Follow us

27/12/2024 8:41 am

Search
Close this search box.
Home » News In Punjabi » ਸਿੱਖਿਆ » ਨੌਜਵਾਨਾਂ ਦੀ ਸ਼ਖਸੀਅਤ ਨਿਖਾਰਨ ਲਈ ਯੁਵਕ ਮੇਲੇ ਢੁਕਵਾਂ ਪਲੇਟਫਾਰਮ : ਭਗਵੰਤ

ਨੌਜਵਾਨਾਂ ਦੀ ਸ਼ਖਸੀਅਤ ਨਿਖਾਰਨ ਲਈ ਯੁਵਕ ਮੇਲੇ ਢੁਕਵਾਂ ਪਲੇਟਫਾਰਮ : ਭਗਵੰਤ

ਸੁਨਾਮ (ਸੰਗਰੂਰ) :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਦੇ ਸਰਬਪੱਖੀ ਵਿਕਾਸ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।


ਅੱਜ ਇੱਥੇ ਖੇਤਰੀ ਯੁਵਕ ਮੇਲੇ ਦੀ ਪ੍ਰਧਾਨਗੀ ਕਰਨ ਉਪਰੰਤ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਨੌਜਵਾਨਾਂ ਦੀ ਭਲਾਈ ਲਈ ਕੋਈ ਕਸਰ ਬਾਕੀ ਨਹੀਂ ਛੱਡ ਜਾ ਰਹੀ। ਉਨ੍ਹਾਂ ਕਿਹਾ ਕਿ ਇੱਕ ਪਾਸੇ ਨੌਜਵਾਨਾਂ ਨੂੰ ਨੌਕਰੀਆਂ ਪ੍ਰਦਾਨ ਕਰਨ ਲਈ ਵਿਸ਼ੇਸ਼ ਕਦਮ ਚੁੱਕੇ ਗਏ ਹਨ ਅਤੇ ਦੂਜੇ ਪਾਸੇ ਸੂਬੇ ਵਿੱਚ ਉਨ੍ਹਾਂ ਦੀ ਬੇਅੰਤ ਊਰਜਾ ਨੂੰ ਸਹੀ ਦਿਸ਼ਾ ਵਿੱਚ ਲਾਉਣ ਲਈ ਵੱਡੇ ਉਪਰਾਲੇ ਕੀਤੇ ਗਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਉਪਰਾਲੇ ਆਉਣ ਵਾਲੇ ਦਿਨਾਂ ਵਿੱਚ ਵੀ ਜਾਰੀ ਰੱਖੇ ਜਾਣਗੇ ਜਿਸ ਲਈ ਸੂਬਾ ਸਰਕਾਰ ਨੇ ਪਹਿਲਾਂ ਹੀ ਖਾਕਾ ਤਿਆਰ ਕਰ ਲਿਆ ਹੈ।


ਮੁੱਖ ਮੰਤਰੀ ਨੇ ਕਿਹਾ ਕਿ ਜਿਸ ਤਰ੍ਹਾਂ ਹਵਾਈ ਅੱਡਿਆਂ ‘ਤੇ ਰਨਵੇ ਹਵਾਈ ਜਹਾਜ਼ ਨੂੰ ਸਹੀ ਢੰਗ ਨਾਲ ਉਡਾਣ ਭਰਨ ਲਈ ਸਹਾਈ ਹੁੰਦਾ ਹੈ, ਉਸੇ ਤਰ੍ਹਾਂ ਸੂਬਾ ਸਰਕਾਰ ਨੌਜਵਾਨਾਂ ਨੂੰ ਉਨ੍ਹਾਂ ਦੇ ਸੁਪਨਿਆਂ ਨੂੰ ਸਾਕਾਰ ਕਰਨ ਵਿੱਚ ਮਦਦ ਕਰ ਰਹੀ ਹੈ। ਉਨ੍ਹਾਂ ਨੇ ਜ਼ੋਰ ਦੇ ਕੇ ਕਿਹਾ ਕਿ ਨੌਜਵਾਨਾਂ ਦੇ ਵਿਚਾਰਾਂ ਨੂੰ ਖੰਭ ਦੇਣ ਲਈ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ ਅਤੇ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਭਗਵੰਤ ਸਿੰਘ ਮਾਨ ਨੇ ਨੌਜਵਾਨਾਂ ਨੂੰ ਸਮਾਜ ਵਿੱਚ ਆਪਣੀ ਵੱਖਰੀ ਪਛਾਣ ਕਾਇਮ ਕਰਨ ਲਈ ਹਰ ਸੰਭਵ ਯਤਨ ਕਰਨ ਦੀ ਅਪੀਲ ਕੀਤੀ।


ਮੁੱਖ ਮੰਤਰੀ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਜਿੱਤ ‘ਤੇ ਰਸ਼ਕ ਨਾ ਕਰਨ ਸਗੋਂ ਨਿਮਰ ਹੋ ਕੇ ਕੰਮ ਕਰਨ ਅਤੇ ਹੋਰ ਸਫਲਤਾ ਹਾਸਲ ਕਰਨ ਲਈ ਸਖ਼ਤ ਮਿਹਨਤ ਕਰਨ। ਉਨ੍ਹਾਂ ਕਿਹਾ ਕਿ ਆਤਮ-ਵਿਸ਼ਵਾਸ ਅਤੇ ਸਾਕਾਰਾਤਮਕ ਪਹੁੰਚ ਹਰ ਵਿਅਕਤੀ ਦੀ ਸ਼ਖ਼ਸੀਅਤ ਦੇ ਮੂਲ ਗੁਣ ਹੋਣੇ ਚਾਹੀਦੇ ਹਨ ਪਰ ਇਸ ਵਿੱਚ ਕੋਈ ਹੰਕਾਰ ਨਹੀਂ ਹੋਣਾ ਚਾਹੀਦਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਖੇਤਰ ਵਿੱਚ ਸਫ਼ਲਤਾ ਦੀ ਸਕ੍ਰਿਪਟ ਲਿਖਣ ਲਈ ਇਹੀ ਕੁੰਜੀ ਹੈ ਅਤੇ ਇਸ ਨੂੰ ਸਹੀ ਮਾਅਨਿਆਂ ਵਿੱਚ ਲਾਗੂ ਕਰਨਾ ਚਾਹੀਦਾ ਹੈ।


ਮੁੱਖ ਮੰਤਰੀ ਨੇ ਆਪਣੇ ਕਾਲਜ ਦੇ ਦਿਨਾਂ ਨੂੰ ਯਾਦ ਕਰਦਿਆਂ ਕਿਹਾ ਕਿ ਯੁਵਕ ਮੇਲੇ ਨੌਜਵਾਨਾਂ ਦੀ ਸਮੁੱਚੀ ਸ਼ਖ਼ਸੀਅਤ ਨੂੰ ਨਿਖਾਰਨ ਲਈ ਮੰਚ ਵਜੋਂ ਭੂਮਿਕਾ ਅਦਾ ਕਰਦੇ ਹਨ। ਉਨ੍ਹਾਂ ਕਿਹਾ, “ਯੁਵਕ ਮੇਲਿਆਂ ਨੇ ਮੈਨੂੰ ਇਕ ਕਲਾਕਾਰ ਵਜੋਂ ਅਤੇ ਹੁਣ ਇਕ ਸਿਆਸਤਦਾਨ ਵਜੋਂ ਜ਼ਿੰਦਗੀ ਵਿੱਚ ਬੁਲੰਦੀ ਹਾਸਲ ਕਰਨ ਵਿੱਚ ਮਦਦ ਕੀਤੀ ਹੈ। ਨੌਜਵਾਨਾਂ ਨੂੰ ਵੀ ਆਪਣੀ ਸ਼ਖਸੀਅਤ ਵਿਕਾਸ ਲਈ ਇਨ੍ਹਾਂ ਮੰਚਾਂ ਦੀ ਢੁਕਵੀਂ ਵਰਤੋਂ ਕਰਨੀ ਚਾਹੀਦੀ ਹੈ।”


ਆਪਣੇ ਕਾਲਜ ਦੇ ਦਿਨਾਂ ਨੂੰ ਚੇਤੇ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੇ ਵੱਖ-ਵੱਖ ਯੁਵਕ ਮੇਲਿਆਂ ਵਿੱਚ ਪ੍ਰਦਰਸ਼ਨ ਕੀਤਾ ਅਤੇ ਕਾਲਜ ਲਈ ਟਰਾਫੀਆਂ ਜਿੱਤੀਆਂ। ਭਗਵੰਤ ਸਿੰਘ ਮਾਨ ਨੇ ਕਿਹਾ, “ਜਿੱਤਣਾ ਹੀ ਮੇਰਾ ਇਕੋ-ਇਕ ਜਨੂੰਨ ਹੈ ਅਤੇ ਜਿੱਤ ਲਈ ਮੈਂ ਹਮੇਸ਼ਾ ਸਕਾਰਾਤਮਕ ਸੋਚ ਰੱਖੀ ਹੈ। ਨੌਜਵਾਨਾਂ ਨੂੰ ਵੀ ਦ੍ਰਿੜਤਾ ਨਾਲ ਕੰਮ ਕਰਨ ਅਤੇ ਮਿਹਨਤ ਵਿੱਚ ਵਿਸ਼ਵਾਸ ਰੱਖਣਾ ਚਾਹੀਦਾ ਹੈ ਕਿਉਂਕਿ ਇਹੀ ਸਫਲਤਾ ਦੀ ਕੁੰਜੀ ਹੈ।”


ਮੁੱਖ ਮੰਤਰੀ ਨੇ ਕਿਹਾ ਕਿ ਇਹ ਕਾਲਜ ਉਨ੍ਹਾਂ ਨੂੰ ਸਫਲ ਅਤੇ ਵਧੀਆ ਇਨਸਾਨ ਬਣਨ ਦਾ ਮੰਚ ਪ੍ਰਦਾਨ ਕਰਦਾ ਹੈ। ਕਾਲਜ ਪ੍ਰਬੰਧਕਾਂ ਵੱਲੋਂ ਕੀਤੀਆਂ ਜਾ ਰਹੀਆਂ ਮੰਗਾਂ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਫੰਡਾਂ ਦੀ ਕੋਈ ਕਮੀ ਨਹੀਂ ਹੈ ਕਿਉਂਕਿ ਸਰਕਾਰ ਦਾ ਮੁੱਖ ਏਜੰਡਾ ਸਿੱਖਿਆ ਦਾ ਪਾਸਾਰ ਕਰਨਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਡਿਜੀਟਲ ਲਾਇਬ੍ਰੇਰੀ, ਅੱਠ ਕਮਰੇ, ਇਨਡੋਰ ਸਟੇਡੀਅਮ ਅਤੇ ਹੋਰ ਮੰਗਾਂ ਵੀ ਜਲਦ ਪੂਰੀਆਂ ਕੀਤੀਆਂ ਜਾਣਗੀਆਂ।

dawn punjab
Author: dawn punjab

Leave a Comment

RELATED LATEST NEWS