ਸੀਨੀਅਰ ਅਕਾਲੀ ਆਗੂ ਸਤਨਾਮ ਸਿੰਘ ਨੇ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਘਪਲੇ ‘ਤੇ ਤੁਰੰਤ ਕਾਰਵਾਈ ਦੀ ਮੰਗ ਕੀਤੀ
ਤਰਨ ਤਾਰਨ/ ਚੰਡੀਗੜ੍ਹ: ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਸਤਨਾਮ ਸਿੰਘ ਨੇ ਚੋਹਲਾ ਸਾਹਿਬ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਵਿਖੇ ਚੱਲ ਰਹੇ ਕਥਿੱਤ ਘਪਲੇ ਨੂੰ ਹੱਲ ਕਰਨ ਵਿੱਚ ਹੋ ਰਹੀ ਦੇਰੀ ‘ਤੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਇਸ ਮਾਮਲੇ ਨੂੰ ਹੱਲ ਕਰਨ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿੱਚ ਸਿੱਖ ਕੌਮ ਦਾ ਭਰੋਸਾ ਬਹਾਲ ਕਰਨ ਲਈ ਤੁਰੰਤ ਕਾਰਵਾਈ ਦੀ ਲੋੜ ‘ਤੇ ਜ਼ੋਰ ਦਿੱਤਾ।
ਸਤਨਾਮ ਸਿੰਘ ਚੋਹਲਾ ਸਾਹਿਬ ਨੇ ਅੱਜ ਆਪਣੀ ਤਰਨ ਤਾਰਨ ਦੀ ਫੇਰੀ ਦੌਰਾਨ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਕੁੱਝ ਅਧਿਕਾਰੀਆਂ ਵੱਲੋਂ ਸੱਤਾ ਦੀ ਕਥਿਤ ਦੁਰਵਰਤੋਂ ਨੂੰ ਉਜਾਗਰ ਕੀਤਾ, ਜਿਸ ਨਾਲ ਗੁਰਦੁਆਰਾ ਸਾਹਿਬ ਅੰਦਰ ਦੁਕਾਨਾਂ ਅਤੇ ਹੋਰ ਠੇਕਾ-ਪ੍ਰਣਾਲੀ ‘ਚ ਵੰਡ ਦੌਰਾਨ ਬੇਨਿਯਮੀਆਂ ਹੋਈਆਂ ਸਨ। ਉਨ੍ਹਾਂ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੂੰ ਅਪੀਲ ਕੀਤੀ ਕਿ ਉਹ ਇੰਨ੍ਹਾਂ ਮੁੱਦਿਆਂ ਦੇ ਹੱਲ ਲਈ ਨਿਰਣਾਇਕ ਕਦਮ ਚੁੱਕਣ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅੰਦਰ ਪਾਰਦਰਸ਼ਤਾ ਅਤੇ ਜਵਾਬਦੇਹੀ ਨੂੰ ਯਕੀਨੀ ਬਣਾਉਣ।
ਸ੍ਰ. ਸਤਨਾਮ ਸਿੰਘ ਚੋਹਲਾ ਸਾਹਿਬ ਨੇ ਦੁਹਰਾਇਆ ਕਿ ਇਹ ਮਸਲਾ ਸ਼੍ਰੋਮਣੀ ਅਕਾਲੀ ਦਲ ਦੇ ਸਰਪ੍ਰਸਤ ਅਤੇ ਸਾਬਕਾ ਸੰਸਦ ਮੈਂਬਰ ਮਰਹੂਮ ਜਥੇਦਾਰ ਰਣਜੀਤ ਸਿੰਘ ਬ੍ਰਹਮਪੁਰਾ ਦੇ ਧਿਆਨ ਵਿੱਚ ਲਿਆਂਦਾ ਗਿਆ ਸੀ, ਜਿੰਨ੍ਹਾਂ ਨੇ ਇਸ ਸੰਬੰਧੀ ਫੈਸਲਾਕੁੰਨ ਕਾਰਵਾਈ ਕਰਨ ਦਾ ਭਰੋਸਾ ਦਿੱਤਾ ਸੀ। ਇਸਦੇ ਬਾਵਜੂਦ ਵੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਠੋਸ ਕਾਰਵਾਈ ਕਰਨ ਵਿੱਚ ਅਸਫ਼ਲ ਰਹੇ ਹਨ, ਜਿਸ ਕਾਰਨ ਸਿੱਖ ਸੰਗਤਾਂ ਵਿੱਚ ਨਿਰਾਸ਼ਾ ਦਾ ਆਲਮ ਹੈ।
ਸ੍ਰ. ਸਤਨਾਮ ਸਿੰਘ ਚੋਹਲਾ ਸਾਹਿਬ ਨੇ ਡੂੰਘੀ ਚਿੰਤਾ ਦਾ ਪ੍ਰਗਟਾਵਾ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਦਿਖਾਈ ਢਿੱਲੀ ਕਾਰਗੁਜ਼ਾਰੀ ਅਤੇ ਸਖ਼ਤ ਕਾਰਵਾਈ ਦੀ ਘਾਟ ‘ਤੇ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਕਮੇਟੀ ਦੇ ਅੰਦਰ ਕੁੱਝ ਮੌਕਾਪ੍ਰਸਤ ਅਹੁਦੇਦਾਰਾਂ ਨੂੰ ਜਾਣਬੁੱਝ ਕੇ ਬਚਾਇਆ ਜਾ ਰਿਹਾ ਹੈ ਜਿਸ ਨਾਲ ਸਿੱਖ ਕੌਮ ਅੰਦਰ ਭਾਰੀ ਰੋਸ ਪੈਦਾ ਕੀਤਾ ਗਿਆ ਹੈ। ਹਾਲਾਂਕਿ ਉਨ੍ਹਾਂ ਕਿਹਾ ਕਿ ਇਸ ਸਬੰਧੀ ਸਬ-ਕਮੇਟੀ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਬਣਾਈ ਗਈ ਸੀ। ਉਸ ਕਮੇਟੀ ਦੀ ਜਾਂਚ ਰਿਪੋਰਟ ਸਿੱਖ ਕੌਮ ਨੂੰ ਜਨਤਕ ਕੀਤੀ ਜਾਵੇ ਤਾਂ ਜੋ ਸੱਚਾਈ ਦਾ ਪਤਾ ਲੱਗ ਸਕੇ।
ਸ੍ਰ. ਸਤਨਾਮ ਸਿੰਘ ਚੋਹਲਾ ਸਾਹਿਬ ਨੇ ਇਹ ਕਹਿ ਕੇ ਸਮਾਪਤੀ ਕੀਤੀ ਕਿ ਸਿੱਖ ਕੌਮ ਦੋਸ਼ੀ ਧਿਰਾਂ ਦਾ ਸਨਮਾਨ ਬਰਦਾਸ਼ਤ ਨਹੀਂ ਕਰੇਗੀ ਅਤੇ ਅਜਿਹੀਆਂ ਕਾਰਵਾਈਆਂ ਦੇ ਭਵਿੱਖੀ ਸੰਬੰਧਾਂ ‘ਤੇ ਮਾੜੇ ਪ੍ਰਭਾਵ ਪੈਣ ਦੇ ਸੰਕੇਤ ਹਨ ਅਤੇ ਉਨ੍ਹਾਂ ਨੇ ਸ਼੍ਰੋਮਣੀ ਕਮੇਟੀ ਨੂੰ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਅਤੇ ਸਥਾਨਕ ਸਿੱਖ ਸੰਗਤ ਦੇ ਵਿਸ਼ਵਾਸ ਨੂੰ ਬਹਾਲ ਕਰਨ ਦੀ ਤਾਕੀਦ ਨੂੰ ਦੁਹਰਾਇਆ।
ਇਸ ਮੌਕੇ ਗੁਰਦੇਵ ਸਿੰਘ, ਡਾਕਟਰ ਜਤਿੰਦਰ ਸਿੰਘ, ਪ੍ਰਧਾਨ ਬੀਸੀ ਵਿੰਗ ਮਨਜਿੰਦਰ ਸਿੰਘ ਲਾਟੀ, ਅਵਤਾਰ ਸਿੰਘ ਰੇਮੰਡ ਸ਼ੌਅਰੂਮ, ਜਥੇਦਾਰ ਹਰਬੰਸ ਸਿੰਘ ਕੜਕਾ, ਯੂਥ ਆਗ ਸਤਨਾਮ ਸਿੰਘ ਕਰਮੂੰਵਾਲਾ, ਫੂਮਣ ਸਿੰਘ ਕੜਕਾ, ਯੂਥ ਆਗੂ ਜਗਰੂਪ ਸਿੰਘ ਪੱਖੋਪੁਰ, ਦਿਲਬਰ ਸਿੰਘ, ਗੁਰਨਾਮ ਸਿੰਘ ਜੰਮੇਦਾਰ, ਸਤਨਾਮ ਸਿੰਘ ਸਰਪੰਚ, ਸੰਤੋਖ ਸਿੰਘ, ਸਤਨਾਮ ਸਿੰਘ ਚੋਹਲਾ ਖ਼ੁਰਦ, ਕਰਿੰਦਰਜੀਤ ਸਿੰਘ ਚੋਹਲਾ ਖ਼ੁਰਦ, ਪ੍ਰਧਾਨ ਸਾਧਾ ਸਿੰਘ ਸਮੇਤ ਹੋਰ ਪਤਵੰਤੇ ਸੱਜਣ ਹਾਜ਼ਰ ਸਨ।
