ਸ੍ਰੀ ਮੁਕਤਸਰ ਸਾਹਿਬ : ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਐਲਾਨਕੀਤਾ ਕਿ ਪਾਰਟੀ ਆਉਂਦੀਆਂ ਪੰਚਾਇਤ ਤੇ ਸਥਾਨਕ ਸਰਕਾਰ ਸੰਸਥਾਵਾਂ ਦੀਆਂ ਚੋਣਾਂ ਵਿਚ ਔਰਤਾਂ ਨੂੰ 50 ਫੀਸਦੀ ਸੀਟਾਂ ਦੇਵੇਗੀ ਅਤੇ ਵਿਧਾਨ ਸਭਾ ਤੇ ਲੋਕ ਸਭਾ ਚੋਣਾਂ ਵਿਚ 33 ਫੀਸਦੀ ਸੀਟਾਂ ਔਰਤਾਂ ਨੂੰ ਦਿੱਤੀਆਂ ਜਾਣਗੀਆਂ।
ਇਥੇ ਮਾਘੀ ਮੇਲੇ ’ਤੇ ਪਹਿਲੀ ਸਿਰਫ ਔਰਤਾਂ ਦੀ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਬਣਨ ’ਤੇ ਸਾਡੀਆਂ ਭੈਣਾਂ ਨਾਲ ਸਬੰਧਤ ਸਾਰੀਆਂ ਸਮਾਜ ਭਲਾਈ ਪਹਿਲ ਕਦਮੀਆਂ ਨੂੰ ਹੁਲਾਰਾ ਦਿੱਤਾ ਜਾਵੇਗਾ।
ਉਹਨਾਂ ਕਿਹਾ ਕਿ ਜਿਹੜੀ ਆਮ ਆਦਮੀ ਪਾਰਟੀ ਸਰਕਾਰ ਨੇ ਸ਼ਗਨ ਸਕੀਮ ਬੰਦ ਕੀਤੀ ਹੈ, ਉਹ ਅਸੀਂ ਮੁੜ ਸ਼ੁਰੂ ਕਰਾਂਗੇ। ਉਹਨਾਂ ਕਿਹਾ ਕਿ ਅਸੀ਼ ਆਟਾ ਦਾਲ ਸਕੀਮ ਤਹਿਤ ਦਾਲਾਂ ਵੀ ਦਿਆਂਗੇ ਜਦੋਂ ਕਿ ਮੌਜੂਦਾ ਸਰਕਾਰ ਨੇ ਇਸ ਸਕੀਮ ਦੇ ਲਾਭਪਾਤਰੀਆਂ ਦੀ ਗਿਣਤੀ ਵਿਚ ਭਾਰੀ ਕਟੌਤੀ ਕੀਤੀ ਹੈ ਤੇ ਇਸਦੇ ਨਾਲ ਹੀ ਬੁਢਾਪਾ ਪੈਨਸ਼ਨ ਵਧਾ ਕੇ 2500 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਇਸਤਰੀ ਅਕਾਲੀ ਦਲ ਵੱਲੋਂ ਬੀਬੀ ਹਰਗੋਬਿੰਦ ਕੌਰ ਦੀ ਲੀਡਰਸ਼ਿਪ ਵਿਚ ਆਯੋਜਿਤ ਮਹਿਲਾ ਕਾਨਫਰੰਸ ਨੂੰ ਲਾਮਿਸਾਲ ਹੁੰਗਾਰਾ ਮਿਲਣ ਦੀ ਵੀ ਸ਼ਲਾਘਾ ਕੀਤੀ। ਉਹਨਾਂ ਕਿਹਾ ਕਿ ਜਿਸ ਤਰੀਕੇ ਕਾਨਫਰੰਸ ਵਿਚ ਮਹਿਲਾਵਾਂ ਇਕੱਤਰ ਹੋਈਆਂ ਹਨ, ਉਸ ਤੋਂ ਸਾਬਤ ਹੁੰਦਾ ਹੈ ਕਿ ਅਕਾਲੀ ਦਲ ਵਿਚ ਔਰਤਾਂ ਦਾ ਕਿੰਨਾ ਮਾਣ ਸਤਿਕਾਰ ਹੈ। ਉਹਨਾਂ ਨੇ ਔਰਤਾਂ ਨੂੰ ਅਪੀਲ ਕੀਤੀ ਕਿ ਉਹ ਮਾਈ ਭਾਗੋ ਦੀਆਂ ਵਾਰਸ ਬਣਨ ਅਤੇ ਇਕਜੁੱਟ ਹੋਕੇ ਅਕਾਲੀ ਦਲ ਨੂੰ ਹੋਰ ਮਜ਼ਬੂਤ ਕਰਨ ਵਿਚ ਅਹਿਮ ਭੂਮਿਕਾ ਨਿਭਾਉਣ।
ਸਰਦਾਰ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਕਾਂਗਰਸ ਤੇ ਆਪ ਦੋਵਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ ਹੈ। ਉਹਨਾਂ ਕਿਹਾ ਕਿ ਕਾਂਗਰਸ ਨੇ ਕਿਸਾਨਾਂ ਦਾ ਕਰਜ਼ਾ ਮੁਆਫ ਕਰਨ ਦਾ ਵਾਅਦਾ ਕੀਤਾ ਸੀ ਪਰ ਕੀਤਾ ਕੱਖ ਵੀ ਨਹੀਂ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਤਾਂ ਹੋਰ ਵਧਾ ਚੜ੍ਹਾ ਕੇ ਵਾਅਦੇ ਕੀਤੇ ਸਨ ਤੇ ਆਟਾ ਦਾਲ ਸਕੀਮ ਤਹਿਤ ਆਟੇ ਦੀ ਸਪਲਾਈ ਵਧਾਉਣ, ਬੁਢਾਪਾ ਪੈਨਸ਼ਨ ਵਧ ਕੇ 2500 ਰੁਪਏ ਪ੍ਰਤੀ ਮਹੀਨਾ ਕਰਨ ਅਤੇ ਔਰਤਾਂ ਨੂੰ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ।
ਉਹਨਾਂ ਕਿਹਾ ਕਿ ਬਜਾਏ ਪੈਨਸ਼ਨ ਵਿਚ ਵਾਧਾ ਕਰਨ ਦੇ ਲਾਭਪਾਤਰੀਆਂ ਦੀ ਗਿਣਤੀ ਵਿਚ ਕਾਫੀ ਕਟੌਤੀ ਕਰ ਦਿੱਤੀ ਗਈ ਤੇ ਔਰਤਾਂ ਨੂੰ ਹੁਣ ਤੱਕ 1 ਹਜ਼ਾਰ ਰੁਪਏ ਪ੍ਰਤੀ ਮਹੀਨਾ ਨਹੀਂ ਮਿਲਿਆ।
ਸਰਦਾ ਬਾਦਲ ਨੇ ਇਹ ਵੀ ਦੱਸਿਆ ਕਿ ਕਿਵੇਂ ਸੂਬੇ ਵਿਚ ਨਸ਼ੇ ਦਾ ਪਸਾਰ ਵੱਧ ਗਿਆ ਹੈ ਕਿਉਂਕਿ ਆਪ ਦੇ ਵਿਧਾਇਕ ਨਸ਼ਾ ਤਸਕਰਾਂ ਤੋਂ ਹਰ ਮਹੀਨੇ ਲੱਖਾਂ ਰੁਪਏ ਵਸੂਲ ਕਰ ਰਹੇ ਹਨ। ਉਹਨਾਂ ਕਿਹਾ ਕਿ ਇਹ ਵਿਧਾਇਕ ਹੀ ਪੁਲਿਸ ਨੂੰ ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਨ ਤੋਂ ਰੋਕ ਰਹੇ ਹਨ।
ਸਾਬਕਾ ਕੇਂਦਰੀ ਮੰਤਰੀ ਤੇ ਬਠਿੰਡਾ ਦੇ ਐਮ ਪੀ ਸਰਦਾਰਨੀ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਦੇ ਇਤਿਹਾਸ ਵਿਚ ਗੁਰੂ ਸਾਹਿਬਾਨ ਦੇ ਸਮੇਂ ਤੋਂ ਲੈ ਕੇ ਹੁਣ ਤੱਕ ਔਰਤਾਂ ਵੱਲੋਂ ਦਿੱਤੀਆਂ ਸ਼ਹਾਦਤਾਂ ਦਾ ਜ਼ਿਕਰ ਕੀਤਾ। ਉਹਨਾਂ ਇਹ ਵੀ ਦੱਸਿਆ ਕਿ ਕਿਵੇਂ ਆਪ ਸਰਕਾਰ ਜ਼ੀਰੋ ਬਿੱਲ ਦਾ ਰੌਲਾ ਪਾ ਕੇ ਪੰਜਾਬੀਆਂ ਨੂੰ ਮੂਰਖ ਬਣਾਉਣਾ ਚਾਹੁੰਦੀ ਹੈ ਜਦੋਂ ਕਿ ਇਸਨੇ ਸ਼ਗਨ ਸਕੀਮ, ਆਟਾ ਦਾਲ ਸਕੀਮ ਤੇ ਬੁਢਾਪਾ ਪੈਨਸ਼ਨ ਦੇ ਲਾਭਪਾਤਰੀਆਂ ਦੀ ਗਿਣਤੀ ਘਟਾ ਦਿੱਤੀ ਹੈ। ਉਹਨਾਂ ਕਿਹਾ ਕਿ ਜ਼ੀਰੋ ਬਿੱਲ ਸਿਰਫ ਨਾਅਰਾ ਹੀ ਸਾਬਤ ਹੋ ਰਿਹਾ ਹੈ ਕਿਉਂਕਿ ਲੋਕ ਵੱਡੇ ਬਿਜਲੀ ਬਿੱਲ ਆਉਣ ਦੀ ਸ਼ਿਕਾਇਤ ਕਰ ਰਹੇ ਹਨ।
ਇਸਤਰੀ ਅਕਾਲੀ ਦਲ ਦੇ ਪ੍ਰਧਾਨ ਬੀਬੀ ਹਰਗੋਬਿੰਦ ਕੌਰ ਨੇ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਪ ਸਰਕਾਰ ਦੇ ਕੁਸ਼ਾਸਨ ਦੀ ਮਾਰ ਔਰਤਾਂ ਝੱਲ ਰਹੀਆਂ ਹਨ। ਉਹਨਾਂ ਕਿਹਾ ਕਿ ਭਾਵੇਂ ਨਸ਼ਾ ਤਸਕਰੀ ਵਿਚ ਵਾਧੇ ਦੀ ਗੱਲ ਹੋਵੇ ਜਾਂ ਅਮਨ ਕਾਨੂੰਨ ਵਿਵਸਥਾ ਢਹਿ ਢੇਰੀ ਹੋਣ ਦੀ ਸਭ ਤੋਂ ਵੱਧ ਨੁਕਸਾਨ ਔਰਤਾਂ ਦਾ ਹੋ ਰਿਹਾ ਹੈ।
ਉਹਨਾਂ ਕਿਹਾ ਕਿ ਔਰਤਾਂ ਵੇਖਦੀਆਂ ਰਹਿ ਜਾਂਦੀਆਂ ਹਨ ਤੇ ਉਹਨਾਂ ਦੇ ਪੁੱਤਰ ਨਸ਼ੇ ਦੀ ਓਵਰਡੋਜ਼ ਨਾਲ ਮਰ ਰਹੇ ਹਨ ਤੇ ਮੁੱਖ ਮੰਤਰੀ ਸਿਰਫ ਚੁਟਕਲੇ ਸੁਣਾ ਰਹੇ ਹਨ ਜਾਂ ਫਿਰ ਸਿਆਸੀ ਬਦਲਾਖੋਰੀ ਵਿਚ ਲੱਗੇ ਹਨ ਤੇ ਸੂਬਾ ਚਲਾਉਣ ਵੱਲ ਉਹਨਾਂ ਦਾ ਕੋਈ ਧਿਆਨ ਨਹੀਂ ਹੈ। ਉਹਨਾਂ ਨੇ ਇਹ ਵੀ ਦੱਸਿਆ ਕਿ ਕਿਵੇਂ ਔਰਤਾਂ ਨੂੰ ਸਮਾਜ ਭਲਾਈ ਸਕੀਮਾਂ ਦੇ ਲਾਭ ਤੋਂ ਵਾਂਝਾ ਕੀਤਾ ਜਾ ਰਿਹਾ ਹੈ।