ਚੰਡੀਗੜ੍ਹ :
ਕਿਸਾਨਾਂ ਵਿਰੁੱਧ ਹਰਿਆਣਾ ਪੁਲਿਸ ਦੀ ਬਰਬਰਤਾ ਤੇ ਵਹਿਸ਼ੀਆਨਾ ਕਾਰਵਾਈ ਨੂੰ ਅਸਹਿਣਯੋਗ ਕਰਾਰ ਦਿੰਦਿਆਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਹੈ ਕਿ ਕੇਂਦਰ ਨੂੰ ਘੱਟੋ-ਘੱਟ ਸਮਰਥਨ ਮੁੱਲ (ਐਮਐਸਪੀ) ਨੂੰ ਕਾਨੂੰਨੀ ਬਣਾਉਣ ਸਮੇਤ ਕਿਸਾਨਾਂ ਦੀਆਂ ਸਾਰੀਆਂ ਮੰਗਾਂ ਨੂੰ ਬਿਨਾਂ ਕਿਸੇ ਦੇਰੀ ਤੋਂ ਪ੍ਰਵਾਨ ਕਰਨਾ ਚਾਹੀਦਾ ਹੈ।
ਸੰਧਵਾਂ ਨੇ ਕਿਹਾ ਕਿ ਜਦੋਂ 2021 ਵਿੱਚ ਮੋਦੀ ਸਰਕਾਰ ਨੇ ਸਾਰੀਆਂ ਮੰਗਾਂ ਮੰਨ ਲਈਆਂ ਸਨ ਅਤੇ ਉਨ੍ਹਾਂ ਦੀਆਂ ਸਾਰੀਆਂ ਮੰਗਾਂ ਨੂੰ ਪੂਰਾ ਕਰਨ ਦਾ ਵਾਅਦਾ ਕੀਤਾ ਸੀ, ਫਿਰ ਹੁਣ ਕਿਸਾਨਾਂ ਨੂੰ ਦਿੱਲੀ ਜਾ ਕੇ ਆਪਣੀ ਆਵਾਜ਼ ਬੁਲੰਦ ਕਰਨ ਤੋਂ ਕਿਉਂ ਰੋਕਿਆ ਜਾ ਰਿਹਾ ਹੈ।
ਪੰਜਾਬੀ ਨੌਜਵਾਨ ਕਿਸਾਨ ਸ਼ੁਭਕਰਨ ਸਿੰਘ ਦੇ ਦਰਦਨਾਕ ਕਤਲ ਲਈ ਹਰਿਆਣਾ ਸਰਕਾਰ ’ਤੇ ਨਿਸ਼ਾਨਾ ਸਾਧਦਿਆਂ ਸੰਧਵਾਂ ਨੇ ਕਿਹਾ ਕਿ ਪੰਜਾਬ ਦੇ ਕਿਸਾਨਾਂ ’ਤੇ ਆਪਣੇ ਹੱਕ ਮੰਗਣ ਲਈ ਕੀਤੇ ਜਾ ਰਹੇ ਅੱਤਿਆਚਾਰ ਅਸਹਿਣਯੋਗ ਹਨ ਅਤੇ ਇਹ ਬੰਦ ਹੋਣੇ ਚਾਹੀਦੇ ਹਨ।