ਮੋਹਾਲੀ ਨੂੰ ਦਿੱਤਾ ਜਾਵੇਗਾ ਸਾਫ਼ ਸੁਥਰਾ ਪ੍ਰਸ਼ਾਸਨ : ਰਵਨੀਤ ਬਰਾੜ
“ਘਪਲਿਆਂ ਅਤੇ ਭ੍ਰਿਸ਼ਟਾਚਾਰ ਦੀ ਕਰਵਾਈ ਜਾਵੇਗੀ ਨਿਰਪੱਖ ਜਾਂਚ”
ਮੋਹਾਲੀ :
ਸੰਯੁਕਤ ਸਮਾਜ ਮੋਰਚਾ ਮੋਹਾਲੀ ਵਿੱਚ ਸਾਫ਼ ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਵੇਗਾ। ਇਸ ਦੇ ਨਾਲ ਹੀ ਮੌਜੂਦਾ ਵਿਧਾਇਕ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੱਧੂ ਵੱਲੋਂ ਕੀਤੇ ਗਏ ਭ੍ਰਿਸ਼ਟਾਚਾਰ ਅਤੇ ਘਪਲਿਆਂ ਦੀ ਨਿਰਪੱਖ ਜਾਂਚ ਕਰਵਾਈ ਜਾਵੇਗੀ ਤਾਂ ਜੋ ਕਸੂਰਵਾਰਾਂ ਨੂੰ ਉਨ੍ਹਾਂ ਦੇ ਅੰਜਾਮ ਤੱਕ ਪਹੁੰਚਾਇਆ ਜਾ ਸਕੇ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਸੰਯੁਕਤ ਸਮਾਜ ਮੋਰਚਾ ਦੇ ਮੋਹਾਲੀ ਤੋਂ ਉਮੀਦਵਾਰ ਰਵਨੀਤ ਬਰਾੜ ਨੇ ਕੀਤਾ।
ਪ੍ਰੈਸ ਨੂੰ ਜਾਰੀ ਬਿਆਨ ਵਿੱਚ ਰਵਨੀਤ ਬਰਾਡ਼ ਨੇ ਕਿਹਾ ਕਿ ਬੀਤੇ ਕੱਲ੍ਹ ਡਾ ਸਵੈਮਾਨ ਵੱਲੋਂ ਉਨ੍ਹਾਂ ਦੇ ਹੱਕ ਵਿੱਚ ਕੀਤੇ ਗਏ ਚੋਣ ਪ੍ਰਚਾਰ ਨਾਲ ਹਲਕੇ ਵਿੱਚ ਉਨ੍ਹਾਂ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ ਮਿਲਿਆ ਹੈ। ਦੱਸਣਯੋਗ ਹੈ ਕਿ ਡਾ ਸਵੈਮਾਨ ਵੱਲੋਂ ਸ਼੍ਰੀ ਆਨੰਦਪੁਰ ਸਾਹਿਬ ਤੋਂ ਕੱਢਿਆ ਗਿਆ ਟਰੈਕਟਰ ਮਾਰਚ ਵੀਰਵਾਰ ਨੂੰ ਮੋਹਾਲੀ ਦੇ ਲਾਂਡਰਾ ਵਿੱਚੋਂ ਦੀ ਹੋ ਕੇ ਨਿਕਲਿਆ। ਇਸ ਵਿੱਚ ਵੱਡੀ ਗਿਣਤੀ ਵਿਚ ਕਿਸਾਨੀ ਭਾਈਚਾਰੇ ਨੂੰ ਪਿਆਰ ਕਰਨ ਵਾਲੇ ਲੋਕ ਮੌਜੂਦ ਰਹੇ।
ਬਰਾੜ ਨੇ ਕਿਹਾ ਕਿ ਜੇਕਰ ਮੋਹਾਲੀ ਹਲਕੇ ਦੇ ਲੋਕ ਉਨ੍ਹਾਂ ਨੂੰ ਇਕ ਮੌਕਾ ਦਿੰਦੇ ਹਨ ਤਾਂ ਉਹ ਮੋਹਾਲੀ ਨੂੰ ਸਾਫ਼ ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਦੇਣਗੇ। ਸਰਕਾਰੀ ਅਧਿਕਾਰੀਆਂ ਦੀ ਜਨਤਾ ਪ੍ਰਤੀ ਜਵਾਬਦੇਹੀ ਤੈਅ ਕੀਤੀ ਜਾਵੇਗੀ। ਆਮ ਲੋਕਾਂ ਨੂੰ ਸਰਕਾਰੀ ਦਫ਼ਤਰਾਂ ਵਿੱਚ ਖੱਜਲ ਖੁਆਰ ਨਾ ਹੋਣਾ ਪਵੇ ਇਸ ਲਈ ਨੀਤੀਆਂ ਬਣਾਈਆਂ ਜਾਣਗੀਆਂ ਅਤੇ ਉਨ੍ਹਾਂ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ।
ਇਸ ਤੋਂ ਅੱਗੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੋਹਾਲੀ ਦੇ ਮੌਜੂਦਾ ਵਿਧਾਇਕ ਅਤੇ ਸਾਬਕਾ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਉਨ੍ਹਾਂ ਦੇ ਭਰਾ ਜੀਤੀ ਸਿੱਧੂ ਦੁਆਰਾ ਕੀਤੇ ਗਏ ਭ੍ਰਿਸ਼ਟਾਚਾਰ ਅਤੇ ਘਪਲਿਆਂ ਦੀ ਜਾਂਚ ਕਰਵਾਈ ਜਾਵੇਗੀ ਅਤੇ ਜੋ ਵੀ ਕੋਈ ਦੋਸ਼ੀ ਪਾਇਆ ਗਿਆ, ਉਸ ਨੂੰ ਕਾਨੂੰਨ ਅਨੁਸਾਰ ਅੰਜਾਮ ਤੱਕ ਪਹੁੰਚਾਇਆ ਜਾਵੇਗਾ।
ਬਰਾੜ ਨੇ ਕਿਹਾ ਕਿ ਬੀਤੇ ਕੱਲ੍ਹ ਡਾ ਸਵੈਮਾਨ ਦੇ ਮੋਹਾਲੀ ਹਲਕੇ ਦੀ ਚੋਣ ਨਾਲ ਸਮੁੱਚੇ ਹਲਕੇ ਦੇ ਵੋਟਰਾਂ ਵਿੱਚ ਉਤਸ਼ਾਹ ਦੀ ਲਹਿਰ ਦੌੜ ਗਈ। ਉਨ੍ਹਾਂ ਕਿਹਾ ਕਿ ਮੋਹਾਲੀ ਹਲਕੇ ਦੇ ਲੋਕ ਜੇਕਰ ਉਨ੍ਹਾਂ ਨੂੰ ਇੱਕ ਮੌਕਾ ਦਿੰਦੇ ਹਨ ਤਾਂ ਆਮ ਲੋਕਾਂ ਦੀ ਸਿਸਟਮ ਵਿੱਚ ਭਾਗੀਦਾਰੀ ਯਕੀਨੀ ਬਣਾਈ ਜਾਵੇਗੀ। ਸਿਵਲ ਸੁਸਾਇਟੀ ਅਤੇ ਕਮਿਊਨਿਟੀ ਪੁਲਸਿੰਗ ਤੇ ਜ਼ੋਰ ਦਿੱਤਾ ਜਾਵੇਗਾ। ਮੋਹਾਲੀ ਦਾ ਇਕਸਾਰ ਵਿਕਾਸ ਕਰਵਾਉਣਾ ਅਤੇ ਬੁਨਿਆਦੀ ਸਹੂਲਤਾਂ ਹਰੇਕ ਨਾਗਰਿਕ ਤੱਕ ਪਹੁੰਚਣਾ ਯਕੀਨੀ ਬਣਾਇਆ ਜਾਵੇਗਾ।
