ਈਵੀਐਮ ਦੀ ਥਾਂ ਬੈਲਟ ਪੇਪਰਾਂ ਰਾਹੀਂ ਕਰਵਾਈਆਂ ਜਾਣ ਲੋਕਸਭਾ ਚੋਣਾਂ : ਡਿਪਟੀ ਮੇਅਰ
ਮੋਹਾਲੀ ਨਗਰ ਨਿਗਮ ਦੇ ਡਿਪਟੀ ਮੇਅਰ ਅਤੇ ਕਾਂਗਰਸ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਬਣਾਈ ਗਈ ਵਾਰ ਰੂਮ ਕਮੇਟੀ ਦੇ ਕੋ ਚੇਅਰਮੈਨ ਕੁਲਜੀਤ ਸਿੰਘ ਬੇਦੀ ਨੇ ਚੰਡੀਗੜ੍ਹ ਦੇ ਮੇਅਰ ਦੀ ਹੋਈ ਚੋਣ ਵਿੱਚ ਕੀਤੀ ਗਈ ਧਾਂਦਲੀ ਸਬੰਧੀ ਸੁਪਰੀਮ ਕੋਰਟ ਵੱਲੋਂ ਅੱਜ ਆਏ ਫੈਸਲੇ ਤੋਂ ਬਾਅਦ ਸੁਪਰੀਮ ਕੋਰਟ ਨੂੰ ਸੈਲਯੂਟ ਕੀਤਾ ਹੈ। ਉਹਨਾਂ ਕਿਹਾ ਕਿ ਲੋਕਤੰਤਰ ਦੇ ਥੰਮ ਵਜੋਂ ਸੁਪਰੀਮ ਕੋਰਟ ਦੇ ਇਸ ਫੈਸਲੇ ਨੇ ਸਾਬਿਤ ਕਰ ਦਿੱਤਾ ਹੈ ਕਿ ਦੇਸ਼ ਵਿੱਚ ਅਜੇ ਲੋਕਤੰਤਰ ਜਿਉਂਦਾ ਹੈ ਭਾਵੇਂ ਭਾਰਤੀ ਜਨਤਾ ਪਾਰਟੀ ਨੇ ਲੋਕਤੰਤਰ ਦਾ ਘਾਣ ਕਰਨ ਵਿੱਚ ਕੋਈ ਕਸਰ ਨਹੀਂ ਛੱਡੀ ਹੋਈ।
ਕੁਲਜੀਤ ਸਿੰਘ ਬੇਦੀ ਨੇ ਇਹ ਵੀ ਕਿਹਾ ਕਿ ਲੋਕਾਂ ਦੇ ਚੁਣੇ ਹੋਏ ਨੁਮਾਇੰਦਿਆਂ ਦੀਆਂ ਵੋਟਾਂ ਨੂੰ ਇਸ ਤਰ੍ਹਾਂ ਰੱਦ ਕਰਨ ਵਾਲੇ ਅਧਿਕਾਰੀ ਨੂੰ ਸਖਤ ਸਜ਼ਾ ਦਿੱਤੀ ਜਾਣੀ ਚਾਹੀਦੀ ਹੈ। ਉਹਨਾਂ ਕਿਹਾ ਕਿ ਇਸ ਮਾਮਲੇ ਵਿੱਚ ਸ਼ਾਮਿਲ ਰਹੇ ਭਾਰਤੀ ਜਨਤਾ ਪਾਰਟੀ ਦੇ ਕੌਂਸਲਰਾਂ ਖਿਲਾਫ ਵੀ ਸਖਤ ਕਾਰਵਾਈ ਹੋਣੀ ਚਾਹੀਦੀ ਹੈ।
ਕੁਲਜੀਤ ਸਿੰਘ ਬੇਦੀ ਨੇ ਕਿਹਾ ਕਿ ਇਸ ਪੂਰੀ ਘਟਨਾ ਨਾਲ ਇਹ ਵੀ ਗੱਲ ਸਪਸ਼ਟ ਹੋ ਗਈ ਹੈ ਕਿ ਦੇਸ਼ ਵਿੱਚ ਬੈਲਟ ਪੇਪਰ ਰਾਹੀਂ ਹੀ ਚੋਣਾਂ ਹੋਣੀਆਂ ਚਾਹੀਦੀਆਂ ਹਨ ਤਾਂ ਜੋ ਇਸ ਤਰ੍ਹਾਂ ਦੀਆਂ ਧਾਂਦਲੀਆਂ ਤੋਂ ਬਚਾਅ ਹੋ ਸਕੇ। ਉਹਨਾਂ ਕਿਹਾ ਕਿ ਜੋ ਲੋਕ ਈਵੀਐਮ ਦੀ ਕਾਰਜ ਪ੍ਰਣਾਲੀ ਉੱਤੇ ਖਦਸ਼ਾ ਪ੍ਰਗਟ ਕਰਦੇ ਹਨ, ਉਹਨਾਂ ਦਾ ਖਦਸ਼ਾ ਇਸ ਘਟਨਾ ਤੋਂ ਬਾਅਦ ਸਪਸ਼ਟ ਤੌਰ ਤੇ ਠੀਕ ਜਾਪਦਾ ਹੈ ਕਿਉਂਕਿ ਜੇਕਰ ਚੰਡੀਗੜ੍ਹ ਦੇ ਮੇਅਰ ਦੀ ਇਹੀ ਚੋਣ ਈਵੀਐਮ ਰਾਹੀਂ ਹੋਈ ਹੁੰਦੀ ਤਾਂ ਕਿਸੇ ਕੋਲ ਕੋਈ ਸਬੂਤ ਨਹੀਂ ਸੀ ਰਹਿਣਾ।
ਉਹਨਾਂ ਮੰਗ ਕੀਤੀ ਕਿ ਭਾਰਤੀ ਜਨਤਾ ਪਾਰਟੀ ਆਪਣੀਆਂ ਕੋਝੀਆਂ ਚਾਲਾਂ ਤੋਂ ਬਾਜ ਆਵੇ ਅਤੇ ਸਹੀ ਢੰਗ ਨਾਲ ਚੋਣਾਂ ਲੜੇ ਤਾਂ ਜੋ ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋ ਸਕੇ। ਉਹਨਾਂ ਕਿਹਾ ਕਿ ਇਸ ਨਾਲ ਦੇਸ਼ ਦੇ ਲੋਕਾਂ ਦੀ ਇਹ ਮੰਗ ਹੋਰ ਵੀ ਮਜ਼ਬੂਤ ਹੋ ਗਈ ਹੈ ਕਿ ਆਉਂਦੀਆਂ ਲੋਕ ਸਭਾ ਚੋਣਾਂ ਈਵੀਐਮ ਦੀ ਥਾਂ ਬੈਲਟ ਪੇਪਰ ਨਾਲ ਕਰਵਾਈਆਂ ਜਾਣ।