ਐਸ.ਏ.ਐਸ ਨਗਰ : ਮੁਹਾਲੀ ਨਗਰ ਨਿਗਮ ਦੇ ਮਿਉਂਸਪਲ ਭਵਨ ਸੈਕਟਰ 67 ਵਿਖੇ 75ਵਾਂ ਆਜ਼ਾਦੀ ਦਿਹਾੜਾ ਪੂਰੀ ਧੂਮਧਾਮ ਅਤੇ ਸ਼ਰਧਾ ਨਾਲ ਮਨਾਇਆ ਗਿਆ। ਇਸ ਮੌਕੇ ਮੁਹਾਲੀ ਨਗਰ ਨਿਗਮ ਦੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਤਿਰੰਗਾ ਝੰਡਾ ਲਹਿਰਾਇਆ। ਮੇਅਰ ਬਣਨ ਤੋਂ ਬਾਅਦ ਅਮਰਜੀਤ ਸਿੰਘ ਜੀਤੀ ਸਿੱਧੂ ਪਹਿਲੀ ਵਾਰ ਝੰਡਾ ਲਹਿਰਾਉਣ ਦੀ ਰਸਮ ਅਦਾ ਕਰ ਰਹੇ ਸਨ। ਇਸ ਮੌਕੇ ਸੀਨੀਅਰ ਡਿਪਟੀ ਮੇਅਰ ਅਮਰੀਕ ਸਿੰਘ ਸੋਮਲ ਤੇ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਿਸ਼ੇਸ਼ ਤੌਰ ਤੇ ਉਨ੍ਹਾਂ ਦੇ ਨਾਲ ਸਨ।
ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਕਿਹਾ ਕਿ ਭਾਰਤ ਨੂੰ ਇਹ ਆਜ਼ਾਦੀ ਬਹੁਤ ਵੱਡੇ ਸੰਘਰਸ਼ਾਂ ਅਤੇ ਕੁਰਬਾਨੀਆਂ ਤੋਂ ਬਾਅਦ ਹਾਸਲ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ਆਜ਼ਾਦੀ ਨੂੰ ਕਾਇਮ ਰੱਖਣ ਲਈ ਸਾਨੂੰ ਸਾਰਿਆਂ ਨੂੰ ਪੂਰੀ ਤਨਦੇਹੀ ਨਾਲ ਉਪਰਾਲੇ ਕਰਨ ਦੀ ਲੋੜ ਹੈ।
ਇਹ ਵੀ ਪੜ੍ਹੋ : ਮੁਹਾਲੀ ਦੇ ਸੈਕਟਰ 78 ਵਿੱਚ ਸ਼ਹਿਰ ਦੇ ਸਭ ਤੋਂ ਵੱਡੇ ਜਿੰਮ ”ਕਲੈਪਸ ਫਿਟਨੈੱਸ” ਦਾ ਉਦਘਾਟਨ
ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਨੇ ਇਸ ਮੌਕੇ ਉਨ੍ਹਾਂ ਨੂੰ ਮੇਅਰ ਬਣਾਉਣ ਲਈ ਸਮੁੱਚੇ ਮੁਹਾਲੀ ਸ਼ਹਿਰ ਦੇ ਵਸਨੀਕਾਂ ਦਾ ਧੰਨਵਾਦ ਕੀਤਾ। ਉਨ੍ਹਾਂ ਇਸ ਮੌਕੇ ਸ਼ਹਿਰ ਦੇ ਵਿਕਾਸ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਕਿਹਾ ਕਿ ਮੋਹਾਲੀ ਦੇ ਲੋਕਾਂ ਨੇ ਕਾਂਗਰਸ ਪਾਰਟੀ ਉੱਤੇ ਜੋ ਵਿਸ਼ਵਾਸ ਪ੍ਰਗਟ ਕਰਕੇ ਪੂਰੀ ਬਹੁਮਤ ਨਾਲ ਕਾਂਗਰਸ ਦੇ ਹੱਕ ਵਿੱਚ ਫਤਵਾ ਦਿੱਤਾ ਹੈ, ਉਹ ਉਸ ਦੇ ਤਹਿ ਦਿਲੋਂ ਸ਼ੁਕਰਗੁਜ਼ਾਰ ਹਨ ਅਤੇ ਪੂਰੇ ਸ਼ਹਿਰ ਦਾ ਨਿਰੰਤਰ ਵਿਕਾਸ ਉਨ੍ਹਾਂ ਦੀ ਜ਼ਿੰਮੇਵਾਰੀ ਹੈ।
ਇਹ ਵੀ ਪੜ੍ਹੋ : ਵੇਰਕਾ ਨੇ ਛੇ ਹੋਰ ਨਵੀਆਂ ਮਠਿਆਈਆਂ ਤਿਉਹਾਰਾਂ ਦੀ ਆਮਦ ਮੌਕੇ ਮਾਰਕੀਟ ਵਿੱਚ ਉਤਾਰੀਆਂ
ਮੇਅਰ ਜੀਤੀ ਸਿੱਧੂ ਨੇ ਆਜ਼ਾਦੀ ਦਿਹਾੜੇ ਮੌਕੇ ਦੇਸ਼ ਦੇ ਹੁਕਮਰਾਨਾਂ ਨੂੰ ਜੈ ਜਵਾਨ ਜੈ ਕਿਸਾਨ ਦੇ ਨਾਅਰੇ ਨੂੰ ਪ੍ਰਫੁੱਲਤ ਕਰਨ ਦਾ ਸੁਨੇਹਾ ਦਿੰਦਿਆਂ ਕਿਹਾ ਕਿ ਪਿਛਲੇ ਕਈ ਮਹੀਨਿਆਂ ਤੋਂ ਲਗਾਤਾਰ ਸੰਘਰਸ਼ ਤੇ ਬੈਠੇ ਕਿਸਾਨਾਂ ਦੀਆਂ ਮੰਗਾਂ ਮੰਨ ਕੇ ਕਾਲੇ ਕਾਨੂੰਨਾਂ ਨੂੰ ਤੁਰੰਤ ਰੱਦ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਜਵਾਨਾਂ ਅਤੇ ਕਿਸਾਨਾਂ ਦੇ ਸੰਘਰਸ਼ਾਂ ਨਾਲ ਹੀ ਸਾਨੂੰ ਆਜ਼ਾਦੀ ਹਾਸਲ ਹੋਈ ਹੈ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਬਣਾਏ ਗਏ ਖੇਤੀ ਕਾਨੂੰਨਾਂ ਤੋਂ ਜੇਕਰ ਕਿਸਾਨ ਵੀ ਖੁਸ਼ ਨਹੀਂ ਹਨ ਤਾਂ ਫਿਰ ਇਨ੍ਹਾਂ ਦਾ ਕੀ ਅਰਥ ਰਹਿ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਪੂਰੀ ਤਰ੍ਹਾਂ ਕਿਸਾਨਾਂ ਦੇ ਨਾਲ ਖਡ਼੍ਹੀ ਹੈ ਅਤੇ ਇਨ੍ਹਾਂ ਕਾਲੇ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਦਮ ਲਵੇਗੀ।
ਇਹ ਵੀ ਪੜ੍ਹੋ : ਮੰਤਰੀ ਮੰਡਲ ਵੱਲੋਂ ਕਾਰੋਬਾਰ ਨੂੰ ਸੁਖਾਲਾ ਬਣਾਉਣ ਲਈ ਐਮ.ਐਸ.ਐਮ.ਈਜ਼ ਲਈ ਐਨ.ਓ.ਸੀ. ਦੀ ਸੂਚੀ ਨੂੰ ਪ੍ਰਵਾਨਗੀ
ਇਸ ਮੌਕੇ ਮੇਅਰ ਅਮਰਜੀਤ ਸਿੰਘ ਜੀਤੀ ਸਿੱਧੂ ਵੱਲੋਂ ਵੱਖ ਵੱਖ ਖੇਤਰਾਂ ਵਿੱਚ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਅਤੇ ਸੰਸਥਾਵਾਂ ਨੂੰ ਵਿਸ਼ੇਸ਼ ਤੌਰ ਤੇ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਨਗਰ ਨਿਗਮ ਦੇ ਕਮਿਸ਼ਨਰ ਕਮਲ ਗਰਗ, ਐਸਈ ਸੰਜੇ ਕੰਵਰ, ਮੁਹਾਲੀ ਨਗਰ ਨਿਗਮ ਦੇ ਚੁਣੇ ਹੋਏ ਕੌਂਸਲਰ, ਨਗਰ ਨਿਗਮ ਦੇ ਅਧਿਕਾਰੀ ਅਤੇ ਕਰਮਚਾਰੀ ਹਾਜ਼ਰ ਸਨ।
