ਆਮ ਲੋਕਾਂ ਨੂੰ ਇੱਕੋ ਥਾਂ ਮਿਲ ਰਹੀਆਂ ਨੇ ਵੱਖ-ਵੱਖ ਤਰ੍ਹਾਂ ਦੀਆਂ 44 ਸੇਵਾਵਾਂ
ਖਰੜ :
ਪੰਜਾਬ ਵਿੱਚ ਜਦੋਂ ਤੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਬਣੀ ਹੈ, ਉਦੋਂ ਤੋਂ ਹੀ ਆਮ ਲੋਕਾਂ ਲਈ ਵੱਡੇ ਤੇ ਇਤਿਹਾਸਕ ਫੈਸਲੇ ਲੈ ਕੇ ਲੋਕਾਂ ਨੂੰ ਰਾਹਤ ਦਿੱਤੀ ਜਾ ਰਹੀ ਹੈ, ਜਿਸ ਦੀ ਕੜੀ ਹੇਠ “ਆਪ ਦੀ ਸਰਕਾਰ ਆਪ ਦੇ ਦੁਆਰ ਸਕੀਮ” ਤਹਿਤ ਪਿੰਡਾਂ ਤੇ ਸ਼ਹਿਰਾਂ ਵਿੱਚ ਕੈਂਪ ਲਗਾਏ ਜਾ ਰਹੇ ਹਨ। ਇਨ੍ਹਾਂ ਕੈਂਪਾਂ ਵਿੱਚ ਆਮ ਲੋਕਾਂ ਨੂੰ ਇੱਕੋ ਥਾਂ ਵੱਖ-ਵੱਖ ਤਰ੍ਹਾਂ ਦੀਆਂ 44 ਸੇਵਾਵਾਂ ਮੁਹੱਈਆ ਹੋ ਰਹੀਆਂ ਹਨ ਤੇ ਇਹ ਕੈਂਪ ਜਨ ਸੇਵਾ ਖੇਤਰ ਵਿੱਚ ਭਗਵੰਤ ਮਾਨ ਸਰਕਾਰ ਦੀ ਨਵੀਂ ਕ੍ਰਾਂਤੀ ਦਾ ਆਗਾਜ਼ ਹਨ।
ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਇਸ ਸਕੀਮ ਤਹਿਤ ਪਿੰਡ ਜੱਕੜਮਾਜਰਾ ਵਿਖੇ ਲਾਏ ਕੈਂਪ ਦਾ ਜਾਇਜ਼ਾ ਲੈਣ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਨੂੰ ਲੋਕਾਂ ਦਾ ਮਿਲ ਰਿਹਾ ਭਰਵਾਂ ਸਹਿਯੋਗ, ਇਸ ਗੱਲ ਦਾ ਗਵਾਹ ਹੈ ਕਿ ਸਰਕਾਰ ਦੇ ਲੋਕ ਹਿੱਤ ਦੇ ਫੈਸਲਿਆਂ ਨਾਲ ਪੰਜਾਬੀ ਬਹੁਤ ਖੁਸ਼ ਹਨ। ਇਸ ਮੌਕੇ ਉਨ੍ਹਾਂ ਦੇ ਨਾਲ ਐੱਸ.ਡੀ.ਐਮ. ਖਰੜ ਗੁਰਮੰਦਰ ਸਿੰਘ ਵੀ ਮੌਜੂਦ ਸਨ।
ਕੈਬਨਿਟ ਮੰਤਰੀ ਨੇ ਕਿਹਾ ਕਿ ਪਹਿਲਾਂ ਲੋਕਾਂ ਨੂੰ ਵੱਖ-ਵੱਖ ਸਹੂਲਤਾਂ ਹਾਸਲ ਕਰਨ ਲਈ ਸਰਕਾਰੀ ਦਫ਼ਤਰਾਂ ਦੇ ਗੇੜੇ ਮਾਰਨੇ ਪੈਂਦੇ ਸਨ, ਜਿਸ ਨਾਲ ਉਨ੍ਹਾਂ ਨੂੰ ਕਾਫੀ ਪ੍ਰੇਸ਼ਾਨੀ ਝੱਲਣੀ ਪੈਂਦੀ ਸੀ। ਪ੍ਰੰਤੂ ਹੁਣ ਇਨ੍ਹਾਂ ਕੈਂਪਾਂ ਰਾਹੀਂ ਲੋਕਾਂ ਨੂੰ ਉਹਨਾਂ ਦੇ ਘਰਾਂ ਨੇੜੇ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀ ਹਨ। ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ 1076 ਨੰਬਰ ਵੀ ਜਾਰੀ ਕੀਤਾ ਗਿਆ ਹੈ, ਜਿਸ ‘ਤੇ ਸੰਪਰਕ ਕਰਕੇ ਲੋਕਾਂ ਵੱਲੋਂ ਆਪਣੇ ਘਰਾਂ ਵਿੱਚ ਹੀ ਸਰਕਾਰੀ ਸਹੂਲਤਾਂ ਹਾਸਲ ਕੀਤੀਆਂ ਜਾ ਸਕਦੀਆਂ ਹਨ।
ਕੈਬਨਿਟ ਮੰਤਰੀ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਵਿੱਚ ਜਨਮ ਸਰਟੀਫਿਕੇਟ, ਆਮਦਨ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ, ਅਨੁਸੂਚਿਤ ਅਤੇ ਪੱਛੜੀਆਂ ਸ਼੍ਰੇਣੀਆਂ ਦੇ ਸਰਟੀਫਿਕੇਟ, ਬੁਢਾਪਾ, ਦਿਵਯਾਂਗ ਅਤੇ ਆਸ਼ਰਿਤ ਪੈਨਸ਼ਨ, ਜਨਮ ਸਰਟੀਫਿਕੇਟ ‘ਚ ਨਾਂ ਦੀ ਤਬਦੀਲੀ, ਬਿਜਲੀ ਦੇ ਬਿੱਲਾਂ ਦੇ ਭੁਗਤਾਨ, ਮਾਲ ਵਿਭਾਗ ਸਬੰਧੀ ਰਿਕਾਰਡ ਦੀ ਪੜਤਾਲ, ਵਿਆਹ ਦੀ ਰਜਿਸਟ੍ਰੇਸ਼ਨ, ਮੌਤ ਦੇ ਸਰਟੀਫਿਕੇਟ ਦੀ ਇਕ ਤੋਂ ਵੱਧ ਕਾਪੀਆਂ, ਪੇਂਡੂ ਖੇਤਰ ਸਰਟੀਫਿਕੇਟ, ਫਰਦ ਬਣਾਉਣੀ, ਸ਼ਗਨ ਸਕੀਮ, ਜ਼ਮੀਨ ਦੀ ਨਿਸ਼ਾਨਦੇਹੀ,ਐੱਨ.ਆਰ. ਆਈ. ਦੇ ਸਰਟੀਫਿਕੇਟਾਂ ਦੇ ਕਾਉਂਟਰ ਦਸਤਖ਼ਤ, ਪੁਲਿਸ ਕਲੀਅਰੈਂਸ ਸਰਟੀਫਿਕੇਟ ਦੇ ਕਾਉਂਟਰ ਦਸਤਖ਼ਤ, ਮੌਤ ਸਰਟੀਫਿਕੇਟ ‘ਚ ਤਬਦੀਲੀ ਆਦਿ ਸੇਵਾਵਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ।
ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜ੍ਹ ਕੇ ਇਹਨਾਂ ਕੈਂਪਾਂ ਦਾ ਲਾਭ ਲੈਣ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੀ ਤਰੱਕੀ ਲਈ ਦਿਨ ਰਾਤ ਇੱਕ ਕਰ ਕੇ ਕੰਮ ਕਰ ਰਹੀ ਹੈ ਤੇ ਸੂਬੇ ਦੇ ਵਿਕਾਸ ਵਿੱਚ ਕੋਈ ਕਸਰ ਨਹੀਂ ਛੱਡੀ ਜਾਵੇਗੀ।