ਅੰਮ੍ਰਿਤਸਰ : ਕੇਂਦਰੀ ਮੰਤਰੀ ਗਡਕਰੀ ਅੱਜ ਦੇਸ਼ ਦੇ ਸਭ ਤੋਂ ਉੱਚੇ ਰਾਸ਼ਟਰੀ ਝੰਡੇ ਦਾ ਕਰਨਗੇ ਉਦਘਾਟਨ
ਅੰਮ੍ਰਿਤਸਰ ; ਕੇਂਦਰ ਸਰਕਾਰ ਦੇ ਸੜਕੀ ਤੇ ਆਵਾਜਾਈ ਮੰਤਰੀ ਨਿਤਿਨ ਗਡਕਰੀ ਅੱਜ 19 ਅਕਤੂਬਰ ਨੂੰ ਦੇਸ਼ ਦੇ ਸਭ ਤੋਂ ਉੱਚੇ ਰਾਸ਼ਟਰੀ ਝੰਡੇ, ਜਿਸ ਦੀ ਉਚਾਈ 418 ਫੁੱਟ ਹੈ, ਦਾ ਉਦਘਾਟਨ ਕਰਨਗੇ ਅਤੇ ਆਪਣੇ ਦੌਰੇ ਦੌਰਾਨ ਸ੍ਰੀ ਦਰਬਾਰ ਸਾਹਿਬ ਵਿਖੇ ਵੀ ਨਤਮਸਤਕ ਹੋਣਗੇ।
ਇਸ ਸਬੰਧੀ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਘਨਸ਼ਾਮ ਥੋਰੀ ਨੇ ਦੱਸਿਆ ਕਿ ਸਵੇਰੇ ਨਿਤਿਨ ਗਡਕਰੀ ਅੰਮ੍ਰਿਤਸਰ ਵਿਖੇ ਪੁੱਜਣਗੇ ਅਤੇ ਸਭ ਤੋਂ ਪਹਿਲਾਂ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਤੋਂ ਬਾਅਦ ਦਿੱਲੀ-ਕੱਟੜਾ ਐਕਸਪ੍ਰੈੱਸ ਵੇ ਦੇ ਕੰਮਾਂ ਦਾ ਜਾਇਜ਼ਾ ਲੈਣਗੇ ਅਤੇ ਇਸ ਉਪਰੰਤ ਪਿੰਡ ਲਦੇਹ ਨੇੜੇ ਹਰਸ਼ਾ ਛੀਨਾ ਵਿਖੇ ਚੱਲ ਰਹੇ ਕੰਮ ਦਾ ਜਾਇਜ਼ਾ ਲੈਣਗੇ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਸ ਉਪਰੰਤ ਕੇਂਦਰੀ ਮੰਤਰੀ ਹੈਲੀਕਾਪਟਰ ਰਾਹੀਂ ਅੰਮ੍ਰਿਤਸਰ ਅਤੇ ਤਰਨਤਾਰਨ ਜ਼ਿਲ੍ਹਿਆਂ ਵਿਚ ਨੈਸ਼ਨਲ ਹਾਈਵੇ ਦੇ ਕੰਮਾਂ ਦਾ ਜਾਇਜ਼ਾ ਲੈਣ ਉਪਰੰਤ ਅਟਾਰੀ ਬਾਰਡਰ ਵਿਖੇ ਰਾਸ਼ਟਰੀ ਝੰਡੇ ਦਾ ਉਦਘਾਟਨ ਕਰਨਗੇ। ਉਨ੍ਹਾਂ ਕਿਹਾ ਕਿ ਕੇਂਦਰੀ ਮੰਤਰੀ ਆਪਣੇ ਦੌਰੇ ਦੌਰਾਨ ਰੀਟ੍ਰੀਟ ਸੈਰਾਮਨੀ ਵੀ ਵੇਖਣਗੇ ਅਤੇ ਬੀ. ਐੱਸ. ਐੱਫ. ਦੇ ਮਿਊਜ਼ੀਅਮ ਦਾ ਦੌਰਾ ਵੀ ਕਰਨਗੇ।
ਮੀਟਿੰਗ ਵਿਚ ਵਧੀਕ ਡਿਪਟੀ ਕਮਿਸ਼ਨਰ ਜਨਰਲ ਹਰਪ੍ਰੀਤ ਸਿੰਘ, ਵਧੀਕ ਡਿਪਟੀ ਕਮਿਸ਼ਨਰ ਸ਼ਹਿਰੀ ਵਿਕਾਸ ਅਮਨਦੀਪ ਕੌਰ, ਐੱਸ. ਡੀ. ਐੱਮ. ਅੰਮ੍ਰਿਤਸਰ-2 ਨਿਕਾਸ ਕੁਮਾਰ ਆਦਿ ਅਧਿਕਾਰੀ ਹਾਜ਼ਰ ਸਨ।