਐਸ.ਐਸ.ਐਫ. ਦੇ ਸਟਾਫ਼ ਨੂੰ ਵੀ ਲੋਕਾਂ ਦੀਆਂ ਕੀਮਤੀ ਜਾਨਾਂ ਬਚਾਉਣ ਲਈ ਆਪਣੀ ਡਿਊਟੀ ਹੋਰ ਵਧੇਰੇ ਇਮਾਨਦਾਰੀ ਅਤੇ ਸਮਰਪਿਤ ਭਾਵਨਾ ਨਾਲ ਨਿਭਾਉਣ ਲਈ ਆਖਿਆ।


ਮੁੱਖ ਮੰਤਰੀ ਨੇ ਕਿਹਾ ਕਿ ਡਰਾਈਵਿੰਗ ਲਾਇਸੈਂਸਾਂ ਲਈ ਵੀ ਪੁਆਇੰਟਾਂ ਦੀ ਵਿਵਸਥਾ ਕੀਤੀ ਜਾਵੇਗੀ ਤਾਂ ਜੋ ਆਉਣ ਵਾਲੇ ਸਮੇਂ ਵਿੱਚ ਵਾਰ-ਵਾਰ ਉਲੰਘਣਾ ਕਰਨ ਵਾਲਿਆਂ ਨੂੰ ਉਨ੍ਹਾਂ ਦੇ ਡਰਾਈਵਿੰਗ ਲਾਇਸੈਂਸ ਰੱਦ ਕਰਕੇ ਸਜ਼ਾ ਦਿੱਤੀ ਜਾ ਸਕੇ। ਉਨ੍ਹਾਂ ਕਿਹਾ ਕਿ ਇਹ ਸਮੇਂ ਦੀ ਲੋੜ ਹੈ ਕਿ ਲੋਕ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨ ਦੇ ਨਾਲ-ਨਾਲ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਇਆ ਜਾਵੇ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਬਹੁਤ ਹੀ ਮਾਣ ਅਤੇ ਤਸੱਲੀ ਵਾਲੀ ਗੱਲ ਹੈ ਕਿ ਵੱਡੀ ਗਿਣਤੀ ਵਿੱਚ ਲੜਕੀਆਂ ਪੁਲਿਸ ਫੋਰਸ ਵਿੱਚ ਸ਼ਾਮਲ ਹੋ ਰਹੀਆਂ ਹਨ ਅਤੇ ਐਸ.ਐਸ.ਐਫ. ਦੇ ਵਾਹਨਾਂ ਦੇ 90 ਡਰਾਈਵਰ ਵੀ ਲੜਕੀਆਂ ਹਨ।


 ਮੁੱਖ ਮੰਤਰੀ ਨੇ ਕਿਹਾ ਕਿ ਇਹ ਫੋਰਸ 5500 ਕਿਲੋਮੀਟਰ ਰਾਜ ਅਤੇ ਰਾਸ਼ਟਰੀ ਮਾਰਗਾਂ ਨੂੰ ਕਵਰ ਕਰਨ ਲਈ ਸੜਕ ਸੁਰੱਖਿਆ ਯੋਜਨਾ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪਿਛਲੇ ਕੁਝ ਦਹਾਕਿਆਂ ਦੌਰਾਨ ਆਵਾਜਾਈ ਅਤੇ ਸੜਕੀ ਢਾਂਚੇ ਵਿੱਚ ਮਹੱਤਵਪੂਰਨ ਵਾਧਾ ਹੋਇਆ ਹੈ। ਭਗਵੰਤ ਸਿੰਘ ਮਾਨ ਨੇ ਚਿੰਤਾ ਜ਼ਾਹਰ ਕੀਤੀ ਕਿ 65 ਫੀਸਦੀ ਸੜਕੀ ਮੌਤਾਂ ਰਾਸ਼ਟਰੀ ਅਤੇ ਰਾਜ ਮਾਰਗਾਂ ‘ਤੇ ਵਾਪਰਦੀਆਂ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਵਿੱਚੋਂ ਜ਼ਿਆਦਾਤਰ ਘਾਤਕ ਹਾਦਸੇ ਸ਼ਾਮ 6:00 ਵਜੇ ਤੋਂ ਰਾਤ 12:00 ਵਜੇ ਦੇ ਦਰਮਿਆਨ ਵਾਪਰਦੇ ਹਨ, ਜਦੋਂ ਇਨ੍ਹਾਂ ਸੜਕਾਂ ‘ਤੇ ਪੁਲਿਸ ਦੀ ਮੌਜੂਦਗੀ ਬਹੁਤ ਘੱਟ ਹੁੰਦੀ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਸ਼ਰਾਬ ਪੀ ਕੇ ਗੱਡੀ ਚਲਾਉਣ ਅਤੇ ਤੇਜ਼ ਰਫ਼ਤਾਰ ਵਾਹਨ ਨੂੰ ਰੋਕਣ ਲਈ ਵਿਸ਼ੇਸ਼ ਸਾਜ਼ੋ-ਸਾਮਾਨ ਨਾਲ ਲੈਸ 129 ਪੈਟਰੋਲਿੰਗ ਵਾਹਨ (ਗਸ਼ਤ ਕਰਨ ਵਾਲੇ ਵਾਹਨ) ਇਨ੍ਹਾਂ ਰੂਟਾਂ ‘ਤੇ ਤਾਇਨਾਤ ਕੀਤੇ ਜਾਣਗੇ ਅਤੇ ਵਾਹਨ ਹਰੇਕ 30 ਕਿਲੋਮੀਟਰ ਦੀ ਦੂਰੀ ਨੂੰ ਕਵਰ ਕਰੇਗਾ। ਉਨ੍ਹਾਂ ਕਿਹਾ ਕਿ ਨਵੇਂ ਭਰਤੀ ਹੋਏ ਪੁਲਿਸ ਮੁਲਾਜ਼ਮਾਂ ਵਿੱਚੋਂ ਜਿਨ੍ਹਾਂ ਪੁਲਿਸ ਮੁਲਾਜ਼ਮਾਂ ਨੂੰ ਢੁਕਵੀਂ ਸਿਖਲਾਈ ਦਿੱਤੀ ਗਈ ਹੈ, ਨੂੰ ਸੜਕ ਸੁਰੱਖਿਆ ਫੋਰਸ ਵਿੱਚ ਤਾਇਨਾਤ ਕੀਤਾ ਜਾ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਦੱਸਿਆ ਕਿ ਇਹ ਟ੍ਰੇਨਿੰਗ ਕਪੂਰਥਲਾ ਵਿਖੇ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਫੋਰਸ ਇੱਕ ਪਾਸੇ ਸੂਬੇ ਵਿੱਚ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਦਰ ਨੂੰ ਠੱਲ੍ਹ ਪਾਉਣ ਅਤੇ ਦੂਜੇ ਪਾਸੇ ਸੂਬੇ ਦੀਆਂ ਸੜਕਾਂ ‘ਤੇ ਆਵਾਜਾਈ ਨੂੰ ਸੁਚਾਰੂ ਬਣਾਉਣ ਲਈ ਮਹੱਤਵਪੂਰਨ ਸਿੱਧ ਹੋਵੇਗੀ।


ਮੁੱਖ ਮੰਤਰੀ ਨੇ ਕਿਹਾ ਕਿ ਆਪਣੀ ਕਿਸਮ ਦੀ ਪਹਿਲੀ ਵਿਸ਼ੇਸ਼ ਫੋਰਸ ਪੰਜਾਬ ਵਿੱਚ ਰੋਜ਼ਾਨਾ ਸੜਕ ਹਾਦਸਿਆਂ ਵਿੱਚ ਗੁਆਚ ਰਹੀਆਂ ਕਈ ਕੀਮਤੀ ਜਾਨਾਂ ਨੂੰ ਬਚਾਉਣ ਲਈ ਸਹਾਈ ਹੋਵੇਗੀ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਾਹਨਾਂ ਵਿੱਚ ਕਿਸੇ ਵੀ ਲੋੜਵੰਦ ਵਿਅਕਤੀ ਨੂੰ ਐਮਰਜੈਂਸੀ ਇਲਾਜ ਮੁਹੱਈਆ ਕਰਵਾਉਣ ਲਈ ਪੂਰੀ ਮੈਡੀਕਲ ਕਿੱਟ ਵੀ ਹੋਵੇਗੀ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਨੂੰ ਸਮੇਂ ਸਿਰ ਲੋੜੀਂਦੀ ਡਾਕਟਰੀ ਸਹਾਇਤਾ ਮਿਲਣ ਨੂੰ ਯਕੀਨੀ ਬਣਾਉਣ ਲਈ ਫੋਰਸ ਨੂੰ ਟਰੌਮਾ ਸੈਂਟਰਾਂ ਨਾਲ ਜੋੜਿਆ ਜਾਵੇਗਾ।


ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਵਾਪਰਦੇ ਸੜਕ ਹਾਦਸਿਆਂ ਵਿੱਚ ਰੋਜ਼ਾਨਾ ਰੋਜ਼ਾਨਾ 14 ਦੇ ਕਰੀਬ ਕੀਮਤੀ ਜਾਨਾਂ ਚਲੀਆਂ ਜਾਂਦੀਆਂ ਹਨ। ਉਨ੍ਹਾਂ ਕਿਹਾ ਕਿ ਸੜਕਾਂ ਦੀ ਸੁਚੱਜੀ ਵਿਵਸਥਾ ਕਰਕੇ ਇਸ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਸਕਦੀ ਹੈ ਜਿਸ ਲਈ ਪੰਜਾਬ ਪੁਲਿਸ ਵਿੱਚ ‘ਸੜਕ ਸੁਰੱਖਿਆ ਫੋਰਸ’ ਗਠਿਤ ਕੀਤੀ ਗਈ ਹੈ। ਭਗਵੰਤ ਸਿੰਘ ਮਾਨ ਨੇ ਉਮੀਦ ਪ੍ਰਗਟਾਈ ਕਿ ਇਹ ਫੋਰਸ ਸੜਕ ਹਾਦਸਿਆਂ ਨੂੰ ਰੋਕਣ ਲਈ ਅੰਨ੍ਹੇਵਾਹ ਡਰਾਈਵਿੰਗ ਕਰਨ ਵਾਲਿਆਂ, ਸੜਕਾਂ ‘ਤੇ ਵਾਹਨਾਂ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ ਅਤੇ ਹੋਰ ਕੰਮਾਂ ਨੂੰ ਰੋਕਣ ਲਈ ਮਹੱਤਵਪੂਰਨ ਭੂਮਿਕਾ ਨਿਭਾਏਗੀ ਅਤੇ ਇਸ ਨਾਲ ਥਾਣਿਆਂ ਵਿੱਚ ਤਾਇਨਾਤ ਪੁਲਿਸ ਮੁਲਾਜ਼ਮਾਂ ‘ਤੇ ਬੋਝ ਵੀ ਘਟੇਗਾ।


ਮੁੱਖ ਮੰਤਰੀ ਨੇ ਕਿਹਾ ਕਿ ਪੁਲਿਸ ਲੋਕਾਂ ਨੂੰ ਇਨਸਾਫ਼ ਦਿਵਾਉਣ ਲਈ ਆਪਣੀ ਡਿਊਟੀ ਨਿਰਪੱਖ ਨਾਲ ਨਿਭਾਅ ਰਹੀ ਹੈ। ਉਨ੍ਹਾਂ ਦੀ ਸਰਕਾਰ ਨੇ ਪੁਲਿਸ ਨੂੰ ਰਿਮੋਟ ਅਤੇ ਕੰਪਿਊਟਰ ਵਜੋਂ ਵਰਤਣ ਦੀ ਬਜਾਏ ਉਨ੍ਹਾਂ ਦੀ ਕਾਰਜ-ਕੁਸ਼ਲਤਾ ਵਧਾਉਣ ਲਈ ਇਹ ਯੰਤਰ ਪੁਲਿਸ ਦੇ ਹੱਥਾਂ ਵਿੱਚ ਦੇ ਦਿੱਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਪੁਲਿਸ ਫੋਰਸ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ ਤਾਂ ਜੋ ਉਹ ਆਪਣੀ ਡਿਊਟੀ ਹੋਰ ਵਧੇਰੇ ਤਨਦੇਹੀ ਨਾਲ ਨਿਭਾਉਣ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਭ ਤੋਂ ਮੋਹਰੀ ਸੂਬਾ ਰਿਹਾ ਹੈ ਅਤੇ ਭਵਿੱਖ ਵਿੱਚ ਵੀ ਹਮੇਸ਼ਾ ਮੋਹਰੀ ਰਹੇਗਾ ਕਿਉਂਕਿ ਪੰਜਾਬੀਆਂ ਨੂੰ ਸਖ਼ਤ ਮਿਹਨਤ ਅਤੇ ਦ੍ਰਿੜ ਜਜ਼ਬੇ ਦੀ ਬਖਸ਼ਿਸ਼ ਪ੍ਰਾਪਤ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਪਣੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾ ਰਹੀ ਹੈ ਤਾਂ ਜੋ ਪੰਜਾਬ ਹਰ ਖੇਤਰ ਵਿੱਚ ਦੇਸ਼ ਦੀ ਅਗਵਾਈ ਕਰੇ। ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਸ ਨੇਕ ਕਾਰਜ ਵਿੱਚ ਸੂਬਾ ਸਰਕਾਰ ਦਾ ਸਾਥ ਦੇ ਕੇ ਸਰਗਰਮ ਭੂਮਿਕਾ ਨਿਭਾਉਣ ਦਾ ਸੱਦਾ ਦਿੱਤਾ।


ਮੁੱਖ ਮੰਤਰੀ ਨੇ ਐਸ.ਐਸ.ਐਫ ਦੇ ਪਹਿਲੇ ਪੜਾਅ ਦੇ ਖਾਕੇ ਦੀ ਵੀ ਸ਼ੁਰੂਆਤ ਕੀਤੀ ਜਿਸ ਦੇ ਆਧਾਰ ‘ਤੇ ਵਾਹਨ ਸੂਬੇ ਵਿੱਚ ਸਰਗਰਮ ਰਹਿਣਗੇ।
ਇਸ ਮੌਕੇ ਪੁਲਿਸ ਦੇ ਡਾਇਰੈਕਟਰ ਜਨਰਲ ਗੌਰਵ ਯਾਦਵ, ਗ੍ਰਹਿ ਸਕੱਤਰ ਗੁਰਕੀਰਤ ਕ੍ਰਿਪਾਲ ਸਿੰਘ, ਪੁਲਿਸ ਦੇ ਵਧੀਕ ਡਾਇਰੈਕਟਰ ਜਨਰਲ ਐਮ.ਐਫ.ਫਾਰੂਕੀ ਅਤੇ ਏ.ਐਸ. ਰਾਏ ਵੀ ਮੌਜੂਦ ਸਨ।

dawn punjab
Author: dawn punjab

Leave a Comment

RELATED LATEST NEWS

Top Headlines

PSPCL ਨੂੰ ਵਿੱਤੀ ਸਾਲ 2022-23 ਦੌਰਾਨ 60.51 ਮੈਗਾਵਾਟ ਰੂਫਟਾਪ ਸੋਲਰ ਊਰਜਾ ਵਾਧੇ ਲਈ ਮਿਲਿਆ 11.39 ਕਰੋੜ ਰੁਪਏ ਦਾ ਪੁਰਸਕਾਰ: ਹਰਭਜਨ ਸਿੰਘ ਈ.ਟੀ.ਓ

ਪੰਜਾਬ ਵਿੱਚ ਹੁਣ ਤੱਕ ਰੂਫਟਾਪ ਸੋਲਰ ਦੀ ਕੁੱਲ ਸਥਾਪਿਤ ਸਮਰੱਥਾ 430 ਮੈਗਾਵਾਟ ਚੰਡੀਗੜ੍ਹ: ਪੰਜਾਬ ਦੇ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ

Live Cricket

Rashifal