ਡਿਪਟੀ ਮੇਅਰ ਬੇਦੀ ਨੇ ਕੀਤੀ ਯੂਕਰੇਨ ਵਿੱਚ ਫਸੇ ਪੰਜਾਬੀ ਨੌਜਵਾਨਾਂ ਨੂੰ ਸੁਰੱਖਿਅਤ ਵਾਪਸ ਲਿਆਉਣ ਅਤੇ ਉਨ੍ਹਾਂ ਦੀ ਪਡ਼੍ਹਾਈ ਦਾ ਬੰਦੋਬਸਤ ਕਰਨ ਦੀ ਮੰਗ
ਕਿਹਾ, ਬੁਰੀ ਤਰ੍ਹਾਂ ਡਰੇ ਹੋਏ ਹਨ ਨੌਜਵਾਨਾਂ ਦੇ ਮਾਪੇ
ਮੁਹਾਲੀ :
ਮੁਹਾਲੀ ਦੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਨੇ ਯੂਕਰੇਨ ਦੇ ਵੱਖ ਵੱਖ ਇਲਾਕਿਆਂ ਵਿਚ ਫਸੇ ਭਾਰਤੀ ਵਿਦਿਆਰਥੀਆਂ ਨੂੰ ਸੁਰੱਖਿਅਤ ਵਾਪਸ ਲਿਆਉਣ ਲਈ ਭਾਰਤ ਸਰਕਾਰ ਨੂੰ ਤੁਰੰਤ ਕਦਮ ਚੁੱਕਣ ਦੀ ਬੇਨਤੀ ਕੀਤੀ ਹੈ। ਉਨ੍ਹਾਂ ਕਿਹਾ ਕਿ ਯੂਕਰੇਨ ਤੋਂ ਇਹ ਖਬਰਾਂ ਆ ਰਹੀਆਂ ਹਨ ਕਿ ਭਾਰਤ ਅਤੇ ਪੰਜਾਬ ਦੇ ਵਿਦਿਆਰਥੀ ਯੂਕਰੇਨ ਵਿੱਚ ਫਸੇ ਹੋਏ ਹਨ ਅਤੇ ਉਨ੍ਹਾਂ ਦੀਆਂ ਵੀਡੀਓਜ਼ ਵੀ ਜਾਰੀ ਹੋ ਰਹੀਆਂ ਹਨ ਜਿਨ੍ਹਾਂ ਵਿੱਚੋਂ ਕਹਿ ਰਹੇ ਹਨ ਕਿ ਸਰਕਾਰ ਉਨ੍ਹਾਂ ਲਈ ਕੁਝ ਨਹੀਂ ਕਰ ਰਹੀ।
ਉਨ੍ਹਾਂ ਕਿਹਾ ਕਿ ਇਹ ਵਿਦਿਆਰਥੀ ਯੂਕਰੇਨ ਵਿੱਚ ਮੈਡੀਕਲ ਦੀ ਪੜ੍ਹਾਈ ਕਰਨ ਪਹੁੰਚੇ ਹੋਏ ਹਨ ਪ੍ਰੰਤੂ ਪਿਛਲੇ ਦਿਨਾਂ ਤੋਂ ਰੂਸ ਵੱਲੋਂ ਯੂਕਰੇਨ ਤੇ ਹਮਲਾ ਕਰਨ ਤੋਂ ਬਾਅਦ ਉਹ ਡਰ ਦੇ ਮਾਹੌਲ ਵਿੱਚ ਹਨ। ਉਨ੍ਹਾਂ ਕਿਹਾ ਕਿ ਮਾਪਿਆਂ ਨੇ ਲੱਖਾਂ ਰੁਪਏ ਖਰਚ ਕਰਕੇ ਆਪਣੇ ਬੱਚਿਆਂ ਨੂੰ ਯੂਕਰੇਨ ਵਿੱਚ ਡਾਕਟਰੀ ਦੀ ਪੜ੍ਹਾਈ ਲਈ ਭੇਜਿਆ ਹੋਇਆ ਹੈ ਅਤੇ ਹੁਣ ਉਹ ਬੁਰੀ ਤਰ੍ਹਾਂ ਫਿਕਰਮੰਦ ਹਨ। ਉਨ੍ਹਾਂ ਕਿਹਾ ਕਿ ਜੋ ਬੱਚੇ ਇੱਥੇ ਵਾਪਸ ਪਹੁੰਚੇ ਹਨ ਉਨ੍ਹਾਂ ਦੇ ਮਾਪੇ ਵੀ ਇਸ ਗੱਲੋਂ ਫਿਕਰਮੰਦ ਹਨ ਕਿ ਉਨ੍ਹਾਂ ਦੇ ਬੱਚਿਆਂ ਦੀ ਪੜ੍ਹਾਈ ਦਾ ਹੁਣ ਕੀ ਬਣੇਗਾ।
ਉਨ੍ਹਾਂ ਭਾਰਤ ਦੇ ਪ੍ਰਧਾਨ ਮੰਤਰੀ ਤੋਂ ਮੰਗ ਕੀਤੀ ਹੈ ਕਿ ਯੂਕਰੇਨ ਵਿੱਚ ਪੜਾਈ ਲਈ ਗਏ ਨੌਜਵਾਨਾਂ ਦੀ ਸਾਰ ਲਈ ਜਾਵੇ। ਉਨ੍ਹਾਂ ਕਿਹਾ ਕਿ ਇਹ ਨੌਜਵਾਨ ਲੜਕੇ ਲੜਕੀਆਂ ਸੜਕਾਂ ਉੱਤੇ ਰੁਲ ਰਹੇ ਹਨ ਜਾਂ ਬੰਕਰਾਂ ਵਿੱਚ ਰਹਿ ਕੇ ਭਾਰਤ ਸਰਕਾਰ ਵੱਲੋਂ ਮਦਦ ਦੀ ਉਡੀਕ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਜੋ ਵਿਦਿਆਰਥੀ ਕਿਸੇ ਤਰੀਕੇ ਨਾਲ ਭਾਰਤ ਵਾਪਸ ਪਹੁੰਚੇ ਹਨ ਉਨ੍ਹਾਂ ਦੀ ਪੜ੍ਹਾਈ ਦੀ ਸਾਰ ਵੀ ਭਾਰਤ ਸਰਕਾਰ ਲਵੇ ਕਿਉਂਕਿ ਰੂਸ ਅਤੇ ਯੂਕਰੇਨ ਦੀ ਜੰਗ ਲੰਬੀ ਚੱਲ ਸਕਦੀ ਹੈ ਅਤੇ ਇਸ ਨਾਲ ਉਨ੍ਹਾਂ ਨੌਜਵਾਨਾਂ ਦੀ ਪੜ੍ਹਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋਵੇਗੀ ਤੇ ਇਨ੍ਹਾਂ ਦੇ ਮਾਪਿਆਂ ਤੇ ਵਿੱਤੀ ਬੋਝ ਵੀ ਵਧੇਗਾ।
